Loading Now

ਪੰਜਾਬ ਸਰਕਾਰ ਵੱਲੋਂ 672 ਨਰਸਾਂ ਦੀ ਭਰਤੀ

ਪੰਜਾਬ ਸਰਕਾਰ ਵੱਲੋਂ 672 ਨਰਸਾਂ ਦੀ ਭਰਤੀ

ਚੰਡੀਗੜ੍ਹ, 12 ਮਾਰਚ – ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ 672 ਨਰਸਾਂ ਦੀ ਭਰਤੀ ਕਰਨ ਜਾ ਰਹੀ ਹੈ। ਯੋਗ ਉਮੀਦਵਾਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਦਾ ਪੋਰਟਲ 13 ਮਾਰਚ ਤੋਂ 2 ਅਪਰੈਲ ਤੱਕ ਖੁੱਲ੍ਹਾ ਰਹੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ 406 ਸਟਾਫ਼ ਨਰਸਾਂ ਦੀਆਂ ਅਸਾਮੀਆਂ ਤੋਂ ਇਲਾਵਾ ਹੈ, ਜਿਨ੍ਹਾਂ ਵਿੱਚੋਂ 275 ਨਿਯੁਕਤੀ ਪੱਤਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਨਰਸਾਂ ਵੱਖ-ਵੱਖ ਸਬ-ਡਵੀਜ਼ਨਲ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਤਾਇਨਾਤ ਹਨ। 672 ਹੋਰ ਨਰਸਾਂ ਦੀ ਭਰਤੀ ਨਾਲ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਪੱਧਰ ‘ਤੇ ਕੰਮ ਦਾ ਬੋਝ ਘਟੇਗਾ ਅਤੇ ਮਰੀਜ਼ਾਂ ਦੀ ਦੇਖਭਾਲ ਵਿੱਚ ਸੁਧਾਰ ਹੋਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਲਾਂ ਵਿੱਚ 1,500 ਤੋਂ ਵੱਧ ਡਾਕਟਰ ਭਰਤੀ ਕੀਤੇ ਗਏ ਹਨ, ਜਿਨ੍ਹਾਂ ਵਿੱਚ 600 ਮਾਹਿਰ (ਸਪੈਸ਼ਲਿਸਟ) ਅਤੇ 948 ਜਨਰਲ ਡਾਕਟਰ ਸ਼ਾਮਲ ਹਨ। ਇਹ ਨਿਯੁਕਤੀਆਂ ਪੰਜਾਬ ਵਿੱਚ ਸੇਵਾ ਕਰ ਰਹੇ ਕੁੱਲ ਡਾਕਟਰਾਂ ਦਾ ਲਗਪਗ 35 ਫੀਸਦੀ ਹਨ। ਸਰਕਾਰ ਨੇ ‘ਆਮ ਆਦਮੀ ਕਲੀਨਿਕਾਂ’ ਦੇ ਨੈੱਟਵਰਕ ਨੂੰ ਵਧਾਉਣ ਦੇ ਨਾਲ-ਨਾਲ ਸੈਕੰਡਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਦਿੱਤਾ ਹੈ। ਇਸ ਤੋਂ ਇਲਾਵਾ, 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਫ਼ਤ ਦਵਾਈਆਂ ਅਤੇ ਆਧੁਨਿਕ ਮੈਡੀਕਲ ਉਪਕਰਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਇਲਾਜ ਮਿਲ ਸਕੇ।

Share this content:

Post Comment