Loading Now

ਖਿਸਕ ਗਿਆ ਚਾਵਲਾ

ਖਿਸਕ ਗਿਆ ਚਾਵਲਾ

ਚੰਡੀਗੜ੍ਹ, 18 ਸਤੰਬਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਦਾ ਮਾਮਲਾ ਦਰਜ ਹੋਣ ਮਗਰੋਂ ਪੁਲੀਸ ਨੂੰ ਚਕਮਾ ਦੇ ਕੇ ਕੈਨੇਡਾ ਪਹੁੰਚ ਗਏ ਹਨ। ਆਨੰਦਪੁਰ ਸਾਹਿਬ ਦੇ ਥਾਣੇ ’ਚ ਉਨ੍ਹਾਂ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ 20 ਅਗਸਤ ਨੂੰ ਦਰਜ ਹੋ ਗਿਆ ਸੀ, ਪਰ ਪੁਲੀਸ ਨੇ ਉਨ੍ਹਾਂ ਨੂੰ ਭਿਣਕ ਤੱਕ ਨਹੀਂ ਪੈਣ ਦਿੱਤੀ। ਹੁਣ ਜਦੋਂ ਪੁਲੀਸ ਚਾਵਲਾ ਦੀ ਭਾਲ ’ਚ ਜੁਟ ਗਈ ਹੈ ਤਾਂ ਪਤਾ ਲੱਗਿਆ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦੇਸ਼ ਵਿੱਚੋਂ ਫ਼ਰਾਰ ਹੋ ਗਏ ਹਨ।

ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 13 ਸਤੰਬਰ ਨੂੰ ਕੈਨੇਡਾ ਪਹੁੰਚ ਗਏ ਹਨ। ਪੰਜਾਬ ਪੁਲੀਸ ਵੱਲੋਂ ਚਾਵਲਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ, ਜਿਸ ਦੌਰਾਨ ਚਾਵਲਾ ਦੇ ਕੈਨੇਡਾ ਪੁੱਜਣ ਦਾ ਪਤਾ ਚੱਲਿਆ ਹੈ। ਦੱਸਣਯੋਗ ਹੈ ਕਿ ਚਾਵਲਾ ਖ਼ਿਲਾਫ਼ ਕੇਸ ਸੰਗਰੂਰ ਜ਼ਿਲ੍ਹੇ ਦੀ ਇੱਕ ਔਰਤ ਦੀ ਸ਼ਿਕਾਇਤ ’ਤੇ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਥਾਣੇ ’ਚ ਦਰਜ ਕੀਤਾ ਗਿਆ ਹੈ। ਇਸ ਔਰਤ ਨੇ ਚਾਵਲਾ ’ਤੇ ਵਾਰ-ਵਾਰ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਪੁਲੀਸ ਅਧਿਕਾਰੀ ਆਖਦੇ ਹਨ ਕਿ ਅਮਰਜੀਤ ਸਿੰਘ ਚਾਵਲਾ ਹਾਲੇ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਦੂਸਰੀ ਤਰਫ਼ ਐੱਫ਼ ਆਈ ਆਰ ਦਰਜ ਹੋਣ ਤੋਂ ਬਾਅਦ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

Share this content:

Post Comment