Loading Now

ਪੰਜਾਬ ਸਰਕਾਰ ਨੇ ਖੇਡ ਭਲਾਈ ਬੋਰਡ ਬਣਾਇਆ

ਪੰਜਾਬ ਸਰਕਾਰ ਨੇ ਖੇਡ ਭਲਾਈ ਬੋਰਡ ਬਣਾਇਆ

ਚੰਡੀਗੜ੍ਹ, 2 ਜੂਨ – ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵੱਡਾ ਕਦਮ ਚੁੱਕਦਿਆਂ ਖੇਡ ਭਲਾਈ ਬੋਰਡ ਬਣਾਇਆ ਹੈ। ਸਰਕਾਰ ਨੇ ਕੁਸ਼ਤੀ ਖਿਡਾਰੀ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਇਸ ਨਵੇਂ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਸਰਵਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਬੋਰਡ ਵਿੱਚ ਚੇਅਰਮੈਨ ਤੋਂ ਇਲਾਵਾ 9 ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਗਗਨਦੀਪ ਸਿੰਘ ਬਰਾੜ, ਮਨਪ੍ਰੀਤ ਸਿੰਘ, ਵਿੱਕੀ ਘਨੌਰ, ਗੁਰਕਮਲਜੀਤ ਸਿੰਘ (ਬਿੱਲਾ ਜੌਹਲ), ਅਮਨਦੀਪ ਸਿੰਘ, ਬੁੱਧ ਸਿੰਘ ਦੁਲੇਤਾ, ਸੋਨੀਆ, ਪਵਨ ਸ਼ਰਮਾ ਅਤੇ ਨਵਜੋਤਦੀਪ ਸਿੰਘ ਦੇ ਨਾਂ ਸ਼ਾਮਲ ਹਨ। ਤਰਨ ਤਾਰਨ ਦੇ ਰਹਿਣ ਵਾਲੇ ਜਸਕੰਵਰ ਸਿੰਘ ਜੱਸਾ ਪੱਟੀ ਨੇ ਛੋਟੀ ਉਮਰ ਵਿੱਚ ਹੀ ਕੁਸ਼ਤੀ ਖੇਡਣੀ ਸ਼ੁਰੂ ਕਰ ਦਿੱਤੀ ਸੀ। ਉਹ ਹੁਣ ਤੱਕ ਦੇਸ਼ ਭਰ ਵਿੱਚ 1500 ਤੋਂ ਵੱਧ ਦੰਗਲ ਖੇਡ ਕੇ ਲੋਹਾ ਮਨਵਾ ਚੁੱਕਾ ਹੈ। ਖੇਡ ਭਲਾਈ ਬੋਰਡ ਦੀ ਅਹਿਮ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜੱਸਾ ਪੱਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸੂਬੇ ਵਿੱਚ ਖੇਡਾਂ ਪ੍ਰਫੱਲਤ ਕਰਨ ਲਈ ਖੇਡ ਮੈਦਾਨਾਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਕਰਨਗੇ। ਇਸ ਦੇ ਨਾਲ ਹੀ ਉਹ ਕੋਚਾਂ ਅਤੇ ਖਿਡਾਰੀਆਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣਗੇ ਤਾਂ ਜੋ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਚਮਕ ਸਕਣ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਬਣੇ ਚੇਅਰਮੈਨ ਅਤੇ ਬਾਕੀ ਮੈਂਬਰਾਂ ਨੂੰ ਇਸ ਨਿਯੁਕਤੀ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਖੇਡ ਭਲਾਈ ਬੋਰਡ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਖੇਡ ਮੈਦਾਨਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ।

Share this content:

Post Comment