ਪੰਜਾਬ ‘ਚ ਅੱਜ ਕਈ ਥਾਈਂ ਪਈ ਸੰਘਣੀ ਧੁੰਦ
27 ਨਵੰਬਰ- ਪੰਜਾਬ ਵਿਚ ਠੰਢ ਵਧਣੀ ਸ਼ੁਰੂ ਹੋ ਗਈ ਹੈ। ਅੱਜ ਸੂਬੇ ਦੇ 13 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪਈ ਹੈ।ਮੌਸਮ ਵਿਭਾਗ ਨੇ 28 ਨਵੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅੱਜ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਹੁਣ ਇਹ ਲਗਭਗ ਆਮ ਪੱਧਰ ‘ਤੇ ਪਹੁੰਚ ਗਿਆ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 7.1 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.4 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 1.4 ਡਿਗਰੀ ਘੱਟ ਸੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ (ਮੋਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਉੱਤਰ ਦਿਸ਼ਾ ਭਾਵ ਪਹਾੜਾਂ ਵੱਲੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਨੌਂ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਫਰੀਦਕੋਟ 7.1 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ, ਜਦਕਿ ਬਠਿੰਡਾ ਵਿੱਚ 7.6 ਡਿਗਰੀ, ਪਠਾਨਕੋਟ ਵਿੱਚ 8.3 ਡਿਗਰੀ, ਲੁਧਿਆਣਾ ਵਿੱਚ 8.4 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ਵਿੱਚ 8.4 ਡਿਗਰੀ, ਫਿਰੋਜ਼ਪੁਰ ਵਿੱਚ 9.4 ਡਿਗਰੀ, ਪਟਿਆਲਾ ਵਿੱਚ 9.4 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 9.5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, ਪੰਜਾਬ ਵਿੱਚ 3 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਬਾਕੀ ਹਿੱਸਿਆਂ ਵਿੱਚ ਇਹ 26 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦਿਨ ਦੇ ਤਾਪਮਾਨ ਦੇ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ-ਤੇੜੇ ਰਹਿ ਸਕਦੇ ਹਨ। ਆਉਣ ਵਾਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਕੋਈ ਖਾਸ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ 29 ਨਵੰਬਰ ਤੋਂ 3 ਦਸੰਬਰ ਤੱਕ ਦੀ ਮਿਆਦ ਲਈ ਪੰਜਾਬ ਵਾਸਤੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।
Share this content:



Post Comment