ਜ਼ਿਲ੍ਹੇ ਦੇ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਜਥੇਬੰਦਕ ਐਕਸ਼ਨਾਂ ਵਿੱਚ ਕਰਨਗੇ ਭਰਵੀਂ ਸ਼ਮੂਲੀਅਤ
ਫ਼ਿਰੋਜ਼ਪੁਰ, 20 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਅਧਿਆਪਕ ਵਿਰੋਧੀ ਨੀਤੀਆਂ, ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਮੀਟਿੰਗਾਂ ਦੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਜਥੇਬੰਦਕ ਐਕਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਨੋਟਿਸ ਸੌਂਪ ਦਿੱਤੇ ਗਏ ਹਨ। ਅਧਿਆਪਕ ਆਗੂਆਂ ਮਲਕੀਤ ਸਿੰਘ ਹਰਾਜ, ਦੀਪਕ ਕੰਬੋਜ, ਹਰਜੀਤ ਸਿੰਘ ਸਿੱਧੂ, ਬਾਜ ਸਿੰਘ, ਜਗਸੀਰ ਸਿੰਘ ਗਿੱਲ, ਪਰਮਜੀਤ ਸਿੰਘ ਪੰਮਾ, ਲਖਵਿੰਦਰ ਸਿੰਘ ਸਿਮਕ, ਗਗਨਦੀਪ ਸਿੰਘ ਬਰਾੜ, ਸਰਬਜੀਤ ਸਿੰਘ ਭਾਵੜਾ, ਰਾਜਬੀਰ ਸਿੰਘ ਢਿੱਲੋਂ ਅਤੇ ਜਗਸੀਰ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਪਹਿਲੇ ਹਫ਼ਤੇ ਮੀਟਿੰਗ ਕਰਨ ਦੇ ਕੀਤੇ ਵਾਅਦੇ ਤੋਂ ਮੁਕਰਨ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਹੈ।
ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਕਾਮਿਆਂ ਤੇ ਅਧਿਆਪਕਾਂ ਨੂੰ ਪੱਕਾ ਕਰਨਾ, ਕੰਪਿਊਟਰ ਅਧਿਆਪਕਾਂ ਦਾ ਵਿਭਾਗ ‘ਚ ਮਰਜਰ, ਐੱਨ.ਐੱਸ.ਕਿਊ.ਐੱਫ਼. ਅਧਿਆਪਕਾਂ ਨੂੰ ਵਿਭਾਗ ‘ਚ ਲੈਣਾ, ਬਣਦਾ ਡੀ.ਏ. ਤੇ 37 ਭੱਤੇ ਜਾਰੀ ਕਰਨਾ, ਏਸੀਪੀ ਸਕੀਮ ਬਹਾਲ ਕਰਨਾ, ਮਾਣਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨਾ, ਪੰਜਾਬ ਤਨਖਾਹ ਸਕੇਲ ਅਤੇ ਪੈਨਸ਼ਨਰਾਂ ਲਈ 2.59 ਗੁਣਾ ਫਾਰਮੂਲਾ ਲਾਗੂ ਕਰਨਾ ਸ਼ਾਮਲ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਸਮਾਂਬੱਧ ਨਿਪਟਾਰਾ ਨਾ ਕੀਤਾ, ਤਾਂ ਇਸ ਦਾ ਸਿਆਸੀ ਨੁਕਸਾਨ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਸਮੂਹ ਅਧਿਆਪਕਾਂ ਨੂੰ 21 ਅਕਤੂਬਰ ਦੇ ਐਕਸ਼ਨਾਂ ਅਤੇ 22 ਅਕਤੂਬਰ ਨੂੰ ਡੀਸੀ ਦਫ਼ਤਰ ਫ਼ਿਰੋਜ਼ਪੁਰ ਅੱਗੇ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ।
Share this content:



Post Comment