ਜੰਡਿਆਲਾ ਕਾਲਜ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ
*ਯੂਨੀਵਰਸਿਟੀ ਅਧਿਕਾਰੀਆਂ ਵਲੋਂ ਕਾਲਜ ਦਾ ਦੌਰਾ
ਜੰਡਿਆਲਾ, 5 ਜੂਨ – ਯੂਨੀਵਰਸਿਟੀ ਕਾਲਜ ਜੰਡਿਆਲਾ ਦੀ ਦਿਖ ਬਦਲਣ ਲਈ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਪਹਿਲਾਂ ਸ਼ੁਰੂ ਕੀਤੇ ਗਏ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਵਾਈਸ ਚਾਂਸਲਰ ਦੇ ਓ.ਐਸ.ਡੀ. ਡਾ. ਹਰਇਕਬਾਲ ਸਿੰਘ ਅਤੇ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਦੇ ਇੰਚਾਰਜ ਡਾ. ਮਨਿੰਦਰ ਪਾਲ ਸਿੰਘ ਨੇ ਜੰਡਿਆਲਾ ਕਾਲਜ ਦਾ ਦੌਰਾ ਕੀਤਾ ਅਤੇ ਪਹਿਲਾਂ ਸ਼ੁਰੂ ਹੋ ਚੁੱਕੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਕਾਲਜ ਵਿਖੇ ਪਹੁੰਚਣ ਤੇ ਕਾਲਜ ਦੇ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਵਲੋਂ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੋਹਾਂ ਉਚ ਅਧਿਕਾਰੀਆਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਪ੍ਰਸਤਾਵਾਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਰਾਹੀਂ ਨਵੇਂ ਟਾਇਲਟ ਬਲਾਕਾਂ ਦੀ ਉਸਾਰੀ ਦੀ ਸਥਿਤੀ ਬਾਰੇ ਚਾਨਣਾ ਪਾਇਆ।
ਜਸ਼ਨਜੋਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਵਿਦੇਸ਼ਾਂ ਵਿੱਚ ਵਸਦੇ ਪਿੰਡ ਅਤੇ ਇਲਾਕਾ ਨਿਵਾਸੀ ਕਾਲਜ ਦੀ ਉਸਾਰੀ ਅਤੇ ਇਸ ਦੇ ਰੱਖ-ਰਖਾਅ ਵਿੱਚ ਕਾਲਜ ਨੂੰ ਸਮੇਂ ਸਮੇਂ ਸਹਾਇਤਾ ਪ੍ਰਦਾਨ ਕਰਨ ਲਈ ਪ੍ਰੇਰਿਤ ਰਹਿੰਦੇ ਹਨ। ਉਨ੍ਹਾਂ ਨੇ ਅਜਿਹੇ ਇੱਕ ਪ੍ਰਸਤਾਵ ਬਾਰੇ ਗੱਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਇੱਕ ਨਵਾਂ ਰੀਡਿੰਗ ਹਾਲ ਕਾਲਜ ਦੇ ਸਾਬਕਾ ਵਿਦਿਆਰਥੀਆਂ ਅਤੇ ਪ੍ਰਵਾਸੀ ਭਾਰਤੀਆਂ ਦੁਆਰਾ ਬਣਾਏ ਜਾਣ ਦੀ ਯੋਜਨਾ ਹੈ। ਇਸ ਤੋਂ ਇਲਾਵਾ, ਜੰਡਿਆਲਾ ਲੋਕ ਭਲਾਈ ਮੰਚ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ, ਜੋ ਕਾਲਜ ਅਤੇ ਇਸਦੇ ਵਿਦਿਆਰਥੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਪ੍ਰਦਾਨ ਕਰਦੇ ਰਹਿੰਦੇ ਹਨ। ਦੋਹਾਂ ਅਧਿਕਾਰੀਆਂ ਨੇ ਕਾਲਜ ਦੇ ਸ਼ਾਨਦਾਰ ਅਕਾਦਮਿਕ ਮਾਹੌਲ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਯੂਨੀਵਰਸਿਟੀ ਵਲੋਂ ਇਸ ਵਿਲੱਖਣ ਕਾਲਜ ਦੀ ਵੱਧ ਤੋੰ ਵੱਧ ਸਹਾਇਤਾ ਕਰਨ ਲਈ ਵਚਨਬੱਧਤਾ ਨੂੰ ਦੁਹਰਾਇਆ।
Share this content:



Post Comment