ਪੀਪੀਐੱਸਸੀ ਦੇ ਅਸਫਲ ਉਮੀਦਵਾਰਾਂ ਵੱਲੋਂ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ
ਪਟਿਆਲਾ, 11 ਨਵੰਬਰ- ਪੰਜਾਬ ਲੋਕ ਸੇਵਾ ਕਮਿਸ਼ਨ (ਪੀ ਪੀ ਐੱਸ ਸੀ) ਦੇ ਇਥੇ ਸਥਿਤ ਮੁੱਖ ਦਫ਼ਤਰ ਦੇ ਬਾਹਰ ਅਸਫ਼ਲ ਉਮੀਦਵਾਰਾਂ ਨੇ ਪ੍ਰੀਖਿਆ ਦੇ ਨਤੀਜਿਆਂ ’ਤੇ ਸਵਾਲ ਚੁੱਕਦਿਆਂ ਪ੍ਰਦਰਸ਼ਨ ਕੀਤਾ। ਉਮੀਦਵਾਰਾਂ ਨੇ ਪੀ ਪੀ ਐੱਸ ਸੀ ਅਤੇ ਸਰਕਾਰ ਨੂੰ ਘੇਰਨ ਲਈ ਰਣਨੀਤੀ ਤਿਆਰ ਕੀਤੀ। ਉਨ੍ਹਾਂ ਕਮਿਸ਼ਨ ਦੇ ਚੇਅਰਮੈਨ ਨੂੰ ਮੰਗ ਪੱਤਰ ਦੇ ਕੇ ਇੰਟਰਵਿਊ ਪ੍ਰਕਿਰਿਆ ਰੋਕਣ ਅਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਮੀਦਵਾਰਾਂ ਨੇ ਕਿਹਾ ਕਿ ਸਰਕਾਰ ਅਤੇ ਪੀ ਪੀ ਐੱਸ ਸੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਜਾ ਰਿਹਾ ਹੈ। ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਇਸ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਵਾਅਦਾ ਕੀਤਾ ਹੈ। ਉਮੀਦਵਾਰਾਂ ਨੇ ਮੰਗ ਕੀਤੀ ਕਿ ਉੱਤਰ ਪੱਤਰੀਆਂ ਦੀ ਜਾਂਚ ਕਰਨ ਵਾਲੇ ਪ੍ਰੀਖਿਅਕਾਂ ਦੀ ਯੋਗਤਾ, ਉਨ੍ਹਾਂ ਦੀ ਨਿਯੁਕਤੀ ਅਤੇ ਮੁਲਾਂਕਣ ਪ੍ਰਕਿਰਿਆ ਨਾਲ ਸਬੰਧਤ ਜਾਣਕਾਰੀ ਜਨਤਕ ਕੀਤੀ ਜਾਵੇ। ਧਰਨੇ ਵਿੱਚ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਅਨੁਜ ਖੋਸਲਾ ਨੇ ਕਿਹਾ ਕਿ ਅੱਜ ਨੌਜਵਾਨ ਆਪਣੀਆਂ ਮੰਗਾਂ ਲਈ ਧਰਨਾ ਦੇਣ ਲਈ ਮਜਬੂਰ ਹਨ। ਉਮੀਦਵਾਰਾਂ ਦੇ ਵਫ਼ਦ ਨੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਅਤੇ ਕਮਿਸ਼ਨ ਨੇ ਉਮੀਦਵਾਰਾਂ ਦੀਆਂ ਮੰਗਾਂ ’ਤੇ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਭਾਜਪਾ ਯੁਵਾ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪ੍ਰਦਰਸ਼ਨ ਕੀਤੇ ਜਾਣਗੇ।
ਪੀ ਪੀ ਐੱਸ ਸੀ ਵੱਲੋਂ ਸਫ਼ਲ ਉਮੀਦਵਾਰਾਂ ਦੀ ਪੜਤਾਲ ਦਾ ਪ੍ਰੋਗਰਾਮ ਜਾਰੀ
ਪੀ ਸੀ ਐੱਸ ਦੀ ਮੁੱਖ ਪ੍ਰੀਖਿਆ ਦੇ ਨਤੀਜੇ ਸਬੰਧੀ ਵਿਵਾਦ ਦੇ ਮੱਦੇਨਜ਼ਰ ਪੀ ਪੀ ਐੱਸ ਸੀ ਨੇ ਇੰਟਰਵਿਊ ਲਈ ਚੁਣੇਏ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਕਮਿਸ਼ਨ ਨੇ ਚੁਣੇ ਉਮੀਦਵਾਰਾਂ ਦੀ ਰੋਲ ਨੰਬਰ ਅਨੁਸਾਰ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਉਮੀਦਵਾਰਾਂ ਨੂੰ 11 ਤੋਂ 17 ਨਵੰਬਰ ਤੱਕ ਕਮਿਸ਼ਨ ਦੇ ਦਫ਼ਤਰ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਆਪਣੇ ਅਸਲ ਦਸਤਾਵੇਜ਼ਾਂ ਦੀ ਜਾਂਚ ਕਰਵਾਉਣੀ ਹੋਵੇਗੀ। ਪੜਤਾਲ ਦੌਰਾਨ ਗ਼ੈਰਹਾਜ਼ਰ ਉਮੀਦਵਾਰਾਂ ਦੀ ਉਮੀਦਵਾਰੀ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਪੰਜਾਬ ਪੁਲੀਸ ਸੇਵਾ ਵਿੱਚ ਡੀ ਐੱਸ ਪੀ ਅਤੇ ਜੇਲ੍ਹ ਵਿਭਾਗ ਵਿੱਚ ਡਿਪਟੀ ਸੁਪਰਡੈਂਟ ਜੇਲ੍ਹ (ਗ੍ਰੇਡ-Ⅱ) ਜ਼ਿਲ੍ਹਾ ਪ੍ਰੋਬੇਸ਼ਨ ਅਫ਼ਸਰ ਦੀਆਂ ਅਸਾਮੀਆਂ ਲਈ ਸਰੀਰਕ ਟੈੱਸਟ ਨਵੰਬਰ 2026 ਦੇ ਆਖ਼ਰੀ ਹਫ਼ਤੇ ਵਿੱਚ ਹੋਵੇਗਾ। ਮੁੱਖ ਪ੍ਰੀਖਿਆ ਵਿੱਚ ਸਫਲ ਉਮੀਦਵਾਰਾਂ ਦੇ ਇੰਟਰਵਿਊ ਸੰਭਾਵਿਤ ਤੌਰ ’ਤੇ ਦਸੰਬਰ 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਵੇਗੀ। ਇਸ ਦਾ ਵਿਸਥਾਰਤ ਪ੍ਰੋਗਰਾਮ ਕਮਿਸ਼ਨ ਦੀ ਵੈੱਬਸਾਈਟ ’ਤੇ ਵੱਖਰੇ ਤੌਰ ’ਤੇ ਅੱਪਲੋਡ ਕੀਤਾ ਜਾਵੇਗਾ।
Share this content:



Post Comment