ਕਰਤਾਰ ਸਿੰਘ ਸਰਾਭਾ ਸਮੇਤ ਸਾਥੀ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਗੁਰੂਸਰ ਸੁਧਾਰ, 17 ਨਵੰਬਰ- ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ, ਸੁਰੈਣ ਸਿੰਘ (ਵੱਡਾ), ਸੁਰੈਣ ਸਿੰਘ (ਛੋਟਾ) ਅਤੇ ਬਖ਼ਸ਼ੀਸ਼ ਸਿੰਘ ਨੂੰ ਪਿੰਡ ਸਰਾਭਾ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ’ਤੇ ਹਾਰ ਪਾ ਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਵਿਚਾਰਧਾਰਾ ਤੋਂ ਸੇਧ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਕੁਲਦੀਪ ਸਿੰਘ ਗਰੇਵਾਲ ਅਤੇ ਰਾਜਵੀਰ ਸਿੰਘ ਕਿਲਾ ਰਾਏਪੁਰ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਅਜੇ ਵੀ ਮੰਡੀਆਂ ਵਿੱਚ ਪਿਆ ਹੈ। ਖ਼ਰੀਦ ਸਬੰਧੀ ਦਿੱਕਤਾਂ ਕਾਰਨ ਕਿਸਾਨ ਖ਼ੁਆਰ ਹੋ ਰਹੇ ਹਨ। ਇਸ ਮੌਕੇ ਡਾ. ਜਸਮੇਲ ਸਿੰਘ ਲਲਤੋਂ, ਡਾ. ਕੇਸਰ ਸਿੰਘ ਧਾਂਦਰਾ, ਡਾ. ਮਨਪ੍ਰੀਤ ਕੌਰ ਸੋਨੀ, ਡਾ. ਜਸਵਿੰਦਰ ਕੌਰ ਬਾੜੇਵਾਲ, ਸਾਬਕਾ ਹਾਕੀ ਖਿਡਾਰੀ ਨਛੱਤਰ ਸਿੰਘ ਆਦਿ ਹਾਜ਼ਰ ਸਨ।
Share this content:



Post Comment