ਪੰਜਾਬ ’ਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ 2424 ਅਸਾਮੀਆਂ ਖ਼ਾਲੀ
ਚੰਡੀਗੜ੍ਹ, 6 ਅਗਸਤ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਸੂਬੇ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਅਧਿਆਪਕਾਂ, ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਵੱਡੀ ਗਿਣਤੀ ’ਚ ਖ਼ਾਲੀ ਹਨ। ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ 2424 ਅਸਾਮੀਆਂ ਖ਼ਾਲੀ ਹਨ। ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰਾਂ ਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5686 ਮਨਜ਼ੂਰਸ਼ੂਦਾ ਅਸਾਮੀਆਂ ਹਨ, ਜਿਸ ਵਿੱਚੋਂ 3262 ਭਰੀਆਂ ਹੋਈਆਂ ਹਨ, ਜਦੋਂ ਕਿ ਬਾਕੀਆਂ ’ਤੇ ਲੋੜ ਅਨੁਸਾਰ ਭਰਤੀ ਕੀਤੀ ਜਾ ਰਹੀ ਹੈ।
ਸ੍ਰੀ ਕਾਲਾ ਢਿੱਲੋਂ ਨੇ ਸਵਾਲ ਕੀਤਾ ਕਿ ਕਾਲਜਾਂ ਵਿੱਚ ਗੈਸਟ ਫੈਲਕਟੀ ਦੇ ਅਧਿਆਪਕਾਂ ਨੰ ਪੱਕਾ ਕਰਨ ਬਾਰੇ ਸਰਕਾਰ ਦੀ ਕੋਈ ਤਜਵੀਜ਼ ਹੈ ਤਾਂ ਉਸ ਦੇ ਜਵਾਬ ਵਿੱਚ ਉੱਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਅਜਿਹੀ ਕੋਈ ਤਜਵੀਜ਼ ਨਹੀਂ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਲਡਿੰਗ ਮਟੀਰੀਅਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਰਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਕਈ ਥਾਵਾਂ ’ਤੇ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਪੱਧਰ ’ਤੇ ਨਵੀਂਆਂ ਕੀਮਤਾਂ ਤੈਅ ਕਰ ਲਈਆਂ ਹਨ, ਜਦੋਂ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਲੋਕ ਨਿਰਮਾਣ ਵਿਭਾਗ ਨਾਲ ਸਾਂਝੇ ਤੌਰ ’ਤੇ ਨਵੀਆਂ ਦਰਾਂ ਦਾ ਐਲਾਨ ਕੀਤਾ ਜਾਵੇਗਾ। ਬਿਜਲੀ ਮੰਤਰੀ ਤਰੁਨਪ੍ਰੀਤ ਸੌਂਦ ਨੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੁਫਤ ਬਿਜਲੀ ਨਹੀਂ ਦਿੱਤੀ ਜਾਂਦੀ। ਪਠਾਣਮਾਜਰਾ ਨੇ ਮੰਗ ਕੀਤੀ ਕਿ ਜੇ ਪੰਜਾਬ ਸਰਕਾਰ ਵੱਲੋਂ ਖੇਤੀ ਨੂੰ ਮੁਫਤ ਬਿਜਲੀ ਦਿੱਤੀ ਜਾਂਦੀ ਹੈ ਤਾਂ ਸਕੂਲਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇ।
ਪਤਾ ਨਹੀਂ ਕਦੋਂ, ਕਿਸ ਨੂੰ ਜੇਲ੍ਹ ਜਾਣਾ ਪੈ ਜਾਵੇ: ਪਠਾਣਮਾਜਰਾ
ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਵਾਟਰ ਕੂਲਰਾਂ ਅਤੇ ਪੱਖਿਆਂ ਦੀ ਘਾਟ ਦਾ ਮੁੱਦਾ ਚੁੱਕਿਆ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ 183 ਵਾਟਰ ਕੂਲਰ ਲੱਗੇ ਹੋਏ ਹਨ, ਜਦੋਂ ਕਿ 43 ਹੋਰ ਲਾਏ ਜਾ ਰਹੇ ਹਨ। ਇਸੇ ਤਰ੍ਹਾਂ 15438 ਛੱਤ ਵਾਲੇ ਪੱਖੇ ਲੱਗੇ ਹੋਏ ਹਨ ਅਤੇ 5250 ਹੋਰ ਲਾਏ ਜਾ ਰਹੇ ਹਨ, ਜਦੋਂ ਕਿ ਕਈ ਜੇਲ੍ਹਾਂ ਵਿੱਚ ਹਵਾਦਾਰ ਕੂਲਰ ਵੀ ਲੱਗੇ ਹੋ ਹਨ। ਪਠਾਣਮਾਜਰਾ ਨੇ ਕਿਹਾ ਕਿ ‘ਉਹ ਜੇਲ੍ਹ ਵਿੱਚ ਰਹਿ ਕੇ ਆਇਆ ਹੈ ਅਤੇ ਹੁਣ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੀ ਜੇਲ੍ਹ ਵਿੱਚ ਹਨ।
ਪਤਾ ਨਹੀਂ ਕਦੋਂ, ਕਿਸ ਨੂੰ ਜੇਲ੍ਹ ਜਾਣਾ ਪੈ ਜਾਵੇ।’ ਜੇਲ੍ਹਾਂ ਵਿੱਚ ਵਾਟਰ ਕੂਲਰਾਂ ਦੀ ਘਾਟ ਹੈ, ਜਿਸ ਨੂੰ ਪੂਰਾ ਕੀਤਾ ਜਾਣਾ ਚਾਹੀਦਾ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਕੀਟਨਾਸ਼ਕ ਨਿਰਮਾਤਾ ਦੇ ਸੈਂਪਲ ਫੇਲ੍ਹ ਹੋਣ ’ਤੇ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ ਹੈ।
ਜ਼ੀਰਾ ਦੇ ਵਿਧਾਇਕ ਨੇ ਸਰਕਾਰ ਘੇਰੀ
ਜ਼ੀਰਾ ਤੋਂ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਨੇ ਜ਼ੀਰਾ ਵਿੱਚ 29 ਖੇਡ ਮੈਦਾਨਾਂ ਦੀ ਉਸਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਸੌਂਦ ਨੇ ਕਿਹਾ ਕਿ 13 ਖੇਡ ਮੈਦਾਨਾਂ ਦਾ ਅਗਸਤ ਦੇ ਅਖੀਰ ਤੱਕ ਕੰਮ ਮੁਕੰਮਲ ਹੋ ਜਾਵੇਗਾ ਅਤੇ 14 ਹੋਰ ਦਾ ਸਤੰਬਰ ਤੱਕ ਕੰਮ ਖਤਮ ਕਰ ਕੇ ਉਦਘਾਟਨ ਕੀਤਾ ਜਾਵੇਗਾ।
Share this content:



Post Comment