ਅਬੋਹਰ ਗੋਲੀ ਕਾਂਡ: ਪਰਿਵਾਰ ਵੱਲੋਂ ਵਿਧਾਨ ਸਭਾ ਦੇ ਬਾਹਰ ਧਰਨਾ
ਚੰਡੀਗੜ੍ਹ, 23 ਅਕਤੂਬਰ – ਅਬੋਹਰ ਦੇ ਸੰਤ ਨਗਰ ਦੇ ਗੋਲੀ ਕਾਂਡ ’ਚ ਮਾਰੇ ਗਏ ਨੌਜਵਾਨ ਅਜੈ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਉਸ ਦੀ ਮਾਤਾ ਮੰਜੂ ਅਤੇ ਭੈਣ ਸਿਮਰਨਜੋਤ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਪਹੁੰਚੇ। ਉਨ੍ਹਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਅਜੈ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮ੍ਰਿਤਕ ਅਜੈ ਦੀ ਮਾਤਾ ਮੰਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 27 ਸਤੰਬਰ ਨੂੰ ਅਜੈ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ ਅਤੇ ਇਲਾਜ ਦੌਰਾਨ ਡੀ ਐੱਮ ਸੀ ਲੁਧਿਆਣਾ ਵਿੱਚ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅਜੈ ਨੇ ਮੌਤ ਤੋਂ ਪਹਿਲਾਂ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਸਨ। ਇਸ ਦੇ ਬਾਵਜੂਦ ਪੁਲੀਸ ਨੇ ਨਾ ਤਾਂ ਕੇਸ ਦਰਜ ਕੀਤਾ ਅਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨ ਕਰ ਰਹੀਆਂ ਮਾਵਾਂ-ਧੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਮ੍ਰਿਤਕ ਵੱਲੋਂ ਮਰਨ ਤੋਂ ਪਹਿਲਾਂ ਪੁਲੀਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਅਸਲ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਹਰ ਰੋਜ਼ ਇਸ ਪਰਿਵਾਰ ਨੂੰ ਵਿਧਾਨ ਸਭਾ ਦੇ ਬਾਹਰ ਲੈ ਕੇ ਆਉਣਗੇ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ। ਸ੍ਰੀ ਜਾਖੜ ਨੇ ਕਿਹਾ ਕਿ ਸਾਲ 2015 ਵਿੱਚ ਵਾਪਰੇ ਭੀਮ ਕਤਲ ਕਾਂਡ ਦੌਰਾਨ ਅਜੈ ਦੇ ਭਰਾ ਵੱਲੋਂ ਗਵਾਹੀ ਦਿੱਤੀ ਗਈ ਸੀ, ਜਿਸ ਦੇ ਆਧਾਰ ’ਤੇ 20 ਸਾਲ ਦੀ ਸਜ਼ਾ ਹੋਈ ਸੀ। ਜਦੋਂ ਕਿ ਦੋਸ਼ੀ ਦੇ ਜ਼ਮਾਨਤ ’ਤੇ ਆਉਣ ਤੋਂ ਬਾਅਦ ਹੀ ਅਜੈ ਦਾ ਕਤਲ ਹੋਇਆ। ਸ੍ਰੀ ਜਾਖੜ ਨੇ ਮੰਗ ਕੀਤੀ ਕਿ ਮ੍ਰਿਤਕ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜਿਹੜੇ ਵੀ ਵਿਅਕਤੀ ਇਸ ਕਤਲ ਵਿੱਚ ਸ਼ਾਮਲ ਪਾਏ ਜਾਣ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
Share this content:



Post Comment