Loading Now

ਅਮਰਜੀਤ ਸਿੰਘ ਚਾਵਲਾ ਵਿਰੁੱਧ ਮਾਮਲੇ ਤੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ

ਅਮਰਜੀਤ ਸਿੰਘ ਚਾਵਲਾ ਵਿਰੁੱਧ ਮਾਮਲੇ ਤੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ

 

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਹੋਏ ਅਪਰਾਧਿਕ ਮਾਮਲੇ ਅਤੇ ਉਨ੍ਹਾਂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸਿਵਲ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਪਿੰਡ ਕੁਲਗੜ੍ਹ (ਸ੍ਰੀ ਅਨੰਦਪੁਰ ਸਾਹਿਬ) ਦੇ ਵਸਨੀਕ ਹਰਜਿੰਦਰ ਸਿੰਘ ਵੱਲੋਂ ਐਡਵੋਕੇਟ ਬਲਬੀਰ ਸਿੰਘ ਸੇਵਕ ਰਾਹੀਂ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਗੁਰਦੁਆਰਾ ਐਕਟ, 1925 ਦੀ ਧਾਰਾ 67 ਤਹਿਤ ਅਮਰਜੀਤ ਸਿੰਘ ਚਾਵਲਾ ਵੱਲੋਂ 16 ਸਤੰਬਰ 2026 ਨੂੰ ਭੇਜੇ ਗਏ ਅਸਤੀਫ਼ੇ ’ਤੇ ਤੁਰੰਤ ਅਤੇ ਕਾਨੂੰਨ ਅਨੁਸਾਰ ਫ਼ੈਸਲਾ ਲੈਣ ਦੇ ਹੁਕਮ ਜਾਰੀ ਕੀਤੇ ਜਾਣ।

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕਰਨ ਦੀ ਮੰਗ ਕੀਤੀ ਗਈ ਹੈ ਕਿ ਥਾਣਾ ਅਨੰਦਪੁਰ ਸਾਹਿਬ ਵਿਖੇ ਦਰਜ ਐਫਆਈਆਰ ਨੰਬਰ 149 (ਮਿਤੀ 21 ਅਗਸਤ 2026) ਦੀ ਨਿਰਪੱਖ, ਪਾਰਦਰਸ਼ੀ ਅਤੇ ਤੇਜ਼ੀ ਨਾਲ ਜਾਂਚ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਪਟੀਸ਼ਨ ਵਿੱਚ ਚਾਵਲਾ ਖ਼ਿਲਾਫ਼ ਲੁੱਕ-ਆਊਟ ਸਰਕੂਲਰ (LOC) ਜਾਰੀ ਕਰਨ ਦੀ ਗੁਜ਼ਾਰਿਸ਼ ਵੀ ਕੀਤੀ ਗਈ ਹੈ।

ਪਟੀਸ਼ਨ ਵਿੱਚ ਲਗਾਏ ਗਏ ਦੋਸ਼ਾਂ ਅਨੁਸਾਰ, ਬਹਿਰੀਨ ਤੋਂ ਆਈ ਇੱਕ ਮਹਿਲਾ ਸ਼ਰਧਾਲੂ ਦੀ ਸ਼ਿਕਾਇਤ ’ਤੇ ਥਾਣਾ ਅਨੰਦਪੁਰ ਸਾਹਿਬ ਵਿਖੇ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਬਲਾਤਕਾਰ, ਗੈਰ-ਕਾਨੂੰਨੀ ਢੰਗ ਨਾਲ ਬੰਦੀ ਬਣਾਉਣ ਅਤੇ ਧਮਕਾਉਣ ਦੇ ਦੋਸ਼ਾਂ ਹੇਠ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ/ਬੀਐਨਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਐਫਆਈਆਰ ਦਰਜ ਹੋਣ ਦੇ ਬਾਵਜੂਦ ਪੁਲਿਸ ਨੇ ਲੋੜੀਂਦੀ ਤੇਜ਼ੀ ਨਹੀਂ ਦਿਖਾਈ, ਜਿਸ ਦੌਰਾਨ ਕਥਿਤ ਤੌਰ ’ਤੇ ਮੁਲਜ਼ਮ ਕੈਨੇਡਾ ਚਲਾ ਗਿਆ।

ਵਿਵਾਦ ਵਧਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ 16 ਸਤੰਬਰ 2026 ਨੂੰ ਵਟਸਐਪ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ। ਚਾਵਲਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਆਪਣੇ ਖ਼ਿਲਾਫ਼ ਸਾਜ਼ਿਸ਼ ਕਰਾਰ ਦਿੱਤਾ ਸੀ। ਹਾਲਾਂਕਿ, ਪਟੀਸ਼ਨਕਰਤਾ ਅਨੁਸਾਰ ਐਸਜੀਪੀਸੀ ਪ੍ਰਧਾਨ ਨੂੰ 17 ਸਤੰਬਰ ਨੂੰ ਮੰਗ ਪੱਤਰ ਭੇਜਣ ਦੇ ਬਾਵਜੂਦ ਅਸਤੀਫ਼ਾ ਪ੍ਰਵਾਨ ਕਰਨ ਸੰਬੰਧੀ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ, ਪਟੀਸ਼ਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਮਰਯਾਦਾ ਦੀ ਉਲੰਘਣਾ ਦੇ ਦੋਸ਼ ਹੇਠ ਅਮਰਜੀਤ ਸਿੰਘ ਚਾਵਲਾ ਨੂੰ ਪੰਥ ’ਚੋਂ ਛੇਕਣ ਦੇ ਹਾਲੀਆ ਫ਼ੈਸਲੇ ਦਾ ਵੀ ਹਵਾਲਾ ਦਿੱਤਾ ਗਿਆ ਹੈ।
ਹਾਈਕੋਰਟ ਵਿੱਚ ਦਾਇਰ ਇਸ ਰਿੱਟ ਪਟੀਸ਼ਨ ’ਤੇ ਆਉਣ ਵਾਲੇ ਦਿਨਾਂ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ।

Share this content:

Post Comment