Loading Now

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਧਾਇਕ ਢੋਸ ਦੇ ਦਫ਼ਤਰ ਦਾ ਘਿਰਾਓ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਧਾਇਕ ਢੋਸ ਦੇ ਦਫ਼ਤਰ ਦਾ ਘਿਰਾਓ

ਧਰਮਕੋਟ, 19 ਸਤੰਬਰ – ਅੱਜ ਇੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ (ਲਾਡੀ ਢੋਸ) ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ/ਪੈਨਸ਼ਨਰਾਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਰੈਲੀ ਕੀਤੀ ਗਈ, ਜਿਸ ਵਿੱਚ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਤਾਲਮੇਲ ਕਮੇਟੀ ਮੋਗਾ ਦੇ ਆਗੂਆਂ ਵੱਲੋਂ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਸਾਂਝੇ ਕੀਤੇ ਗਏ। ਮੁਲਾਜ਼ਮ ਆਗੂ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਮੰਗਾਂ ’ਤੇ ਚਰਚਾ ਲਗਭਗ ਡੇਢ ਘੰਟਾ ਚੱਲੀ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ 15 ਜਨਵਰੀ 2015 ਦੇ ਪੱਤਰ ਅਨੁਸਾਰ ਤਿੰਨ ਸਾਲ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਬੇਸਿਕ pay ਦੀ ਥਾਂ ਪੂਰੀ ਤਨਖਾਹ ਦੇਣ ਅਤੇ 17 ਜੁਲਾਈ 2020 ਦੇ ਪੱਤਰ ਨੂੰ ਵਾਪਸ ਲੈ ਕੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੀ ਥਾਂ ‘ਤੇ ਪੰਜਾਬ ਸਰਕਾਰ ਦੇ ਸਕੇਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਆਗੂਆਂ ਵੱਲੋਂ ਵਿਸਥਾਰ ਨਾਲ ਪੇਸ਼ ਕੀਤਾ ਗਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਕੁਲਦੀਪ ਸਿੰਘ ਪੀ.ਐੱਸ.ਐੱਮ.ਐੱਸ.ਯੂ., ਭਜਨ ਸਿੰਘ ਗਿੱਲ, ਭੁਪਿੰਦਰ ਸਿੰਘ ਸੇਖੋਂ, ਸੁਖਮੰਦਰ ਸਿੰਘ, ਕੁਲਬੀਰ ਸਿੰਘ ਢਿੱਲੋਂ ਅਤੇ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਸਮੇਤ ਠੇਕੇ ਅਤੇ ਆਊਟਸੋਰਸ ’ਤੇ ਕੰਮ ਕਰਦੇ ਮੁਲਾਜ਼ਮਾਂ, ਨਿਗੂਣੇ ਮਾਣ-ਭੱਤੇ ’ਤੇ ਕੰਮ ਕਰਦੇ ਮੁਲਾਜ਼ਮਾਂ, ਆਂਗਣਵਾੜੀ, ਆਸ਼ਾ ਵਰਕਰਾਂ ਅਤੇ ਮਿਡ-ਡੇਅ ਮੀਲ ਕੁੱਕਾਂ ਦੀਆਂ ਤਨਖਾਹਾਂ ਵਿੱਚ ਤੁਰੰਤ ਵਾਧਾ ਕੀਤਾ ਜਾਵੇ। ਉਨ੍ਹਾਂ ਨੇ ਉਕਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਕੀਤੀ।ਬੁਲਾਰਿਆਂ ਨੇ ਦੱਸਿਆ ਕਿ ਸਾਰੀਆਂ ਮੰਗਾਂ ’ਤੇ ਮੁੱਖ ਮੰਤਰੀ ਨਾਲ ਅਜੇ ਸਿਰਫ਼ ਗੱਲਬਾਤ ਹੋਈ ਹੈ, ਕੋਈ ਮੰਗ ਮੰਨੀ ਨਹੀਂ ਗਈ। ਸਰਕਾਰ ਨਾਲ ਅਗਲੇ ਗੇੜ ਦੀ ਗੱਲਬਾਤ ਅਕਤੂਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।

Share this content:

Post Comment