Loading Now

ਪੰਜਾਬ ’ਚ ਠੰਢ ਵਧਣ ਦੇ ਸੰਕੇਤ, ਪੱਛਮੀ ਗੜਬੜੀ ਹੋਵੇਗੀ ਸਰਗਰਮ

ਪੰਜਾਬ ’ਚ ਠੰਢ ਵਧਣ ਦੇ ਸੰਕੇਤ, ਪੱਛਮੀ ਗੜਬੜੀ ਹੋਵੇਗੀ ਸਰਗਰਮ

ਮੁਹਾਲੀ, 12 ਨਵੰਬਰ-  ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਮੌਸਮ ਖੁਸ਼ਕ ਰਿਹਾ। ਸੂਬੇ ਵਿਚ ਰਾਤ ਦੇ ਔਸਤ ਤਾਪਮਾਨ ਵਿਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 3.4 ਡਿਗਰੀ ਵੱਧ ਹੈ। ਸਭ ਤੋਂ ਘੱਟ ਤਾਪਮਾਨ, 12 ਡਿਗਰੀ, ਬੱਲੋਵਾਲ ਸੌਂਖੜੀ ਵਿਖੇ ਦਰਜ ਕੀਤਾ ਗਿਆ। ਇਸ ਦੌਰਾਨ, ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 11.7 ਡਿਗਰੀ ਰਿਹਾ ਜੋ ਕਿ ਆਮ ਨਾਲੋਂ 2 ਡਿਗਰੀ ਘੱਟ ਹੈ ਅਤੇ ਇਹ ਇਸ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, 13 ਨਵੰਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, 14 ਤੋਂ 17 ਨਵੰਬਰ ਤੱਕ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ।

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਇਸ ਦੌਰਾਨ, ਚੰਡੀਗੜ੍ਹ ਵਿਚ ਅੱਜ ਤੋਂ 17 ਨਵੰਬਰ ਤੱਕ ਮੌਸਮ ਮੁੱਖ ਤੌਰ ‘ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 11 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ, ਉੱਤਰੀ ਪਾਕਿਸਤਾਨ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ‘ਪੱਛਮੀ ਗੜਬੜੀ ਸਰਗਰਮ ਹੈ। ਇਸ ਦੇ ਪ੍ਰਭਾਵ ਹੇਠ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿਚ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। 12 ਨਵੰਬਰ ਨੂੰ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ, ਤੂਫ਼ਾਨ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।

ਹਿਮਾਚਲ ਪ੍ਰਦੇਸ਼ ਵਿੱਚ ਵੀ, ਅੱਜ ਅਤੇ ਭਲਕੇ ਕੁਝ ਇਲਾਕਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਹਾੜੀ ਖੇਤਰਾਂ ਵਿੱਚ ਮੌਸਮ ਵਿੱਚ ਆਉਣ ਵਾਲਾ ਇਹ ਬਦਲਾਅ ਆਉਣ ਵਾਲੇ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ਦੇ ਤਾਪਮਾਨ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

Share this content:

Post Comment