ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਹੋਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਕੀਤਾ ਜਾਵੇਗਾ ਪ੍ਰੇਰਿਤ
*ਮੈਰਾਥਨ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਫ਼ਰੀਦਕੋਟ, 20 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਗੋਇਲ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਇਹ ਮੈਰਾਥਨ ਦੌੜ 1 ਨਵੰਬਰ ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੋਂ ਸ਼ੁਰੂ ਹੋਵੇਗੀ, ਜਿਸ ਵਿੱਚ ਵਿਦਿਆਰਥੀਆਂ, ਯੂਥ ਕਲੱਬਾਂ, ਸੀਨੀਅਰ ਸਿਟੀਜ਼ਨਾਂ ਅਤੇ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੁਚੱਜੇ ਰੂਟ ਪਲਾਨ, ਆਵਾਜਾਈ, ਪੁਲਿਸ ਸੁਰੱਖਿਆ, ਮੈਡੀਕਲ ਟੀਮਾਂ, ਐਂਬੂਲੈਂਸ, ਪੀਣ ਵਾਲੇ ਪਾਣੀ ਅਤੇ ਰਿਫਰੈਸ਼ਮੈਂਟ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ ਕੌਸ਼ਲ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ, ਡੀ.ਐੱਫ.ਐੱਸ.ਸੀ. ਸ੍ਰੀ ਗੁਰਜੀਤ ਸਿੰਘ ਦਿਓਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Share this content:



Post Comment