ਭਾਰੀ ਮੀਂਹ ਨਾਲ ਗੁਰਦਾਸਪੁਰ ‘ਚ ਟੁੱਟਿਆ ਧੁੱਸੀ ਬੰਨ੍ਹ
ਗੁਰਦਾਸਪੁਰ, 4 ਜੁਲਾਈ – ਪੰਜਾਬ ਤੇ ਚੰਡੀਗੜ੍ਹ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ, ਚੰਡੀਗੜ੍ਹ, ਗੁਰਦਾਸਪੁਰ, ਪਠਾਨਕੋਟ, ਫਰੀਦਕੋਟ, ਮੋਹਾਲੀ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪਿਆ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਗੁਰਦਾcਸਪੁਰ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪੈਣ ਕਾਰਨ ਬਹਿਰਾਮਪੁਰ ਵਿੱਚ ਧੁੱਸੀ ਬੰਨ੍ਹ ਟੁੱਟ ਗਿਆ, ਜਿਸ ਨਾਲ ਮੁਗਲਨਿਚੱਕ ਪਿੰਡ ਦੇ ਖੇਤਾਂ ਵਿਚ ਪਾਣੀ ਭਰ ਗਿਆ। ਹਾਲਾਂਕਿ, ਪਾਣੀ ਹੁਣ ਨਿਕਲਣਾ ਸ਼ੁਰੂ ਹੋ ਗਿਆ ਹੈ, ਅਤੇ ਸਥਿਤੀ ਆਮ ਵਾਂਗ ਹੋ ਰਹੀ ਹੈ। ਇਹ ਬੰਨ੍ਹ ਪਿਛਲੇ ਸਾਲ ਦੇ ਹੜ੍ਹਾਂ ਦੌਰਾਨ ਟੁੱਟ ਗਿਆ ਸੀ ਅਤੇ ਵਿਭਾਗ ਨੇ ਇਸਦੀ ਪੂਰੀ ਤਰ੍ਹਾਂ ਮੁਰੰਮਤ ਨਹੀਂ ਕੀਤੀ ਸੀ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ 9 ਜੁਲਾਈ ਤੱਕ ਮੌਸਮ ਅਜਿਹਾ ਹੀ ਰਹੇਗਾ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਲਈ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Share this content:



Post Comment