ਆਂਗਣਵਾੜੀ ਵਰਕਰਾਂ ਵੱਲੋਂ ਐੱਮਪੀ ਹਰਭਜਨ ਸਿੰਘ ਦੇ ਘਰ ਬਾਹਰ ਰੋਸ ਮੁਜ਼ਾਹਰਾ
ਜਲੰਧਰ – 7 ਅਕਤੂਬਰ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੇ ਦੇਸ਼-ਵਿਆਪੀ ਸੱਦੇ ’ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੀ ਜਲੰਧਰ ਸਥਿਤ ਰਿਹਾਇਸ਼ ਅੱਗੇ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸੈਂਕੜੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਰਹੀਆਂ ਮੰਗਾਂ ਨੂੰ ਸੰਸਦ ਵਿੱਚ ਚੁੱਕਣ ਦੀ ਅਪੀਲ ਕੀਤੀ। ਮੁਜ਼ਾਹਰੇ ਦੀ ਅਗਵਾਈ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਅਤੇ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕੀਤੀ। ਇਸ ਦੌਰਾਨ ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਆਂਗਣਵਾੜੀ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਅਤੇ ਸ਼ੋਸ਼ਣ ਕਰਦੀ ਆ ਰਹੀ ਹੈ। ਸਾਲ 2018 ਵਿੱਚ ਕੇਂਦਰ ਵੱਲੋਂ ਮਾਣਭੱਤੇ ਵਿੱਚ ਨਾਂਹ ਦੇ ਬਰਾਬਰ ਵਾਧਾ ਕੀਤਾ ਗਿਆ ਸੀ, ਪਰ ਉਸ ਤੋਂ ਬਾਅਦ ਲਗਾਤਾਰ ਵਧ ਰਹੀ ਮਹਿੰਗਾਈ ਦੇ ਬਾਵਜੂਦ ਕੋਈ ਵਾਧਾ ਨਹੀਂ ਕੀਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ‘ਪੋਸ਼ਣ ਮੁਹਿੰਮ’ ਅਤੇ ‘ਪੋਸ਼ਣ ਮਾਹ’ ਵਰਗੀਆਂ ਅਹਿਮ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦੀਆਂ ਹਨ ਪਰ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਸਰਕਾਰ ਵੱਲੋਂ ਜ਼ਰੂਰੀ ਫੰਡ ਮੁਹੱਈਆ ਨਹੀਂ ਕਰਵਾਏ ਜਾਂਦੇ। ਇਸ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਵਾਧੂ ਕੰਮਾਂ ਦਾ ਬੋਝ ਵੀ ਥੋਪਿਆ ਜਾਂਦਾ ਹੈ ਅਤੇ ਕੰਮ ਪੂਰਾ ਨਾ ਹੋਣ ’ਤੇ ਨੋਟਿਸ ਜਾਰੀ ਕਰ ਕੇ ਮਾਨਸਿਕ ਦਬਾਅ ਬਣਾਇਆ ਜਾਂਦਾ ਹੈ। ਯੂਨੀਅਨ ਆਗੂਆਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਜਾਇਜ਼ ਮੰਗਾਂ ਨੂੰ ਸੰਸਦ ’ਚ ਪੁਰਜ਼ੋਰ ਢੰਗ ਨਾਲ ਚੁੱਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਆਂਗਣਵਾੜੀ ਵਰਕਰ ਤੇ ਹੈਲਪਰ ਪਹਿਲੀ ਅਤੇ 2 ਦਸੰਬਰ ਨੂੰ ਦਿੱਲੀ ਵਿੱਚ ਵਿਸ਼ਾਲ ਪ੍ਰਦਰਸ਼ਨ ਕਰਨਗੇ।
Share this content:



Post Comment