Loading Now

ਪੰਜਾਬ ਦੀ ਮੌਜੂਦਾ ਸਥਿਤੀ ਪੱਛਮੀ ਬੰਗਾਲ ਨਾਲੋਂ ਵੀ ਮਾੜੀ – ਸੈਣੀ

ਪੰਜਾਬ ਦੀ ਮੌਜੂਦਾ ਸਥਿਤੀ ਪੱਛਮੀ ਬੰਗਾਲ ਨਾਲੋਂ ਵੀ ਮਾੜੀ – ਸੈਣੀ

ਚੰਡੀਗੜ੍ਹ, 9 ਮਈ – ਪੰਜਾਬ ਦੀ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੀ ਹਾਲਤ “ਪੱਛਮੀ ਬੰਗਾਲ ਨਾਲੋਂ ਵੀ ਮਾੜੀ” ਹੋ ਗਈ ਹੈ ਕਿਉਂਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਦੀ ਅਲਾਮਤ, ਨਾਜਾਇਜ਼ ਮਾਈਨਿੰਗ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਸੂਬਾ ਸਿਆਸੀ ਤਬਦੀਲੀ ਤੇ ਸਥਿਰਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਸ਼ਾਸਨ ਮਾਡਲ ਵੱਲ “ਉਮੀਦ ਅਤੇ ਭਰੋਸੇ” ਨਾਲ ਦੇਖ ਰਿਹਾ ਹੈ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਹਰਿਆਣਾ ਨਿਵਾਸ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ।ਇਸ ਦੌਰਾਨ ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੇ ਕਾਰਜਕਾਲ ਦੌਰਾਨ ਆਮ ਲੋਕਾਂ ‘ਤੇ ਅੱਤਿਆਚਾਰ ਆਮ ਹੋ ਗਏ ਸਨ, ਲੋਕਾਂ ਦਾ ਦਿਨ-ਦਿਹਾੜੇ ਕਤਲ ਕੀਤਾ ਜਾਂਦਾ ਸੀ ਅਤੇ ਪੁਲੀਸ ਵੱਲੋਂ ਐੱਫ ਆਈ ਆਰ ਤੱਕ ਦਰਜ ਨਹੀਂ ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਹੁਣ ਅਜਿਹੇ ਹੀ ਹਾਲਾਤ ਦੇਖਣ ਨੂੰ ਮਿਲ ਰਹੇ ਹਨ।

ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਮਾਰ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਿਲਕੁਲ ਬਾਹਰ ਹੈ। ਪੰਜਾਬ ਵਿੱਚ ਹਾਲ ਹੀ ‘ਚ ਹੋਏ ਬੰਬ ਧਮਾਕਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਾ ਹੋਣ ਦਾ ਦਾਅਵਾ ਕੀਤਾ ਸੀ, ਉੱਥੇ ਹੀ ਸੂਬੇ ਦੇ ਡੀ ਜੀ ਪੀ ਨੇ ਇਸ ਮਾਮਲੇ ਦਾ ਆਈ ਐੱਸ ਆਈ (ISI) ਨਾਲ ਸਬੰਧ ਹੋਣ ਦਾ ਸੰਕੇਤ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰੀ ਅਤੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦਾ ਮਹਿਜ਼ ਦਿਖਾਵਾ ਕਰ ਰਹੀ ਹੈ। ਸੈਣੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕ ਕਾਂਗਰਸ ਦੇ ਭ੍ਰਿਸ਼ਟਾਚਾਰ ਤੋਂ ਅੱਕ ਚੁੱਕੇ ਸਨ, ਪਰ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਂਗਰਸ ਤੋਂ ਵੀ “ਚਾਰ ਕਦਮ ਅੱਗੇ” ਨਿਕਲ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਹਰਿਆਣਾ ਵਿੱਚ ਲਾਗੂ ਉਹੀ ਲੋਕ ਭਲਾਈ ਸਕੀਮਾਂ ਉੱਥੇ ਵੀ ਸ਼ੁਰੂ ਕੀਤੀਆਂ ਜਾਣਗੀਆਂ। ਵਿਰੋਧੀ ਧਿਰ ਵੱਲੋਂ ਪੰਜਾਬ ਦੌਰਿਆਂ ‘ਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਨਾਲ ਆਪਣੇ ਪ੍ਰੋਗਰਾਮਾਂ ਵਿੱਚ ਬਲਾਉਂਦੇ ਹਨ।

Share this content:

Post Comment