Loading Now

ਕਾਂਗਰਸ ਵੱਲੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ

ਕਾਂਗਰਸ ਵੱਲੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ

ਚੰਡੀਗੜ੍ਹ, 12 ਨਵੰਬਰ – ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਅੱਜ ਇਥੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਬੱਸ ਵਿੱਚ ਸਵਾਰ ਹੋ ਕੇ ਰੈਲੀ ਦੀ ਸ਼ੁਰੂਆਤ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨਾਲ ਬੇਇਨਸਾਫ਼ੀ ਦਾ ਹਿਸਾਬ ਲਿਆ ਜਾਵੇਗਾ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੱਖ-ਵੱਖ ਖੇਤਰਾਂ ਵਿੱਚ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਕਿ ਪੰਜਾਬ ਵਿੱਚ ਨਸ਼ਿਆਂ, ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ ਜਾਵੇ। ਕਾਂਗਰਸ ਦਾ ਮਕਸਦ ਸਿਰਫ਼ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨਾ ਹੀ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਣ ਲਈ ਸਪੱਸ਼ਟ ਵਿਜ਼ਨ ਤਿਆਰ ਕਰਨਾ ਵੀ ਹੈ।

ਇਸ ਲਈ ਸੂਬੇ ਦੇ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਮਾਹਿਰਾਂ, ਉਦਯੋਗਪਤੀਆਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ, ਔਰਤਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਹਰ ਵਰਗ ਤੱਕ ਪਹੁੰਚ ਕਰ ਕੇ ਪੁੱਛਿਆ ਜਾਵੇਗਾ ਕਿ ਉਹ ਪੰਜਾਬ ਦੇ ਭਵਿੱਖ ਨੂੰ ਕਿਸ ਰੂਪ ਵਿੱਚ ਦੇਖਦਾ ਹੈ ਅਤੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਝਾਅ ਲਏ ਜਾਣਗੇ, ਜਿਨ੍ਹਾਂ ਨੂੰ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਪੰਜਾਬ ਮੰਗਦਾ ਇਨਸਾਫ਼’ ਸਿਰਫ਼ ਸਿਆਸੀ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਦੀ ਲੜਾਈ ਹੈ। ਕਾਂਗਰਸ ਪੰਜਾਬ ਨਾਲ ਜੁੜੇ ਹਰ ਵਰਗ ਨੂੰ ਨਾਲ ਲੈ ਕੇ ‘ਆਪ’ ਸਰਕਾਰ ਤੋਂ ਜਵਾਬ ਮੰਗੇਗੀ ਅਤੇ 2027 ਲਈ ਲੋਕਾਂ ਦੇ ਸੁਝਾਵਾਂ ’ਤੇ ਆਧਾਰਿਤ ਵਿਕਾਸ ਦਾ ਰੋਡਮੈਪ ਪੇਸ਼ ਕਰੇਗੀ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।

Share this content:

Post Comment