ਪੁਲੀਸ ਨੇ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਰੋਕੇ ਕਿਸਾਨ
ਸ੍ਰੀ ਗੋਇੰਦਵਾਲ ਸਾਹਿਬ, 27 ਅਗਸਤ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜਾਂ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਜਾਣੇ ਸਨ। ਪਰ ਕਿਸਾਨਾਂ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਬੈਰੀਕੇਡ ਲਾ ਕੇ ਗੋਇੰਦਵਾਲ ਸਾਹਿਬ ਪਹੁੰਚਣ ਤੋਂ ਰੋਕਿਆ ਗਿਆ। ਇਸ ਦੌਰਾਨ ਪੁਲੀਸ ਅਤੇ ਕਿਸਾਨਾਂ ਦਰਮਿਆਨ ਭਾਰੀ ਤਕਰਾਰ ਹੋਈ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਅਤੇ ਖ਼ਜ਼ਾਨਚੀ ਫਤਿਹ ਸਿੰਘ ਪਿੱਦੀ ਨੇ ਕਿਹਾ ਕਿ:
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲੀਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਪਗ 3.77 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ? ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ ‘ਤੇ ਐੱਮ.ਐੱਸ.ਪੀ. (MSP) ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ ‘ਤੇ ਬਦਲਵੀਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) ’ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ ’ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Share this content:



Post Comment