Loading Now

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਦਾ ਘਿਰਾਓ,

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਦਾ ਘਿਰਾਓ,

 

ਪਾਵਰਕੌਮ ਅਤੇ ਟ੍ਰਾਂਸਕੋ ਦੇ ਵੱਡੀ ਗਿਣਤੀ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ‘ਸਾਂਝੇ ਥੜ੍ਹੇ’ ਦੀ ਅਗਵਾਈ ਹੇਠ ਅੱਜ ਪਟਿਆਲਾ ਦੇ ਮਾਲ ਰੋਡ ’ਤੇ ਪ੍ਰਦਰਸ਼ਨ ਕਰਦਿਆਂ ਪਾਵਰਕੌਮ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਮੁਲਾਜ਼ਮਾਂ ਦਾ ਵਧਦਾ ਰੋਹ ਦੇਖਦਿਆਂ ਦਫ਼ਤਰ ਵਿੱਚ ਮੀਟਿੰਗ ਕਰ ਰਹੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਦਖ਼ਲ ਦਿੱਤਾ। ਜਦੋਂ ਉਨ੍ਹਾਂ 16 ਅਪਰੈਲ ਨੂੰ ਉਦਯੋਗ ਭਵਨ ਚੰਡੀਗੜ੍ਹ ਵਿੱਚ ਪੈਨਲ ਮੀਟਿੰਗ ਕਰਨ ਦਾ ਲਿਖਤੀ ਭਰੋਸਾ ਦਿੱਤਾ ਤਾਂ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ।‘ਸਾਂਝੇ ਥੜ੍ਹੇ’ ਵਿੱਚ ਪੀ ਐੱਸ ਈ ਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰਜ਼ ਤੇ ਹੋਰ ਯੂਨੀਅਨਾਂ ਸ਼ਾਮਲ ਹਨ। ਇਨ੍ਹਾਂ ਦੇ ਆਗੂਆਂ ਹਰਪਾਲ ਧਾਲੀਵਾਲ, ਮਨਜੀਤ ਚਾਹਲ ਅਤੇ ਹੋਰਨਾਂ ਨੇ ਸੰਬੋਧਨ ਕਰਦਿਆਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਵਿੱਤ ਤੇ ਬਿਜਲੀ ਮੰਤਰੀ ਦੀ ਮੌਜੂਦਗੀ ਵਿੱਚ ਹੋਈਆਂ ਮੀਟਿੰਗਾਂ ਦੇ ਫ਼ੈਸਲੇ ਹਾਲੇ ਤੱਕ ਲਾਗੂ ਨਹੀਂ ਕੀਤੇ ਗਏ। ਉਨ੍ਹਾਂ ਐਲਾਨ ਕੀਤਾ ਕਿ ਉਹ 11 ਤੋਂ 25 ਅਪਰੈਲ ਤੱਕ ਕੋਈ ਵੀ ਵਾਧੂ ਡਿਊਟੀ ਨਹੀਂ ਕਰਨਗੇ ਅਤੇ ਮੰਗਾਂ ਨਾ ਮੰਨੇ ਜਾਣ ’ਤੇ ਮਈ ਦੇ ਦੂਜੇ ਹਫ਼ਤੇ ਸੰਗਰੂਰ ਵਿੱਚ ਸੂਬਾਈ ਮੁਜ਼ਾਹਰਾ ਕੀਤਾ ਜਾਵੇਗਾ।

ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਰੋਕਿਆ ਹੋਇਆ 16 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਤਨਖਾਹ ਸੋਧ ਦੀਆਂ ਤਰੁਟੀਆਂ ਦੂਰ ਕਰਨਾ ਅਤੇ ਬਕਾਏ ਦੀ ਅਦਾਇਗੀ ਸ਼ਾਮਲ ਹੈ। ਆਗੂਆਂ ਨੇ ਨਿੱਜੀਕਰਨ ਦੀ ਪ੍ਰਕਿਰਿਆ ਰੋਕਣ, ਖ਼ਾਲੀ ਪਈਆਂ 50 ਹਜ਼ਾਰ ਅਸਾਮੀਆਂ ’ਤੇ ਪੱਕੀ ਭਰਤੀ ਕਰਨ ਅਤੇ ਨਵੇਂ ਮੁਲਾਜ਼ਮਾਂ ’ਤੇ ਕੇਂਦਰੀ ਸਕੇਲ ਥੋਪਣ ਦਾ ਵੀ ਵਿਰੋਧ ਕੀਤਾ। ਇਸ ਮੌਕੇ ਵੱਖ-ਵੱਖ ਇਕਾਈਆਂ ਦੇ ਸੈਂਕੜੇ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੰਘਰਸ਼ ਹੋਰ ਤਿੱਖਾ ਕਰਨ ਦਾ ਅਹਿਦ ਲਿਆ।

Share this content:

Post Comment