ਪੰਜਾਬ ਵਿਚ ਵਾਪਰਿਆ ਵੱਡਾ ਹਾਦਸਾ, ਪਟਿਆਲਾ ਸੰਗਰੂਰ ਰੋਡ ‘ਤੇ ਨਹਿਰ ਵਾਲਾ ਲੋਹੇ ਦਾ ਪੁੱਲ ਡਿੱਗਿਆ
ਪਟਿਆਲਾ, 19 ਨਵੰਬਰ – ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ‘ਤੇ ਭਾਖੜਾ ਨਹਿਰ ਉੱਪਰ ਬਣਿਆ ਇੱਕ ਬੇਲੀ ਪੁਲ ਵੀਰਵਾਰ ਸਵੇਰੇ ਅਚਾਨਕ ਡਿੱਗ ਗਿਆ। ਇਸ ਦੌਰਾਨ ਦੋ ਟਰੱਕ ਹੇਠਾਂ ਡਿੱਗ ਕੇ ਪੁਲ ਦੇ ਮਲਬੇ ਵਿੱਚ ਲਟਕ ਗਏ। ਇਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ, ਪਰ ਟਰੱਕਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਘਟਨਾ ਤੜਕਸਾਰ ਪਿੰਡ ਪਸਿਆਣਾ ਨੇੜੇ ਉਸ ਸਮੇਂ ਵਾਪਰੀ ਜਦੋਂ ਦੋ ਟਰੱਕ ਪੁਲ ਤੋਂ ਲੰਘ ਰਹੇ ਸਨ। ਇਹ ਟਰੱਕ ਰੇਤ ਨਾਲ ਭਰੇ ਹੋਏ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਪੁਲ ਜ਼ਿਆਦਾ ਭਾਰ ਕਾਰਨ ਡਿੱਗਿਆ ਹੈ—ਜੋ ਸ਼ਾਇਦ ਪੁਲ ਤੋਂ ਲੰਘਣ ਦੀ ਨਿਰਧਾਰਤ ਸੀਮਾ ਤੋਂ ਵੱਧ ਸੀ। ਪਰ, ਅਸਲ ਕਾਰਨਾਂ ਦਾ ਪਤਾ ਤਕਨੀਕੀ ਮਾਹਿਰਾਂ ਵੱਲੋਂ ਲਗਾਇਆ ਜਾਵੇਗਾ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਛੇ ਵਜੇ ਜਦੋਂ ਇਸ ਪੁਲ ਤੋਂ ਤਿੰਨ ਗੱਡੀਆਂ ਲੰਘ ਰਹੀਆਂ ਸਨ ਤਾਂ ਜਦੋਂ ਇਕ ਗੱਡੀ ਦਾ ਅੱਧਾ ਹਿੱਸਾ ਅਜੇ ਪੁਲ ‘ਤੇ ਹੀ ਸੀ ਤਾਂ ਪੁੱਲ ਡਿੱਗ ਟੁੱਟ ਗਿਆ ਪਰੰਤੂ ਉਸ ਟਰੱਕ ਡਰਾਈਵਰ ਨੇ ਭਜਾ ਕੇ ਆਪਣੀ ਗੱਡੀ ਕੱਢ ਦਿੱਤੀ। ਪਰੰਤੂ ਜਿਹੜੀਆਂ ਦੋ ਗੱਡੀਆਂ ਪੁਲ ਦੇ ਉੱਪਰ ਸਨ ਉਹ ਪੁਲ ਦੇ ਨਾਲ ਹੀ ਹੇਠਾਂ ਡਿੱਗ ਗਈਆਂ।
ਪੁਲ ਡਿੱਗਣ ਤੋਂ ਬਾਅਦ, ਦੋਵੇਂ ਟਰੱਕ ਟੁੱਟੇ ਹੋਏ ਢਾਂਚੇ ਵਿੱਚ ਫਸ ਗਏ ਅਤੇ ਨਹਿਰ ਦੇ ਉੱਪਰ ਲਟਕਦੇ ਰਹੇ, ਜਦਕਿ ਭਾਖੜਾ ਨਹਿਰ ਦਾ ਪਾਣੀ ਡਿੱਗੇ ਹੋਏ ਪੁਲ ਦੇ ਉੱਪਰੋਂ ਵਹਿ ਰਿਹਾ ਸੀ। ਇੱਕ ਟਰੱਕ ਨੂੰ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਟੀਮਾਂ, ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਸਮੇਤ ਸਥਿਤੀ ਨੂੰ ਸੰਭਾਲਣ ਅਤੇ ਰਾਹਤ ਤੇ ਬਚਾਅ ਕਾਰਜ ਚਲਾਉਣ ਲਈ ਮੌਕੇ ‘ਤੇ ਪਹੁੰਚ ਗਈਆਂ। ਆਲੇ ਦੁਆਲੇ ਲੋਹੇ ਦਾ ਜੰਗਲਾ ਹੋਣ ਕਾਰਨ ਪੁਲ ਪਾਣੀ ਵਿੱਚ ਤਾਂ ਨਹੀਂ ਰੁੜੀਆਂ ਪ੍ਰੰਤੂ ਇੱਕ ਟਰੱਕ ਨੂੰ ਅੱਗ ਲੱਗ ਗਈ ਅਤੇ ਉਹ ਨਸ਼ਟ ਹੋ ਗਿਆ। ਮੁਢਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਅੱਗ ਟਰੱਕ ਦੀਆਂ ਹੀ ਤਾਰਾਂ ਸ਼ਾਰਟ ਹੋਣ ਕਰਨ ਲੱਗੀ। ਇਸ ਦੌਰਾਨ ਇੱਕ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਪੁਲੀਸ ਨੇ ਹਸਪਤਾਲ ਦਾਖਲ ਕਰਾਇਆ ਹੈ ਹਾਲਾਂਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋ ਬਚਾਅ ਰਿਹਾ।
ਪ੍ਰਭਾਵਿਤ ਹਾਈਵੇਅ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਮੋੜ (ਡਾਇਵਰਟ) ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਹ ਕੌਮੀ ਮਾਰਗ 2016 ਵਿੱਚ ਮੁਕੰਮਲ ਹੋਇਆ ਸੀ ਅਤੇ ਇਹ ਪੁਲ ਵੀ ਉਸੇ ਸਮੇਂ ਬਣਾਇਆ ਗਿਆ ਸੀ—ਜਿਸ ਕਾਰਨ ਕਰੀਬ 10 ਸਾਲਾਂ ਬਾਅਦ ਹੀ ਇਸ ਦੇ ਡਿੱਗਣ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਸਬੰਧੀ ਪੱਖ ਜਾਣਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਫੋਨ ਨਾ ਚੁੱਕਣ ਕਾਰਨ ਸੰਪਰਕ ਨਹੀਂ ਹੋ ਸਕਿਆ। ਹੋਰ ਵੇਰਵਿਆਂ ਅਨੁਸਾਰ PB-03-BC-9456 ਅਤੇ HR-63-B-4935 ਨੰਬਰਾਂ ਵਾਲੇ ਟਰੱਕ ਵਿੱਚ ਡਿੱਗੇ ਹਨ। ਜਿਨਾਂ ਵਿੱਚੋਂ ਇੱਕ ਟਰੱਕ ਨੂੰ ਅੱਗ ਲੱਗ ਗਈ। ਇਨ੍ਹਾਂ ਵਿੱਚੋਂ ਹੀ ਇੱਕ ਟਰੱਕ ਦੇ ਜਖਮੀ ਹੋਏ ਡਰਾਈਵਰ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਉਹ PB-03-BC-9456 ਨੰਬਰ ਵਾਲੇ ਟਰੱਕ ਦਾ ਡਰਾਈਵਰ ਹੈ। ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ ਹੈ। ਇੱਥੇ ਇਹ ਧਿਆਨ ਦੇਣ ਯੋਗ ਹੈ ਕਿ ਭਾਖੜਾ ਦਾ ਪਾਣੀ ਹੁਣ ਪੁਲ ਦੇ ਉਸ ਹਿੱਸੇ ਉੱਤੇ ਆਪਣੇ ਆਮ ਰਸਤੇ ਵਿੱਚ ਵਗ ਰਿਹਾ ਹੈ ਜੋ ਨਹਿਰ ਵਿੱਚ ਡਿੱਗ ਗਿਆ ਹੈ। ਇਸੇ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਰਣਜੀਤ ਸਵਾਜਪੁਰ, ਬੀਕੇਯੂ ਕ੍ਰਾਂਤੀਕਾਰੀ ਦੇ ਆਗੂ ਅਵਤਾਰ ਸਿੰਘ ਕੌਰਜੀਵਾਲਾ ਦੀ ਅਗਵਾਈ ਵਿੱਚ ਘਟਨਾ ਸਥਾਨ ਤੇ ਪੁੱਜੇ ਇਲਾਕੇ ਦੇ ਕਿਸਾਨਾਂ ਨੇ ਕਿਹਾ ਕਿ ਪੁਲ ਦੇ ਡਿੱਗਣ ਨਾਲ ਭਾਖੜਾ ਦੇ ਕੰਢੇ ਨੁਕਸਾਨੇ ਗਏ ਹਨ।
Share this content:



Post Comment