Loading Now

ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਯਮੁਨਾ ਦੇ ਪਾਣੀ ’ਤੇ ਹੱਕ ਲਈ ਮਤਾ ਪੇਸ਼

ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਯਮੁਨਾ ਦੇ ਪਾਣੀ ’ਤੇ ਹੱਕ ਲਈ ਮਤਾ ਪੇਸ਼

ਚੰਡੀਗੜ੍ਹ, 27 ਅਕਤੂਬਰ – ਪੰਜਾਬ ਵਿਧਾਨ ਸਭਾ ਵਿੱਚ ਅੱਜ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਯਮੁਨਾ ਦੇ ਪਾਣੀਆਂ ਵਿੱਚ ਰਾਜ ਦੇ ਹੱਕੀ ਅਤੇ ਜਾਇਜ਼ ਹਿੱਸੇ ਦੀ ਪ੍ਰਾਪਤੀ ਲਈ ਇੱਕ ਵਿਸ਼ੇਸ਼ ਮਤਾ ਪੇਸ਼ ਕੀਤਾ। ਮਤੇ ਵਿੱਚ ਕਿਹਾ ਗਿਆ ਹੈ ਕਿ 1966 ਵਿੱਚ ਪੰਜਾਬ ਦੇ ਪੁਨਰਗਠਨ ਤੋਂ ਪਹਿਲਾਂ ਯਮੁਨਾ ਨਦੀ ਅਣਵੰਡੇ ਪੰਜਾਬ ਵਿੱਚੋਂ ਵਗਦੀ ਸੀ, ਜਿਸ ਕਰਕੇ ਪੰਜਾਬ ਦਾ ਇਸ ਦੇ ਪਾਣੀਆਂ ਉੱਤੇ ਇਤਿਹਾਸਕ ਅਤੇ ਕਾਨੂੰਨੀ ਹੱਕ ਬਣਦਾ ਹੈ। ਮਤੇ ਵਿੱਚ ਕਿਹਾ ਗਿਆ ਕਿ ਮਾਰਚ 1954 ਨੂੰ ਅਣਵੰਡੇ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ ਹੋਏ ਸਮਝੌਤੇ ਅਨੁਸਾਰ ਪੰਜਾਬ ਯਮੁਨਾ ਦੇ ਪਾਣੀਆਂ ਦੇ ਦੋ-ਤਿਹਾਈ (2/3) ਹਿੱਸੇ ਦਾ ਹੱਕਦਾਰ ਸੀ। ਪ੍ਰੰਤੂ 1966 ਦੇ ਪੁਨਰਗਠਨ ਸਮੇਂ ਰਾਵੀ-ਬਿਆਸ ਦੇ ਪਾਣੀਆਂ ਨੂੰ ਤਾਂ ਵਿਚਾਰਿਆ ਗਿਆ, ਪਰ ਯਮੁਨਾ ਦੇ ਪਾਣੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ।

ਮਤੇ ਵਿੱਚ ਕਿਹਾ ਗਿਆ ਕਿ ਸਾਲ 1972 ਦੇ ਸਿੰਚਾਈ ਕਮਿਸ਼ਨ ਦੀ ਰਿਪੋਰਟ ਵਿੱਚ ਵੀ ਮੰਨਿਆ ਗਿਆ ਹੈ ਕਿ ਮੌਜੂਦਾ ਪੰਜਾਬ ਦੇ ਕੁਝ ਖੇਤਰ ਯਮੁਨਾ ਬੇਸਿਨ ਵਿੱਚ ਆਉਂਦੇ ਹਨ। ਮਤੇ ਵਿੱਚ ਤਰਕ ਦਿੱਤਾ ਗਿਆ ਹੈ ਕਿ ਜੇਕਰ ਹਰਿਆਣਾ ਉੱਤਰਾਧਿਕਾਰੀ ਰਾਜ ਵਜੋਂ ਰਾਵੀ-ਬਿਆਸ ‘ਤੇ ਦਾਅਵਾ ਕਰ ਸਕਦਾ ਹੈ, ਤਾਂ ਪੰਜਾਬ ਵੀ ਯਮੁਨਾ ਦੇ ਪਾਣੀਆਂ ਦਾ ਹੱਕਦਾਰ ਹੈ। 12 ਮਈ 1994 ਨੂੰ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿਚਕਾਰ ਹੋਏ ਸਮਝੌਤੇ ਵਿੱਚੋਂ ਪੰਜਾਬ ਨੂੰ ਬਾਹਰ ਰੱਖਿਆ ਗਿਆ ਸੀ। ਇਸ ਸਮਝੌਤੇ ਦੀ ਧਾਰਾ 8 ਅਨੁਸਾਰ ਸਾਲ 2025 ਤੋਂ ਬਾਅਦ ਇਸ ਦੀ ਸਮੀਖਿਆ ਹੋਣੀ ਹੈ, ਇਸ ਲਈ ਪੰਜਾਬ ਨੂੰ ਹੁਣ ਹਰਿਆਣਾ ਦੇ ਹਿੱਸੇ ਵਿੱਚੋਂ ਲਾਭਪਾਤਰੀ ਰਾਜ ਵਜੋਂ ਸ਼ਾਮਲ ਕਰਨ ਦੀ ਮੰਗ ਕੀਤੀ ਗਈ।

ਮਤੇ ਵਿੱਚ ਪੰਜਾਬ ਦੇ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ‘ਤੇ ਚਿੰਤਾ ਪ੍ਰਗਟਾਈ ਗਈ। ਇਹ ਵੀ ਕਿਹਾ ਗਿਆ ਕਿ ਪੰਜਾਬ ਨੂੰ ਸਾਲਾਨਾ ਲਗਭਗ 52 MAF ਪਾਣੀ ਦੀ ਲੋੜ ਹੈ, ਜਦਕਿ ਰਾਜ ਨੂੰ ਕੇਵਲ 14.54 MAF ਪਾਣੀ ਹੀ ਮਿਲ ਰਿਹਾ ਹੈ। ਰਾਜ ਦੇ ਕੁੱਲ 153 ਵਿੱਚੋਂ 110 ਬਲਾਕ (72.5%) ਅਤਿ-ਸ਼ੋਸ਼ਿਤ ਸ਼੍ਰੇਣੀ ਵਿੱਚ ਆ ਚੁੱਕੇ ਹਨ। ਯਮੁਨਾ ਦਾ ਪਾਣੀ ਮਿਲਣ ਨਾਲ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ ਅਤੇ ਟਿਕਾਊ ਖੇਤੀਬਾੜੀ ਨੂੰ ਹੁਲਾਰਾ ਮਿਲੇਗਾ। ਪੰਜਾਬ ਸਰਕਾਰ ਨੇ 25 ਅਪਰੈਲ 2025 ਨੂੰ ‘ਇੰਟਰ ਸਟੇਟ ਰਿਵਰ ਵਾਟਰ ਡਿਸਪਿਊਟ ਐਕਟ, 1956’ ਦੀ ਧਾਰਾ 3 ਤਹਿਤ ਕੇਂਦਰ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਇਸ ‘ਤੇ ਜਲਦ ਫ਼ੈਸਲਾ ਲੈ ਕੇ ਟ੍ਰਿਬਿਊਨਲ ਗਠਿਤ ਕਰਨ ਦੀ ਮੰਗ ਕੀਤੀ ਗਈ। ਮਤੇ ਵਿੱਚ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੇਂਦਰ ਸਰਕਾਰ ਦਰਜ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕਰਦੀ, ਤਾਂ ਪੰਜਾਬ ਸਰਕਾਰ ਆਪਣੇ ਹੱਕਾਂ ਦੀ ਰਾਖੀ ਲਈ ਤੁਰੰਤ ਮਾਣਯੋਗ ਸੁਪਰੀਮ ਕੋਰਟ ਦਾ ਰੁਖ਼ ਕਰੇਗੀ।

ਇਸ ਤੋਂ ਪਹਿਲਾਂ ਸਦਨ ਵਿੱਚ ਸਿਫ਼ਰ ਕਾਲ (ਜ਼ੀਰੋ ਆਵਰ) ਦੌਰਾਨ ਵਿਧਾਇਕ ਹਰਮੀਤ ਸਿੰਘ ਨੇ ਚੋਣਾਂ ਵਿੱਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਅਜਿਹੀ ਮਹਿਲਾ ਨੂੰ ਹਲਕਾ ਇੰਚਾਰਜ ਬਣਾਇਆ ਹੈ, ਜਿਸ ਦੇ ਪਤੀ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਡਰੱਗ ਮਨੀ ਦੀ ਵਰਤੋਂ ਹੋਈ ਹੈ ਅਤੇ ਹਲਕੇ ਦੇ ਕਈ ਸਰਪੰਚਾਂ ਦੇ ਕਤਲ ਹੋਏ ਹਨ, ਇਸ ਲਈ ਇਸ ਪੂਰੇ ਮਾਮਲੇ ਦੀ ਜਾਂਚ ਸਿੱਟ (SIT) ਗਠਿਤ ਕਰ ਕੇ ਕੀਤੀ ਜਾਵੇ। ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਦਾ ਨਾਂ ਭਾਈ ਘਨੱਈਆ ਜੀ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਇਜਲਾਸ ਦੀ ਆਖਰੀ ਬੈਠਕ ਤੋਂ ਪਹਿਲਾਂ, ਕਾਂਗਰਸੀ ਵਿਧਾਇਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਵੱਖ-ਵੱਖ ਮੁੱਦਿਆਂ ‘ਤੇ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦਾ ਚੋਣ ਨਿਸ਼ਾਨ ‘ਝਾੜੂ’ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉੱਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਸ ਨੂੰ ਸਾਂਭਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

Share this content:

Post Comment