ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਬੋਰਡ ਦੇ ਦਫ਼ਤਰ ਵਿੱਚ ਵਿਭਾਗ ਦੇ ਅਧਿਕਾਰੀਆਂ ਨਾਲ ਖ਼ਰੀਦ ਦੇ ਸੁਚਾਰੂ ਪ੍ਰਬੰਧਾਂ ਲਈ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ 1886 ਮੰਡੀਆਂ ’ਚੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਚੇਅਰਮੈਨ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ, ਪੀਣ ਵਾਲੇ ਪਾਣੀ ਅਤੇ ਪਖਾਨੇ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਮਜ਼ਦੂਰਾਂ ਦੇ ਆਰਾਮ ਲਈ ਢੁਕਵੇਂ ਛਾਂਦਾਰ ਖੇਤਰ ਬਣਾਉਣ ਲਈ ਵੀ ਕਿਹਾ।ਬਰਸਟ ਨੇ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਪਹਿਲੀ ਅਕਤੂਬਰ ਤੋਂ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਕਿਸੇ ਵੀ ਸਮੱਸਿਆ ਦੇ ਤੁਰੰਤ ਨਿਬੇੜੇ ਲਈ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0172-5101649 ਅਤੇ 0172-5101704 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ, ਸੰਯੁਕਤ ਸਕੱਤਰ ਹਰਜੀਤ ਸਿੰਘ ਸੰਧੂ ਅਤੇ ਮੁੱਖ ਇੰਜਨੀਅਰ ਗੁਰਿੰਦਰ ਸਿੰਘ ਚੀਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਪੰਜਾਬ ਸਰਕਾਰ ਵੱਲੋਂ ਇਸ ਵਰ੍ਹੇ 15 ਜੂਨ ਦੀ ਥਾਂ ਪਹਿਲੀ ਜੂਨ ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸ ਕਰ ਕੇ ਕਿਸਾਨਾਂ ਦੀ ਫ਼ਸਲ ਪਹਿਲਾਂ ਪੱਕ ਗਈ ਹੈ ਅਤੇ ਮੰਡੀਆਂ ਵਿੱਚ ਕਈ ਦਿਨਾਂ ਤੋਂ ਝੋਨੇ ਦੀ ਆਮਦ ਆਰੰਭ ਹੋ ਚੁੱਕੀ ਹੈ। ਕਿਸਾਨ ਜਥੇਬੰਦੀਆਂ ਝੋਨੇ ਦੀ ਜਲਦੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਦਾ ਤਰਕ ਹੈ ਕਿ ਜਦੋਂ ਝੋਨੇ ਦੀ ਲਵਾਈ ਅਗੇਤੀ ਕਰਵਾਈ ਗਈ ਸੀ, ਤਾਂ ਫਿਰ ਖ਼ਰੀਦ ਦਾ ਅਗੇਤਾ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ।
Share this content:



Post Comment