Loading Now

ਕੇਂਦਰੀ ਤਜਵੀਜ਼ ਖ਼ਿਲਾਫ਼ ਆਵਾਜ਼ ਉਠਾਏਗਾ ਪੰਜਾਬ

ਕੇਂਦਰੀ ਤਜਵੀਜ਼ ਖ਼ਿਲਾਫ਼ ਆਵਾਜ਼ ਉਠਾਏਗਾ ਪੰਜਾਬ

3, ਨਵੰਬਰ – ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ ਬੀ ਐੱਮ ਬੀ) ਵਿੱਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਨਵੇਂ ਮੈਂਬਰ ਨਿਯੁਕਤ ਕਰਨ ਦੀ ਕੇਂਦਰੀ ਤਜਵੀਜ਼ ਖ਼ਿਲਾਫ਼ ਆਵਾਜ਼ ਉੱਤਰੀ ਜ਼ੋਨਲ ਕੌਂਸਲ ਦੀ ਆਗਾਮੀ ਮੀਟਿੰਗ ’ਚ ਉਠਾਏਗੀ। ਉੱਤਰੀ ਜ਼ੋਨਲ ਕੌਂਸਲ ਦੀ ਅਗਲੀ ਮੀਟਿੰਗ 17 ਨਵੰਬਰ ਨੂੰ ਹੋ ਰਹੀ ਹੈ, ਜਿਸ ’ਚ ਪੰਜਾਬ ਬੀ ਬੀ ਐੱਮ ਬੀ ’ਚ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕੀਤੇ ਜਾਣ ਦੀ ਸਾਜ਼ਿਸ਼ ਦਾ ਮੁੱਦਾ ਚੁੱਕੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕੇਂਦਰੀ ਤਜਵੀਜ਼ ਨੂੰ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਬਾਰੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੀ ਭਾਵਨਾ ਤੋਂ ਜਾਣੂ ਕਰਵਾ ਦਿੱਤਾ ਹੈ ਅਤੇ ਕਿਹਾ ਕਿ ਉਹ ਪੰਜਾਬ ਨਾਲ ਧੱਕੇਸ਼ਾਹੀ ਦਾ ਮਾਮਲਾ ਹਰ ਮੰਚ ’ਤੇ ਚੁੱਕਣਗੇ। ਦੱਸਣਯੋਗ ਹੈ ਕਿ ਕੇਂਦਰੀ ਬਿਜਲੀ ਮੰਤਰਾਲੇ ਨੇ 10 ਅਕਤੂਬਰ ਨੂੰ ਬੀ ਬੀ ਐੱਮ ਬੀ ’ਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਬਤੌਰ ਮੈਂਬਰ ਲੈਣ ਦੀ ਤਜਵੀਜ਼ ’ਤੇ ਹਿੱਸੇਦਾਰ ਸੂਬਿਆਂ ਦੀ ਟਿੱਪਣੀ ਮੰਗੀ ਸੀ, ਜਦਕਿ ਪੰਜਾਬ ਲੰਘੇ ਸਮੇਂ ਤੋਂ ਬੀ ਬੀ ਐੱਮ ਬੀ ’ਚ ਪੰਜਾਬ ਦੀ ਸਥਾਈ ਪ੍ਰਤੀਨਿਧਤਾ ਦੀ ਮੰਗ ਉਠਾਉਂਦਾ ਆ ਰਿਹਾ ਹੈ।

ਕੇਂਦਰ ਸਰਕਾਰ ਬੀ ਬੀ ਐੱਮ ਬੀ ’ਚ ਸਾਰੇ ਸੂਬਿਆਂ ਨੂੰ ਮੈਂਬਰ ਬਣਾਉਣ ਦੀ ਤਜਵੀਜ਼ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਬੀ ਬੀ ਐੱਮ ਬੀ ’ਚ ਮੈਂਬਰਾਂ ਦੀ ਗਿਣਤੀ ਵਧਾਉਣ ਲਈ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 79(2) (ਏ) ਵਿੱਚ ਸੋਧਾਂ ਦਾ ਪ੍ਰਸਤਾਵ ਰੱਖਿਆ ਹੈ। ਮੁੱਖ ਮੰਤਰੀ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਗ੍ਰਹਿ ਮੰਤਰਾਲਾ ਬੀ ਬੀ ਐੱਮ ਬੀ ’ਚ ਰੈਗੂਲਰ ਮੈਂਬਰਾਂ ਦੀਆਂ ਵਾਧੂ ਅਸਾਮੀਆਂ ਦਾ ਨਿਰਮਾਣ ਨਾ ਕਰਨ ਦੀ ਸਲਾਹ ਬਿਜਲੀ ਮੰਤਰਾਲੇ ਨੂੰ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ ਪੁਰਾਣੀ ਵਿਵਸਥਾ ਅਨੁਸਾਰ ਬੀ ਬੀ ਐੱਮ ਬੀ ’ਚ ਮੈਂਬਰ (ਪਾਵਰ) ਪੰਜਾਬ ’ਚੋਂ ਅਤੇ ਮੈਂਬਰ (ਸਿੰਜਾਈ) ਹਰਿਆਣਾ ਤੋਂ ਲਗਾ ਸਕਦਾ ਹੈ। ਕੇਂਦਰ ਸਰਕਾਰ ਨੇ ਮੁਢਲੇ ਪੜਾਅ ’ਤੇ ਬੀ ਬੀ ਐੱਮ ਬੀ ’ਚੋਂ ਪੰਜਾਬ ਤੇ ਹਰਿਆਣਾ ਦੀ ਸਥਾਈ ਪ੍ਰਤੀਨਿਧਤਾ ਖ਼ਤਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦਾ ਮਾਮਲਾ ਪੰਜਾਬ ਸਰਕਾਰ ਨੇ ਹਰ ਪਲੇਟਫ਼ਾਰਮ ’ਤੇ ਉਠਾਇਆ। ਇਸ ਵੇਲੇ ਵੀ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਨੂੰ ਬੀ ਬੀ ਐੱਮ ਬੀ ’ਚ ਮੈਂਬਰ ਪਾਵਰ ਤੇ ਸਿੰਜਾਈ ਦਾ ਵਾਧੂ ਚਾਰਜ ਦਿੱਤਾ ਹੋਇਆ ਹੈ।

Share this content:

Post Comment