Loading Now

ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਲਿਆ ਜਾਇਜ਼ਾ

ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਲਿਆ ਜਾਇਜ਼ਾ

ਚੰਡੀਗੜ੍ਹ, 2 ਸਤੰਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਮੰਗਲਵਾਰ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲੱਗਭੱਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ।

ਉਨ੍ਹਾ ਦੱਸਿਆ ਕਿ ਇਸ ਸੀਜ਼ਨ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ 9 ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਕੁੱਲ 38 ਖੇਡ ਮੁਕਾਬਲੇ ਕਰਵਾਏ ਜਾਣਗੇ, ਜਦਕਿ ਚਾਰ ਪੈਰਾ-ਖੇਡਾਂ-ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸਾਰੇ 23 ਜ਼ਿਲ੍ਹਿਆਂ ਵਿੱਚ ਹੋਣਗੇ।ਸੂਬਾ ਪੱਧਰੀ ਖੇਡਾਂ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੋਣਗੀਆਂ। ਇਨ੍ਹਾਂ ਖੇਡਾਂ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰੀ ਤਗਮਾ ਜੇਤੂਆਂ ਲਈ ਆਕਰਸ਼ਕ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ।

Share this content:

Post Comment