Loading Now

ਕਿਰਤ ਕੋਡਾਂ ਦੀ ਹਕੀਕਤ / ਕੇਸਰ ਸਿੰਘ ਭੰਗੂ

ਕਿਰਤ ਕੋਡਾਂ ਦੀ ਹਕੀਕਤ / ਕੇਸਰ ਸਿੰਘ ਭੰਗੂ

ਕੇਂਦਰ ਸਰਕਾਰ ਵੱਲੋਂ 21 ਨਵੰਬਰ 2025 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਦੇਸ਼ ਦੀ ਪਾਰਲੀਮੈਂਟ ਵੱਲੋਂ 2019 ਅਤੇ 2020 ਵਿੱਚ ਪਾਸ ਕੀਤੇ ਚਾਰ ਕਿਰਤ ਕੋਡ ਪਹਿਲੀ ਅਪਰੈਲ 2026 ਤੋਂ ਪੂਰਨ ਰੂਪ ਵਿੱਚ ਲਾਗੂ ਹੋ ਜਾਣਗੇ। ਇਸ ਦੇ ਵਿਰੋਧ ਵਿੱਚ ਬਹੁਤ ਸਾਰੀਆਂ ਮਜ਼ਦੂਰ ਯੂਨੀਅਨਾਂ ਅਤੇ ਸੰਗਠਨਾਂ ਨੇ ਪਹਿਲੀ ਅਪਰੈਲ 2026 ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਵੀ ਕੀਤਾ ਹੈ। ਇਥੇ ਜ਼ਿਕਰ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਪਿੱਛੇ ਜਿਹੇ ਦੇਸ਼ ਦੇ ਦੋ ਬਹੁਤ ਵੱਡੇ ਕਾਰਪੋਰੇਟ ਘਰਾਣਿਆਂ ਦੇ ਮਾਲਕਾਂ (ਸੰਚਾਲਕਾਂ) ਨੇ ਦੇਸ਼ ਦੀ ਵਧੇਰੇ ਆਰਥਿਕ ਤਰੱਕੀ ਲਈ ਕਾਮਿਆਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹਫ਼ਤੇ ਵਿੱਚ 70 ਤੋਂ 90 ਘੰਟੇ ਕੰਮ ਕਰਨ ਦੀ ਵਕਾਲਤ ਕੀਤੀ ਸੀ।

ਦੁਨੀਆ ਭਰ ਦੇ ਕਿਰਤੀਆਂ ਨੇ ਉਨ੍ਹਾਂ ਦਾ ਸਾਮਰਾਜੀ ਅਤੇ ਪੂੰਜੀਪਤੀ ਮਾਲਕਾਂ ਵੱਲੋਂ ਕੀਤੇ ਜਾਂਦੇ ਸੋਸ਼ਣ ਤੋਂ ਨਿਜਾਤ ਪਾਉਣ ਦੇ ਮਕਸਦ ਨਾਲ ਪਿਛਲੀ ਸਦੀ ਦੇ ਸ਼ੁਰੂ ਵਿੱਚ ਸੰਘਰਸ਼ ਕਰਕੇ ਆਪਣੀ ਸੁਰੱਖਿਆ ਲਈ ਬਹੁਤ ਸਾਰੇ ਕਿਰਤ ਕਾਨੂੰਨ ਬਣਾਉਣ ਤੇ ਲਾਗੂ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਸੀ। ਦੁਨੀਆ ਭਰ ਵਿੱਚ ਕਾਮਿਆਂ ਤੋਂ ਕਾਰਖਾਨਿਆਂ ਅਤੇ ਹੋਰ ਪੈਦਾਵਾਰੀ ਇਕਾਈਆਂ ਵਿੱਚ ਗ਼ੈਰਮਨੁੱਖੀ ਵਾਤਾਵਰਨ ਅਤੇ ਮਾਹੌਲ ਵਿੱਚ 12-16 ਘੰਟੇ ਕੰਮ ਕਰਵਾਇਆ ਜਾਂਦਾ ਸੀ। ਅਹਿਜੇ ਵਰਤਾਰੇ ਵਿਰੁੱਧ ਕਾਮਿਆਂ ਨੇ ਦੁਨੀਆ ਭਰ ਵਿੱਚ ਸਮੇਂ ਸਮੇਂ ’ਤੇ ਸੰਗਠਿਤ ਹੋ ਕੇ ਆਵਾਜ਼ ਉਠਾਈ ਅਤੇ ਰੋਸ ਪ੍ਰਦਰਸ਼ਨ ਕੀਤੇ।

ਜੇਕਰ ਦੁਨੀਆ ਭਰ ਦੇ ਕਾਮਿਆਂ ਨੂੰ ਮਿਲੀਆਂ ਕਾਨੂੰਨੀ ਸਹੂਲਤਾਂ, ਜਿਨ੍ਹਾਂ ਵਿੱਚ ਰੋਜ਼ਾਨਾ 8 ਘੰਟੇ ਕੰਮ ਕਰਨਾ ਵੀ ਸ਼ਾਮਲ ਹੈ, ਦੇ ਪਿਛੋਕੜ ਵੱਲ ਨਿਗਾਹ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਬਰਤਾਨੀਆ, ਅਮਰੀਕਾ ਅਤੇ ਹੋਰ ਦੇਸ਼ਾਂ ਦੇ ਕਾਮਿਆਂ ਨੇ ਲਗਪਗ ਪੂਰੀ 20ਵੀਂ ਸਦੀ ਸੰਘਰਸ਼ ਕੀਤਾ, ਫਿਰ ਕਿਤੇ ਜਾ ਕੇ ਕਿਰਤ ਦੇ ਮਿਆਰਾਂ ਵਿੱਚ ਸਭ ਥਾਈਂ ਇਕਸਾਰਤਾ ਕਾਇਮ ਹੋਈ। ਦੇਸ਼ ਵਿੱਚ 1990ਵਿਆਂ ਵਿੱਚ ਉਦਾਰਵਾਦੀ ਨੀਤੀਆਂ ਲਾਗੂ ਹੋਣ ਤੋਂ ਬਾਅਦ ਅੰਤਰਰਾਸ਼ਟਰੀ ਸੰਸਥਾਵਾ ਜਿਵੇਂ ਵਿਸ਼ਵ ਬੈਂਕ, ਕੌਮਾਂਤਰੀ ਮੁਦਰਾ ਕੋਸ਼ ਅਤੇ ਸਾਮਰਾਜੀ ਅਤੇ ਪੂੰਜੀਪਤੀ ਸ਼ਕਤੀਆਂ ਨੇ ਸਮੇਂ ਦੀਆਂ ਸਰਕਾਰਾਂ ’ਤੇ ਨਿਵੇਸ਼ ਵਧਾਉਣ ਅਤੇ ਆਰਥਿਕ ਤਰੱਕੀ ਦੀ ਦਰ ਉੱਚੀ ਕਰਨ ਦੇ ਬਹਾਨੇ ਇਹ ਦਬਾਅ ਬਣਾਇਆ ਕਿ ਮਜ਼ਦੂਰਾਂ ਸਬੰਧੀ ਮੌਜੂਦਾ ਕਾਨੂੰਨਾਂ ਵਿੱਚ ਸਰਮਾਏਦਾਰਾਂ ਅਤੇ ਪੂੰਜੀਪਤੀਆਂ ਪੱਖੀ ਤਬਦੀਲੀਆਂ ਕੀਤੀਆਂ ਜਾਣ। ਪਿਛਲੇ ਲਗਪਗ 35 ਸਾਲਾਂ ਤੋਂ ਸਨਅਤਕਾਰਾਂ ਅਤੇ ਸਰਮਾਏਦਾਰਾਂ ਦੇ ਦਬਾਅ ਕਾਰਨ ਕੇਂਦਰ ਸਰਕਾਰਾਂ ਨੇ ਮਜ਼ਦੂਰਾਂ ਦੇ ਹੱਕਾਂ ਖ਼ਿਲਾਫ਼ ਮਜ਼ਦੂਰੀ ਸਬੰਧੀ ਕਾਨੂੰਨਾਂ ਵਿੱਚ ਸੋਧਾਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ।

ਪਹਿਲਾਂ, ਉਜਰਤਾਂ ਦਾ ਕੋਡ ਐਕਟ ਅਗਸਤ 2019 ਵਿੱਚ ਪਾਸ ਕੀਤਾ ਗਿਆ। ਇਸ ਕੋਡ ਵਿੱਚ ਉਜਰਤਾਂ ਸਬੰਧੀ ਸਾਰੇ ਕਾਨੂੰਨ ਇਕੱਠੇ ਕਰ ਦਿੱਤੇ ਗਏ ਹਨ। ਉਦਯੋਗ ਸਬੰਧੀ ਕੋਡ ਐਕਟ, 2020 ਵਿੱਚ ਟਰੇਡ ਯੂਨੀਅਨ ਐਕਟ, 1926, ਇੰਡਸਟਰੀਅਲ ਡਿਸਪਿਊਟਸ ਐਕਟ, 1947 ਅਤੇ ਇੰਡਸਟਰੀਅਲ ਇਮਪਲੌਏਮੈਂਟ ਸਟੈਡਿੰਗ ਆਰਡਰਜ਼ ਐਕਟ, 1946 ਨੂੰ ਇਕੱਠਾ ਕਰ ਦਿੱਤਾ ਗਿਆ ਹੈ। ਸੋਸ਼ਲ ਸਕਿਉਰਿਟੀ ਕੋਡ ਐਕਟ, 2020 ਵਿੱਚ ਸਮਾਜਿਕ ਸੁਰੱਖਿਆ ਅਤੇ ਸਮਾਜਿਕ ਕਲਿਆਣ ਸਬੰਧੀ ਕਾਨੂੰਨਾਂ ਨੂੰ ਇਕੱਠਾ ਕੀਤਾ ਗਿਆ ਹੈ ਅਤੇ ਇਸੇ ਤ੍ਵਰਾਂ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਕੰਮ ਕਰਨ ਦੀਆਂ ਸਥਿਤੀਆਂ ਕੋਡ ਐਕਟ, 2020 ਵਿੱਚ ਤਕਰੀਬਨ 13 ਕਾਨੂੰਨ, ਜਿਹੜੇ ਮਜ਼ਦੂਰਾਂ ਨੂੰ ਸਿਹਤ, ਕੰਮ ਕਰਨ ਵਾਲੀ ਥਾਂ ਦੀ ਸਥਿਤੀ ਅਤੇ ਰੁਜ਼ਗਾਰ ਦੀ ਸੁਰੱਖਿਆ ਪ੍ਰਦਾਨ ਕਰਵਾਉਂਦੇ ਸਨ, ਸ਼ਾਮਲ ਕੀਤੇ ਗਏ ਹਨ।

ਸਰਕਾਰ ਅਤੇ ਕਿਰਤ ਕੋਡਜ਼ ਦੀ ਹਮਾਇਤ ਕਰਨ ਵਾਲੇ ਲੋਕ, ਰਾਜਨੀਤਕ ਪਾਰਟੀਆਂ ਅਤੇ ਮਜ਼ਦੂਰਾਂ ਸਬੰਧੀ ਹੋਰ ਕਾਨੂੰਨਾਂ ਵਿੱਚ ਸੋਧਾਂ ਨੂੰ ਮਜ਼ਦੂਰ ਪੱਖੀ, ਮਜ਼ਦੂਰਾਂ ਦੀ ਭਲਾਈ ਤੇ ਕਲਿਆਣ ਵਾਲੇ ਅਤੇ ਮਜ਼ਦੂਰਾਂ ਦੀਆਂ ਹਰ ਤ੍ਵਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਗਰਦਾਨ ਰਹੇ ਹਨ। ਇਹ ਸੋਧਾਂ ਕਰਨ ਵੇਲੇ ਹਾਕਮ ਜਮਾਤ ਨੇ ਪੂੰਜੀਪਤੀਆਂ ਨਾਲ ਮਿਲ ਕੇ ਬੜੀ ਚਲਾਕੀ ਨਾਲ ਇਨ੍ਹਾਂ ਕਿਰਤ ਕੋਡਾਂ ਵਿੱਚ ਮਜ਼ਦੂਰਾਂ ਨੂੰ ਭਰਮਾਉਣ ਵਾਲੀ ਸ਼ਬਦਾਬਲੀ ਦੀ ਵਰਤੋਂ ਕੀਤੀ ਹੈ। ਜੇ ਗਹੁ ਨਾਲ ਇਨ੍ਹਾਂ ਸੋਧਾਂ ਦਾ ਨਿਰੀਖਣ ਕੀਤਾ ਜਾਵੇ ਤਾਂ ਪਤਾ ਲਗਦਾ ਹੈ ਕਿ ਇਹ ਸਾਰੀਆਂ ਸੋਧਾਂ ਮਜ਼ਦੂਰਾਂ ਦੇ ਖ਼ਿਲਾਫ਼ ਅਤੇ ਪੂੰਜੀਪਤੀਆਂ/ਕਾਰਪੋਰੇਟਾਂ ਦੇ ਹਿੱਤਾਂ ਵਿੱਚ ਹਨ। ਇਨ੍ਹਾਂ ਕੋਡਾਂ ’ਚ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀਆਂ ਮੱਦਾਂ ਨੂੰ ਸਨਅਤਕਾਰਾਂ ਅਤੇ ਸਰਮਾਏਦਾਰਾਂ ਦੇ ਹਿੱਤਾਂ ਵਿੱਚ ਨਰਮ ਕੀਤਾ ਗਿਆ ਹੈ। ਸਭ ਤੋਂ ਪਹਿਲਾਂ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਪਹਿਲੇ ਰਾਸ਼ਟਰੀ ਮਜ਼ਦੂਰ ਕਮਿਸ਼ਨ, 1969 ਦੀਆਂ ਸਿਫਾਰਸ਼ਾਂ ਅਨੁਸਾਰ ਸਰਕਾਰ ਨੇ 1976 ਵਿੱਚ ਇੰਡਸਟਰੀਅਲ ਡਿਸਪਿਊਟਸ ਐਕਟ, 1947 ਵਿੱਚ ਸੋਧ ਕਰਕੇ 300 ਜਾਂ 300 ਤੋਂ ਜ਼ਿਆਦਾ ਮਜ਼ਦੂਰ ਭਰਤੀ ਕਰਨ ਵਾਲੇ ਕਾਰਖਾਨੇ ਅਤੇ ਫੈਕਟਰੀਆਂ ਨੂੰ ਮਜ਼ਦੂਰਾਂ ਦੀ ਛਾਂਟੀ ਕਰਨ ਲਈ ਜਾਂ ਜੇਕਰ ਮਾਲਕ ਕਾਰਖਾਨਾ/ਫੈਕਟਰੀ ਬੰਦ ਕਰਨਾ ਚਾਹੁੰਦਾ ਹੈ ਤਾਂ ਪਹਿਲਾਂ ਉਸ ਨੂੰ ਅਜਿਹਾ ਕਰਨ ਲਈ ਸਰਕਾਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਕਰ ਦਿੱਤੀ ਸੀ।

ਮਜ਼ਦੂਰ ਸੰਗਠਨਾਂ ਦੇ ਦਬਾਅ ਕਾਰਨ ਅਤੇ 1982 ਵਿੱਚ ਬੰਬੇ ਟੈਕਸਟਾਈਲ ਹੜਤਾਲ ਦੇ ਪ੍ਰਭਾਵ ਕਾਰਨ ਸਰਕਾਰ ਨੇ 1984 ਵਿੱਚ ਐਕਟ ਵਿੱਚ ਸੋਧ ਕਰਕੇ ਭਰਤੀ ਮਜ਼ਦੂਰਾਂ ਦੀ ਗਿਣਤੀ 300 ਤੋਂ ਘਟਾ ਕੇ 100 ਕਰ ਦਿੱਤੀ ਸੀ। ਅਜਿਹਾ ਕਰਨ ਨਾਲ ਇੰਡਸਟਰੀਅਲ ਡਿਸਪਿਊਟਸ ਐਕਟ, 1947 ਦਾ ਘੇਰਾ ਵਧਣ ਕਾਰਨ ਬਹੁਤ ਸਾਰੇ ਹੋਰ ਕਾਰਖਾਨੇ ਅਤੇ ਫੈਕਟਰੀਆਂ ਦੇ ਮਜ਼ਦੂਰਾਂ ਨੂੰ ਲੋੜੀਂਦੀ ਸੁਰੱਖਿਆ ਮਿਲ ਗਈ ਸੀ। ਉਦਾਰਵਾਦੀ ਨੀਤੀਆਂ ਲਾਗੂ ਹੋਣ ਤੋਂ ਬਾਅਦ ਸਨਅਤਕਾਰਾਂ ਅਤੇ ਕਾਰਪੋਰੇਟਾਂ ਨੇ ਸਰਕਾਰ ਤੋਂ ਲਗਾਤਾਰ ਇਹ ਗਿਣਤੀ 300 ਜਾਂ 500 ਮਜ਼ਦੂਰ ਕਰਨ ਦੀ ਮੰਗ ਕਰਨ ਲੱਗੀਆਂ ਸਨ। ਹੁਣ ਉਦਯੋਗ ਸਬੰਧ ਕੋਡ ਐਕਟ, 2020 ਰਾਹੀਂ ਸਰਕਾਰ ਨੇ ਇਕ ਵਾਰ ਫੇਰ ਤੋਂ ਭਰਤੀ ਮਜ਼ਦੂਰਾਂ ਦੀ ਗਿਣਤੀ 100 ਤੋਂ ਵਧਾ ਕੇ 300 ਕਰ ਦਿੱਤੀ ਹੈ। ਨਤੀਜੇ ਵਜੋਂ ਮਜ਼ਦੂਰਾਂ ਦੀ ਬਹੁਤ ਵੱਡੀ ਗਿਣਤੀ ਐਕਟ ਵੱਲੋਂ ਮੁਹੱਈਆ ਕਰਵਾਈ ਜਾਂਦੀ ਸੁਰੱਖਿਆ ਤੋਂ ਬਾਹਰ ਹੋ ਜਾਵੇਗੀ। ਨਤੀਜੇ ਵਜੋਂ ਕਾਨੂੰਨ ਦੇ ਘੇਰੇ ਵਿਚੋਂ ਬਾਹਰ ਹੋਏ ਮਜ਼ਦੂਰਾਂ ਨੂੰ ਸਰਕਾਰ ਨੇ ਕਾਰਖਾਨੇ/ਫੈਕਟਰੀਆਂ ਦੇ ਮਾਲਕਾਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਹੈ। ਇਸੇ ਹੀ ਕਿਰਤ ਕੋਡ ਵਿੱਚ ਮਜ਼ਦੂਰਾਂ ਦੇ ਹੜਤਾਲ ਕਰਨ ਦੇ ਅਧਿਕਾਰ ਨੂੰ ਵੀ ਖੋਰਾ ਲਾਇਆ ਗਿਆ ਹੈ ਕਿਉਂਕਿ ਪਹਿਲਾਂ ਮਜ਼ਦੂਰ ਯੂਨੀਅਨਾਂ ਦੋ ਹਫਤਿਆਂ ਦਾ ਨੋਟਿਸ ਦੇ ਕੇ ਹੜਤਾਲ ਕਰ ਸਕਦੀਆਂ ਸਨ ਪਰ ਹੁਣ ਇਹ ਸੋਧ ਕੇ ਹੜਤਾਲ ਕਰਨ ਲਈ 60 ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਦੂਜਾ, ਇੰਡਸਟਰੀਅਲ ਇੰਪਲੌਏਮੈਂਟ ਸਟੈਡਿੰਗ ਆਰਡਰਜ਼ ਐਕਟ, 1946 ਤਹਿਤ ਜਿਨ੍ਹਾਂ ਕਾਰਖਾਨਿਆਂ ਜਾਂ ਫੈਕਟਰੀਆਂ ਵਿੱਚ 100 ਜਾਂ 100 ਤੋਂ ਵੱਧ ਮਜ਼ਦੂਰ ਭਰਤੀ ਹਨ, ਨੂੰ ਮਜ਼ਦੂਰਾਂ ਦੇ ਕੰਮ ਕਰਨ ਦੇ ਢੰਗ-ਤਰੀਕਿਆਂ ਜਿਵੇਂ ਕਿ ਕੰਮ ਕਰਨ ਦੇ ਘੰਟੇ, ਸ਼ਿਫਟਾਂ ਦੇ ਸਮੇਂ ਆਦਿ ਅਤੇ ਮਜ਼ਦੂਰਾਂ ਦੇ ਵਿਹਾਰ ਸਬੰਧੀ ਨਿਯਮ ਬਣਾਉਣੇ ਪੈਂਦੇ ਸਨ ਤਾਂ ਕਿ ਕਾਰਖਾਨਿਆਂ/ਫੈਕਟਰੀਆਂ ਦੇ ਮਾਲਕ ਆਪਹੁਦਰੀਆਂ ਨਾ ਕਰ ਸਕਣ। ਇਨ੍ਹਾਂ ਨਿਯਮਾਂ ਨੂੰ ਪ੍ਰਬੰਧਕਾਂ ਵੱਲੋਂ ਕਾਰਖਾਨੇ/ਫੈਕਟਰੀ ਦੇ ਨੋਟਿਸ ਬੋਰਡਾਂ ਉਤੇ ਲਾਉਣ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਜਾਣੂ ਕਰਵਾਉਣਾ ਪੈਂਦਾ ਸੀ। ਹੁਣ ਇਸ ਕਿਰਤ ਕੋਡ ਵਿੱਚ 100 ਮਜ਼ਦੂਰਾਂ ਤੋਂ ਗਿਣਤੀ ਵਧਾ ਕੇ 300 ਕਰਨ ਨਾਲ ਦੇਸ਼ ਵਿੱਚ ਮਜ਼ਦੂਰਾਂ ਦੀ ਵੱਡੀ ਗਿਣਤੀ ਕਾਨੂੰਨ ਦੇ ਘੇਰੇ ਤੋਂ ਬਾਹਰ ਹੋ ਜਾਵੇਗੀ ਅਤੇ ਉਨ੍ਹਾਂ ਮਜ਼ਦੂਰਾਂ ਉੱਤੇ ਮਾਲਕ ਆਪਣੀ ਮਰਜ਼ੀ ਮੁਤਾਬਿਕ ਕੰਮ ਕਰਨ ਅਤੇ ਵਿਹਾਰ ਸਬੰਧੀ ਨਿਯਮ ਲਾਗੂ ਕਰ ਸਕਦੇ ਹਨ।

ਤੀਜਾ, ਟਰੇਡ ਯੂਨੀਅਨ ਐਕਟ, 1926 ਤਹਿਤ ਮਜ਼ਦੂਰਾਂ ਨੂੰ ਮਜ਼ਦੂਰ ਸੰਗਠਨ ਬਣਾ ਕੇ ਆਪਣੀਆਂ ਵਿੱਤੀ ਅਤੇ ਹੋਰ ਮੰਗਾਂ ਲਈ ਸੰਘਰਸ਼ ਕਰਨ ਦੀ ਖੁੱਲ੍ਹ ਸੀ ਅਤੇ ਮਜ਼ਦੂਰਾਂ ਦੇ ਸੰਗਠਿਤ ਹੋਣ ਨਾਲ ਉਨ੍ਹਾਂ ਦੀ ਸੌਦੇਬਾਜ਼ੀ ਕਰਨ ਦੀ ਤਾਕਤ ਵਧਣ ਕਾਰਨ ਮਜ਼ਦੂਰਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਵਿੱਚ ਕਾਫੀ ਸਹਾਇਤਾ ਮਿਲਦੀ ਰਹੀ ਹੈ। ਟਰੇਡ ਯੂਨੀਅਨ ਲੀਡਰਾਂ ਨੂੰ ਹੜਤਾਲਾਂ ਅਤੇ ਸੰਘਰਸ਼ ਦੌਰਾਨ ਕਈ ਕਿਸਮ ਦੇ ਸਿਵਲ ਅਤੇ ਫੌਜਦਾਰੀ ਕਾਨੂੰਨਾਂ ਤੋਂ ਛੋਟ ਮਿਲੀ ਹੋਈ ਸੀ। ਐਕਟ ਅਧੀਨ ਕਾਰਖਾਨੇ/ਫੈਕਟਰੀ ਦੇ ਕੋਈ ਵੀ 7 ਜਾਂ 7 ਤੋਂ ਵੱਧ ਮਜ਼ਦੂਰ ਆਪਣੇ ਨਾਮ ਅਤੇ ਪਤਾ ਦੱਸ ਕੇ ਸਬੰਧਤ ਰਜਿਸਟਰਾਰ ਕੋਲ ਆਪਣੀ ਯੂਨੀਅਨ ਰਜਿਸਟਰਡ ਕਰਵਾ ਸਕਦੇ ਸਨ। ਪੂੰਜੀਪਤੀ ਸਨਅਤਕਾਰ ਐਕਟ ਦੀ ਇਸ ਧਾਰਾ ਨੂੰ ਹਮੇਸ਼ਾ ਅੜਿੱਕਾ ਸਮਝਦੇ ਰਹੇ ਹਨ ਅਤੇ ਮੰਗ ਕਰਦੇ ਰਹੇ ਹਨ ਕਿ ਯੂਨੀਅਨ ਰਜਿਸਟਰਡ ਕਰਵਾਉਣ ਲਈ ਮਜ਼ਦੂਰਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਕੀਤਾ ਜਾਵੇ। ਨਵੇਂ ਕਿਰਤ ਕੋਡ ਵਿੱਚ ਮਜ਼ਦੂਰਾਂ ਦੇ ਸੰਗਠਿਤ ਹੋਣ ਦੇ ਹੱਕ ਨੂੰ ਵੀ ਢਾਹ ਲਗਾਈ ਗਈ ਹੈ ਕਿਉਂਕਿ ਹੁਣ ਮਜ਼ਦੂਰ ਯੂਨੀਅਨ ਰਜਿਸਟਰਡ ਕਰਵਾਉਣ ਲਈ ਕਾਰਖਾਨੇ/ਫੈਕਟਰੀ ਵਿੱਚ ਕੰਮ ਕਰਦੇ 10 ਫ਼ੀਸਦ ਜਾਂ ਇਸ ਤੋਂ ਵੱਧ ਮਜ਼ਦੂਰਾਂ ਦੀ ਸਹਿਮਤੀ ਹੋਣੀ ਲਾਜ਼ਮੀ ਕਰ ਦਿੱਤੀ ਗਈ ਹੈ।

Share this content:

Post Comment