ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਬਠਿੰਡਾ, 20 ਫਰਵਰੀ – ਪੰਜਾਬ ਦੇ ਲਗਪਗ ਸਾਰੇ ਜ਼ਿਲ੍ਹਿਆਂ ‘ਚ ਬੋਰਡ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਹੁਕਮ ਜਾਰੀ ਕਰ ਕੇ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ ਅਤੇ 11 ਅਪ੍ਰੈਲ 2026 ਤਕ ਲਾਗੂ ਰਹਿਣਗੇ। ਪ੍ਰਸ਼ਾਸਨ ਅਨੁਸਾਰ ਇਹ ਫੈਸਲਾ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਰੁਕਾਵਟ, ਨਕਲ ਜਾਂ ਬਾਹਰੀ ਦਖ਼ਲਅੰਦਾਜ਼ੀ ਤੋਂ ਬਚਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਹੁਕਮਾਂ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰੀਖਿਆ ਦੌਰਾਨ ਕੇਂਦਰਾਂ ਦੇ ਆਲੇ-ਦੁਆਲੇ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣੀ ਲਾਜ਼ਮੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਸਾਲਾਨਾ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ 2026 ਤੱਕ ਕਰਵਾਈਆਂ ਜਾ ਰਹੀਆਂ ਹਨ। ਸੀਬੀਐੱਸਈ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ 2026 ਤੱਕ ਚੱਲਣਗੀਆਂ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਬਾਹਰ ਬੇਲੋੜੀ ਭੀੜ ਜਮ੍ਹਾਂ ਹੋਣ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਧਿਆਨ ਭਟਕਦਾ ਹੈ, ਸਗੋਂ ਸੁਰੱਖਿਆ ਸਬੰਧੀ ਚੁਣੌਤੀਆਂ ਵੀ ਪੈਦਾ ਹੁੰਦੀਆਂ ਹਨ। ਅਜਿਹੇ ਵਿੱਚ ਫ਼ੌਜਦਾਰੀ ਜ਼ਾਬਤਾ ਸੰਘਤਾ (CrPC) ਦੀਆਂ ਸਬੰਧਤ ਧਾਰਾਵਾਂ ਤਹਿਤ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਨਿਯਮਤ ਗਸ਼ਤ ਕੀਤੀ ਜਾਵੇ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਵੇ। ਨਾਲ ਹੀ ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਹੁਕਮਾਂ ਦੀ ਪਾਲਣਾ ਕਰਨ ਅਤੇ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਨੂੰ ਸਹਿਯੋਗ ਦੇਣ। ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਕਦਮਾਂ ਦਾ ਉਦੇਸ਼ ਕਿਸੇ ਨੂੰ ਅਸੁਵਿਧਾ ਪਹੁੰਚਾਉਣਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸ਼ਾਂਤਮਈ ਮਾਹੌਲ ‘ਚ ਪ੍ਰੀਖਿਆ ਦੇਣ ਦਾ ਮੌਕਾ ਪ੍ਰਦਾਨ ਕਰਨਾ ਹੈ।
Share this content:



Post Comment