ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਵਿਖੇ ਨਸ਼ਿਆਂ ਵਿਰੁੱਧ ਵਿਸ਼ਾਲ ਬਾਈਕ ਰੈਲੀ; ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੱਸਿਆ ਪੂਰੀ ਤਰ੍ਹਾਂ ਫੇਲ੍ਹ
ਮੋਹਾਲੀ, 19 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਮੋਹਾਲੀ ਵਿਖੇ ਨਸ਼ਿਆਂ ਦੇ ਕੋਹੜ ਵਿਰੁੱਧ ਇੱਕ ਵਿਸ਼ਾਲ ਬਾਈਕ ਰੈਲੀ ਕੱਢੀ ਗਈ, ਜਿਸ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਨਸ਼ਾ ਮੁਕਤ ਪੰਜਾਬ ਦੀ ਆਵਾਜ਼ ਬੁਲੰਦ ਕਰਦਿਆਂ ਸਿੱਧੂ ਨੇ ਸੂਬੇ ਵਿੱਚ ਨਸ਼ਿਆਂ ਦੀ ਲਗਾਤਾਰ ਵਧ ਰਹੀ ਸਮੱਸਿਆ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹਾਲ ਹੀ ਵਿੱਚ ਹੋਈ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ।
ਇਕੱਠ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਅਤੇ ਨਸ਼ਿਆਂ ਨਾਲ ਜੁੜੀਆਂ ਹੋਰ ਹਾਲੀਆ ਦੁਖਦਾਈ ਘਟਨਾਵਾਂ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਅਨੇਕਾਂ ਪਰਿਵਾਰ ਨਸ਼ਿਆਂ ਦੀ ਲਤ ਅਤੇ ਮੌਤਾਂ ਦਾ ਸੰਤਾਪ ਹੰਢਾ ਰਹੇ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਠੋਸ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਰਕਾਰ ਆਪਣੀ ਜਵਾਬਦੇਹੀ ਤੈਅ ਕਰੇ।

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਸਿੱਧੂ ਨੇ ਕਿਹਾ ਕਿ ਸਰਕਾਰ ਦੀ ਬਹੁ-ਚਰਚਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਸਿਰਫ਼ ਪ੍ਰਚਾਰ ਕਰਨ ਅਤੇ ਐਲਾਨ ਕਰਨ ਨਾਲ ਨਸ਼ਿਆਂ ਦੀ ਸਮੱਸਿਆ ਖ਼ਤਮ ਨਹੀਂ ਹੋ ਸਕਦੀ। ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਸ਼ਿਕਾਇਤਾਂ ਨੂੰ ਅਣਗੌਲਿਆਂ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਅਤੇ ਨਸ਼ਾ ਪੀੜਤਾਂ ਲਈ ਬਿਹਤਰ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਦੀ ਮੰਗ ਕੀਤੀ।
ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਸਿੱਧੂ ਨੇ ਕਿਹਾ ਕਿ ਸਰਹੱਦ ਪਾਰੋਂ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਫੜੇ ਜਾਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਸਵਾਲ ਕੀਤਾ ਕਿ ਵੱਡੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਬਣਾਏ ਗਏ ਪ੍ਰਬੰਧ ਕਿੰਨੇ ਪ੍ਰਭਾਵਸ਼ਾਲੀ ਹਨ। ਕੇਂਦਰ ਅਤੇ ਸੂਬਾ ਸਰਕਾਰ ਇੱਕ-ਦੂਜੇ ਸਿਰ ਜ਼ਿੰਮੇਵਾਰੀ ਪਾ ਕੇ ਆਪਣੀ ਜਵਾਬਦੇਹੀ ਤੋਂ ਨਹੀਂ ਬਚ ਸਕਦੀਆਂ।

ਕਾਂਗਰਸ ਪਾਰਟੀ ਦੀ ਵਚਨਬੱਧਤਾ ਦੁਹਰਾਉਂਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਿਆਸੀ ਵਾਅਦਿਆਂ ਦੀ ਥਾਂ ਜ਼ਮੀਨੀ ਪੱਧਰ ‘ਤੇ ਠੋਸ ਕਾਰਵਾਈ ਨਹੀਂ ਹੁੰਦੀ। ਪੰਜਾਬ ਦੀ ਜਵਾਨੀ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਆਸੀ ਜਵਾਬਦੇਹੀ, ਪ੍ਰਭਾਵਸ਼ਾਲੀ ਕਾਰਵਾਈ ਅਤੇ ਨਿਰੰਤਰ ਯਤਨਾਂ ਦੀ ਲੋੜ ਹੈ।
ਰੈਲੀ ਵਿੱਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ:
ਇਸ ਰੈਲੀ ਵਿੱਚ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਕੰਵਰਬੀਰ ਸਿੰਘ ਸਿੱਧੂ, ਮੰਡਲ ਪ੍ਰਧਾਨ ਅਸ਼ੋਕ ਕੌਂਡਲ, ਕੁਲਵਿੰਦਰ ਸਿੰਘ ਸੰਜੂ, ਹੈਪੀ ਮਲੀਕ, ਨਵਦੀਪ ਸਿੰਘ ਨਵੀ ਸੰਧੂ, ਰਜਿੰਦਰ ਸਿੰਘ ਰਾਣਾ (ਸਾਬਕਾ ਪ੍ਰਧਾਨ ਨਗਰ ਨਿਗਮ ਮੋਹਾਲੀ), ਕਮਲਪ੍ਰੀਤ ਸਿੰਘ ਬੰਨੀ ਕੌਂਸਲਰ, ਅਮਨ ਪਾਸਵਾਨ ਕੌਂਸਲਰ, ਦਵਿੰਦਰ ਕੌਰ ਵਾਲਿਆਂ, ਪਰਮਜੀਤ ਸਿੰਘ ਹੈਪੀ, ਇੰਦਰਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਫੇਸ-6, ਮੁਕੁਲ ਸ਼ਰਮਾਂ (ਬਲਾਕ ਯੂਥ ਕਾਂਗਰਸ ਪ੍ਰਧਾਨ), ਰਵਿੰਦਰ ਸਿੰਘ ਰਵੀ (ਚੇਅਰਮੈਨ ਐਸ.ਸੀ. ਸੈੱਲ), ਰਾਮ ਨਾਥ ਪਾਸਵਾਨ (ਚੇਅਰਮੈਨ ਐਸ.ਸੀ. ਸੈੱਲ), ਪਰਮਜੀਤ ਸਿੰਘ ਚੌਹਾਨ (ਆਈ.ਟੀ. ਸੈੱਲ), ਬਲਜਿੰਦਰ ਸਿੰਘ, ਓਮੀ ਗਿਰ ਸ਼ਾਮਪੁਰ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਨਮੋਹਣ ਸਿੰਘ, ਕੁਲਵੰਤ ਸਿੰਘ ਫੌਜ਼ੀ, ਸੰਜੀਵ ਬੰਟੀ ਗੋਬਿੰਦਗੜ੍ਹ, ਕਰਨਵੀਰ ਸਿੰਘ ਢਿੱਲੋਂ, ਨਵਦੀਪ ਸਿੰਘ ਗੋਲਡੀ ਦਾਊ, ਸ਼ਮੀ ਜਗਤਪੁਰਾ, ਸਤੀਸ਼ ਕੁਮਾਰ ਜਗਤਪੁਰਾ, ਜਤਿੰਦਰ ਸੋਢੀ, ਸੁਰਜੀਤ ਸਿੰਘ, ਰਘਬੀਰ ਸਿੰਘ, ਅਜਮੇਰ ਸਿੰਘ (ਸਾਬਕਾ ਸਰਪੰਚ ਦਾਊਂ), ਦਲਵਿੰਦਰ ਸਿੰਘ ਸੈਣੀ ਦਾਊ, ਅਮਰਜੀਤ ਸਿੰਘ ਮੋਨੀ ਜੁਝਾਰ ਨਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਰਕਰ, ਪੰਚ ਅਤੇ ਸਰਪੰਚ ਹਾਜ਼ਰ ਸਨ।
Share this content:



Post Comment