Loading Now

ਦਿੱਲੀ ਹਾਈ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

ਦਿੱਲੀ ਹਾਈ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 25 ਨਵੰਬਰ – ਦਿੱਲੀ ਹਾਈ ਕੋਰਟ ਨੇ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਲਾਂਘਾ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਜੋ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਵਿਸ਼ਰਾਮ ਅਸਥਾਨ ਹੈ, ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਇਹ ਲਾਂਘਾ 7 ਮਈ, 2025 ਤੋਂ ਬੰਦ ਹੈ। ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਉਹ ਸਰਕਾਰ ਦੇ ਨੀਤੀਗਤ ਫ਼ੈਸਲੇ ਵਿੱਚ ਦਖ਼ਲ ਨਹੀਂ ਦੇ ਸਕਦਾ। ਬੈਂਚ ਨੇ ਨੋਟ ਕੀਤਾ, “ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਲਾਂਘਾ ਚਾਲੂ ਕੀਤਾ ਗਿਆ ਸੀ।

ਹਾਲਾਂਕਿ, ਰਿਕਾਰਡ ਤੋਂ ਪਤਾ ਲੱਗਦਾ ਹੈ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਵੱਲੋਂ 7 ਮਈ, 2025 ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕਰਨ ਦਾ ਨੀਤੀਗਤ ਫ਼ੈਸਲਾ ਲਿਆ ਗਿਆ ਸੀ। ਅਜਿਹਾ ਫ਼ੈਸਲਾ ਭਾਰਤ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ ਲਿਆ ਗਿਆ ਹੈ। ਬੈਂਚ ਨੇ ਅੱਗੇ ਕਿਹਾ, “ਉਪਰੋਕਤ ਨੀਤੀਗਤ ਫ਼ੈਸਲੇ ਦੇ ਮੱਦੇਨਜ਼ਰ, ਸਾਨੂੰ ਅਸਾਧਾਰਨ ਰਿਟ ਅਧਿਕਾਰ ਖੇਤਰ ਤਹਿਤ ਇਸ ਵਿੱਚ ਕੋਈ ਦਖ਼ਲ ਦੇਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ।” ਹਾਲਾਂਕਿ, ਬੈਂਚ ਨੇ ਉਮੀਦ ਜਤਾਈ ਕਿ ਸਰਕਾਰ ਆਪਣੇ ਕੋਲ ਬਕਾਇਆ ਪਈ ਪਟੀਸ਼ਨ ’ਤੇ ਗੌਰ ਕਰੇਗੀ। ਅਦਾਲਤ ਨੇ ਕਿਹਾ, “ਉਪਰੋਕਤ ਖੁੱਲ੍ਹ (ਆਜ਼ਾਦੀ) ਦੇ ਨਾਲ ਪਟੀਸ਼ਨ ਦਾ ਨਿਪਟਾਰਾ ਕੀਤਾ ਜਾਂਦਾ ਹੈ।” ਅਦਾਲਤ ਨੇ ਇਹ ਹੁਕਮ ਗ਼ੈਰ-ਸਰਕਾਰੀ ਸੰਗਠਨ (NGO) ‘ਪਾਰਦਰਸ਼ਤਾ ਪਬਲਿਕ ਵੈੱਲਫੇਅਰ ਫਾਊਂਡੇਸ਼ਨ’ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਾਇਆ।

Share this content:

Post Comment