Loading Now

ਐੱਸ ਆਈ ਆਰ ਨੂੰ ਲਾ ਕੇ ਸੁਪਰੀਮ ਕੋਰਟ ਵੱਲੋਂ ਗਿਆਨੇਸ਼ ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ

ਐੱਸ ਆਈ ਆਰ ਨੂੰ ਲਾ ਕੇ ਸੁਪਰੀਮ ਕੋਰਟ ਵੱਲੋਂ ਗਿਆਨੇਸ਼ ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ

ਨਵੀਂ ਦਿੱਲੀ – 16 ਅਕਤੂਬਰ ਸੁਪਰੀਮ ਕੋਰਟ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ’ਚ ਬੇਨਿਯਮੀਆਂ ਅਤੇ ਵੱਡੇ ਪੱਧਰ ’ਤੇ ਵੋਟਰਾਂ ਦੇ ਨਾਮ ਕੱਟੇ ਜਾਣ ਦੇ ਮਾਮਲੇ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ 12 ਹੋਰ ਆਗੂਆਂ ਵੱਲੋਂ ਦਾਖ਼ਲ ਅਰਜ਼ੀ ’ਤੇ ਚੋਣ ਕਮਿਸ਼ਨ ਅਤੇ ਉਸ ਦੇ ਮੁਖੀ ਗਿਆਨੇਸ਼ ਕੁਮਾਰ ਤੋਂ ਜਵਾਬ ਮੰਗੇ ਹਨ। ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਹੇਠਲੇ ਬੈਂਚ ਨੇ ਚੋਣ ਕਮਿਸ਼ਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੂੰ ਨੋਟਿਸ ਜਾਰੀ ਕੀਤੇ ਹਨ।

ਰਾਹੁਲ ਤੋਂ ਇਲਾਵਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਤ੍ਰਿਣਮੂਲ ਸੰਸਦ ਮੈਂਬਰ ਸੌਗਾਤਾ ਰਾਏ, ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ, ਆਰ ਜੇ ਡੀ ਆਗੂ ਤੇਜਸਵੀ ਪ੍ਰਸਾਦ ਯਾਦਵ, ਐੱਨ ਸੀ ਪੀ (ਸ਼ਰਦ ਪਵਾਰ) ਆਗੂ ਸੁਪ੍ਰਿਆ ਸੂਲੇ, ਸ਼ਿਵ ਸੈਨਾ-ਯੂ ਬੀ ਟੀ ਆਗੂ ਸੰਜੈ ਰਾਊਤ, ਸੀ ਪੀ ਆਈ ਦੇ ਡੀ ਰਾਜਾ ਅਤੇ ਕੁਝ ਹੋਰ ਆਗੂ ਅਰਜ਼ੀ ’ਚ ਸਹਿ-ਪਟੀਸ਼ਨਰ ਹਨ। ਜਿਉਂ ਹੀ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਸੁਣਵਾਈ ਸ਼ੁਰੂ ਹੋਈ ਤਾਂ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਆਪਣੀਆਂ ਦਲੀਲਾਂ ਸ਼ੁਰੂ ਕਰਦਿਆਂ ਕਿਹਾ ਕਿ ਇਹ ਮਾਮਲਾ ਚੋਣ ਕਮਿਸ਼ਨ ਵੱਲੋਂ ਸਮੂਹਿਕ ਤੌਰ ’ਤੇ ਫ਼ੈਸਲੇ ਨਾ ਲੈਣ ਅਤੇ ਫਾਰਮ 6 ’ਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਬੈਂਚ ਨੂੰ ਦੱਸਿਆ ਕਿ ਉਹ ਇਸ ਕੇਸ ’ਚ ਰਾਹੁਲ ਗਾਂਧੀ ਵੱਲੋਂ ਪੇਸ਼ ਹੋ ਰਹੇ ਹਨ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸਵਾਲ ਕੀਤਾ ਕਿ ਇਸ ਕੇਸ ’ਚ ਰਾਹੁਲ ਤਰਫ਼ੋਂ ਦੋਹਾਂ ਵੱਲੋਂ ਕੌਣ ਪੇਸ਼ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਅਰਜ਼ੀ ’ਚ ਮੰਗ ਕੀਤੀ ਗਈ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੌਰਾਨ ਵੋਟਰਾਂ ਦੇ ਕੱਟੇ ਗਏ ਨਾਵਾਂ ਅਤੇ ਸੋਧਾਂ ਦਾ ਨਿਰਪੱਖ ਆਡਿਟ ਕਰਨ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਅਤੇ ਤਕਨੀਕੀ ਮਾਹਿਰਾਂ ਤੇ ਹੋਰ ਪਤਵੰਤਿਆਂ ਦੀ ਸਹਾਇਤਾ ਨਾਲ ਆਜ਼ਾਦ ਕਮੇਟੀ ਬਣਾਈ ਜਾਵੇ ਜੋ ਤੈਅ ਸਮੇਂ ’ਚ ਇਹ ਕੰਮ ਪੂਰਾ ਕਰੇ।

ਅਰਜ਼ੀ ’ਚ ਇਹ ਹਦਾਇਤ ਦੇਣ ਦੀ ਮੰਗ ਵੀ ਕੀਤੀ ਗਈ ਹੈ ਕਿ ਕਾਨੂੰਨ ਮੁਤਾਬਕ ਨੋਟਿਸ ਅਤੇ ਸੁਣਵਾਈ ਦਾ ਵਾਜਬ ਮੌਕਾ ਦਿੱਤੇ ਬਿਨਾਂ ਵੋਟਰ ਸੂਚੀਆਂ ਵਿੱਚੋਂ ਕਿਸੇ ਵੀ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਅਤੇ ਹੋਰ ਚੋਣਾਂ ਵਾਲੇ ਸੂਬਿਆਂ ਵਿੱਚ ਯੋਗ ਵਿਅਕਤੀਆਂ ਨੂੰ ਕਾਨੂੰਨ ਵੱਲੋਂ ਮਨਜ਼ੂਰਸ਼ੁਦਾ ਆਖ਼ਰੀ ਮਿਤੀ ਤੱਕ ਵੋਟਰ ਸੂਚੀਆਂ ’ਚ ਆਪਣੇ ਨਾਮ ਸ਼ਾਮਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਇਲਾਵਾ ਐੱਸ ਆਈ ਆਰ ਨੂੰ ਮੁਅੱਤਲ ਕਰਨ ਸਬੰਧੀ ਅੰਤਰਿਮ ਹੁਕਮ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ ਹੈ।

ਨਿਆਂਪਾਲਿਕਾ ਨੂੰ ਕੋਈ ਡਰਾ-ਧਮਕਾ ਨਹੀਂ ਸਕਦਾ: ਚੀਫ ਜਸਟਿਸ

ਨਵੀਂ ਦਿੱਲੀ: ਚੀਫ ਜਸਟਿਸ ਸੂਰਿਆ ਕਾਂਤ ਨੇ ਵੀਰਵਾਰ ਨੂੰ ਕਿਹਾ ਕਿ ਨਿਆਂਪਾਲਿਕਾ ਨੂੰ ਕੋਈ ਵੀ ਡਰਾ-ਧਮਕਾ ਨਹੀਂ ਸਕਦਾ ਅਤੇ ਅਦਾਲਤ ਜਾਣਦੀ ਹੈ ਕਿ ਬਾਹਰ ਕੀ ਬਿਆਨ ਦਿੱਤੇ ਜਾ ਰਹੇ ਹਨ। ਜਸਟਿਸ ਸੂਰਿਆ ਕਾਂਤ ਨੇ ਇਹ ਗੱਲ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਕਈ ਹੋਰ ਆਗੂਆਂ ਵੱਲੋਂ 12 ਅਕਤੂਬਰ ਨੂੰ ਸੁਪਰੀਮ ਕੋਰਟ ਤੱਕ ਕੀਤੇ ਗਏ ਮਾਰਚ ਨਾਲ ਜੁੜੀ ਅਰਜ਼ੀ ’ਤੇ ਸੁਣਵਾਈ ਦੌਰਾਨ ਆਖੀ। ਚੀਫ ਜਸਟਿਸ ਅਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਸਿਖਰਲੀ ਅਦਾਲਤ ਤੱਕ ਮਾਰਚ ਕਰਨ ਖ਼ਿਲਾਫ਼ ਦਾਖ਼ਲ ਅਰਜ਼ੀ ’ਤੇ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਮਹੂਆ ਮੋਇਤਰਾ, ਕਾਂਗਰਸ ਪਾਰਟੀ, ਕੇਰਲਮ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਹਨ। -ਪੀਟੀਆਈ

ਜੰਤਰ ਮੰਤਰ ਮਾਮਲੇ ’ਤੇ ਕੇਂਦਰ ਤੇ ਪੁਲੀਸ ਨੂੰ ਨੋਟਿਸ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜੰਤਰ ਮੰਤਰ ’ਤੇ ਵਿਖਾਵਿਆਂ ਵਾਲੀ ਥਾਂ ਦਾ ਦਰਜਾ ਵਾਪਸ ਲੈਣ ਅਤੇ ਮੁਜ਼ਾਹਰਿਆਂ ਲਈ ਤਿੰਨ ਬਦਲਵੇਂ ਸਥਾਨ ਤੈਅ ਕਰਨ ਵਾਲੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮੁਜ਼ਾਹਰਿਆਂ ਨਾਲ ਸਬੰਧਤ ਸੀ ਸੀ ਟੀ ਵੀ ਫੁਟੇਜ ਸਾਂਭ ਕੇ ਰੱਖਣ ਦੇ ਵੀ ਹੁਕਮ ਦਿੱਤੇ ਹਨ। ਬੈਂਚ ਨੇ ਕਿਹਾ ਕਿ ਅਦਾਲਤ ਇਸ ਗੱਲ ਦੀ ਪੜਤਾਲ ਕਰੇਗੀ ਕਿ ਕੀ ਅਧਿਕਾਰੀਆਂ ਨੇ ਮੁਜ਼ਾਹਰਿਆਂ ਵਾਲੀ ਥਾਂ ਵਜੋਂ ਜੰਤਰ ਮੰਤਰ ਦੀ ਵਰਤੋਂ ਅਤੇ ਉਸ ਦੀ ਅਹਿਮੀਅਤ ਬਾਰੇ ਸਹੀ ਢੰਗ ਨਾਲ ਵਿਚਾਰ ਕੀਤਾ ਜਾਂ ਨਹੀਂ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਦੀ ਮਾਣਹਾਨੀ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਡੀ ਐੱਮ ਆਰ ਸੀ ਅਤੇ ਦਿੱਲੀ ਪੁਲੀਸ ਵੱਲੋਂ ਪੇਸ਼ ਕੀਤੀ ਗਈ ਬਿਨਾਂ ਸ਼ਰਤ ਮੁਆਫ਼ੀ ਦਾ ਵੀ ਹਵਾਲਾ ਦਿੱਤਾ ਅਤੇ ਦਲੀਲ ਦਿੱਤੀ ਕਿ ਬਿਨਾਂ ਸ਼ਰਤ ਮੁਆਫ਼ੀ ਮੰਗਣ ਦਾ ਇਹ ਮਤਲਬ ਨਹੀਂ ਹੈ ਕਿ ਕਾਰਵਾਈ ਦਾ ਬਚਾਅ ਨਹੀਂ ਕੀਤਾ ਜਾ ਸਕਦਾ। ਬੈਂਚ ਨੇ ਕਿਹਾ ਕਿ ਉਹ ਮੀਡੀਆ ਰਿਪੋਰਟਾਂ ਦਾ ਕੋਈ ਨੋਟਿਸ ਨਹੀਂ ਲੈ ਰਿਹਾ ਹੈ ਕਿ ਅਧਿਕਾਰੀਆਂ ਨੇ ਅਦਾਲਤ ਸਾਹਮਣੇ ਮੁਆਫ਼ੀਆਂ ਮੰਗੀਆਂ ਹਨ।

Share this content:

Post Comment