ਮੰਤਰੀ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਅੱਗੇ ਕਬੂਲੀ ਆਪਣੀ ਗਲਤੀ
ਅੰਮ੍ਰਿਤਸਰ, 6 ਅਗਸਤ – ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਸ੍ਰੀ ਗੁਰੂ ਤੇਗ ਬਹਾਦੁਰ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੇ ਵਿਵਾਦ ਨੂੰ ਲੈ ਕੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਨੇ ਉਨ੍ਹਾਂ ਨੂੰ ਫੈਸਲਾ ਸੁਣਾਇਆ। ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਕਬੂਲ ਕੀਤਾ ਕਿ ਉਹ ਸਮਾਗਮ ਦੌਰਾਨ ਮੌਜੂਦ ਸਨ। ਉਨ੍ਹਾਂ ਨੇ ਆਪਣੀ ਗਲਤੀ ਕਬੂਲ ਕੀਤੀ ਤੇ ਕਿਹਾ ਮੇਰਾ ਰੋਮ-ਰੋਮ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਮੌਕੇ ਮੰਤਰੀ ਹਰਜੋਤ ਬੈਸ ਵੱਲੋਂ ਚੱਲ ਰਹੇ ਪ੍ਰੋਗਰਾਮ ‘ਚ ਗਾਇਕ ਨੂੰ ਨਾ ਰੋਕਣ ਦੀ ਗਲਤੀ ਵੀ ਮੰਨ ਲਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਰਜੋਤ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਹੈ।
ਸਿੱਖ ਧਰਮ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਦੀ ਉਲੰਘਣਾ ਬਰਦਾਸ਼ਤ ਨਹੀਂ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ ਨੇ ਫਸੀਲ ਤੋਂ ਹੁਕਮ ਸੁਣਾਉਂਦੇ ਹੋਏ ਕਿਹਾ ਕਿ ਇਸ ਸਮਾਗਮ ਦੌਰਾਨ ਸਿੱਖ ਧਰਮ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਦੀ ਉਲੰਘਣਾ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ‘ਚ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ, ਜਿਸ ‘ਚ ਪੰਥਕ ਭਾਵਨਾਵਾਂ ਤੇ ਪਰੰਪਰਾਵਾਂ ਦੀ ਉਲੰਘਣਾ ਕੀਤੀ ਗਈ, ਜਿਸ ‘ਚ ਗੀਤ ਗਾਉਣ ਤੇ ਭੰਗੜਾ ਵਜਾਉਣ ਨਾਲ ਸਿੱਖ ਧਰਮ ਦਾ ਅਪਮਾਨ ਕੀਤਾ ਗਿਆ। ਇਸ ਸਬੰਧੀ ਸ਼ਿਕਾਇਤ ਮਿਲਣ ‘ਤੇ ਦੋ ਵਿਅਕਤੀਆਂ- ਕੈਬਨਿਟ ਮੰਤਰੀ ਹਰਜੋਤ ਬੈਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਪੱਤਰ ਭੇਜਿਆ, ਜਿਸ ‘ਚ ਮੰਤਰੀ ਹਰਜੋਤ ਬੈਸ ਪਹੁੰਚੇ ਤੇ ਮੰਤਰੀ ਹਰਜੋਤ ਬੈਸ ਨੇ ਆਪਣੀ ਗਲਤੀ ਮੰਨ ਲਈ ਹੈ।
ਹਰਜੋਤ ਬੈਂਸ ਤਨਖਾਹੀਆ ਕਰਾਰ
ਪੰਜ ਸਿੰਘ ਸਾਹਿਬਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੁਕਮ ਜਾਰੀ ਕਰਦੇ ਹੋਏ ਹਰਜੋਤ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ। ਉਨ੍ਹਾਂ ਨੂੰ ਅੱਜ ਹੀ ਸ੍ਰੀ ਦਰਬਾਰ ਸਾਹਿਬ ਤੋਂ ਪੈਦਲ ਗੁਰਦੁਆਰਾ ਗੁਰੂ ਕੇ ਮਹਿਲ ਪੈਦਲ ਜਾ ਕੇ ਨਤਮਸਤਕ ਹੋਣ ਦੀ ਤਨਖਾਹ ਲਾਈ ਗਈ। ਇਸ ਦੇ ਨਾਲ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਤੇ ਗਲੀਆਂ ਨੂੰ ਠੀਕ ਕਰਵਾਉਣ ਦਾ ਫੈਸਲਾ ਸੁਣਾਇਆ ਗਿਆ। ਇਸ ਦੇ ਨਾਲ ਚੰਗੀ ਸਾਫ਼-ਸਫ਼ਾਈ ਯਕੀਨੀ ਬਣਾਉਣ ਦਾ ਹੁਕਮ ਵੀ ਦਿੱਤਾ ਗਿਆ। ਬੈਂਸ ਗੁਰਦੁਆਰਾ ਕੋਠਾ ਸਾਹਿਬ ਦੇ ਨੇੜੇ 100 ਮੀਟਰ ਪੈਦਲ ਜਾ ਕੇ ਨਤਮਸਤਕ ਹੋਣਗੇ। ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨਗੇ। ਇਸ ਤਰ੍ਹਾਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵੀ 100 ਮੀਟਰ ਪੈਦਲ ਤੁਰ ਕੇ ਤੇ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣ ਦਾ ਹੁਕਮ ਜਾਰੀ ਕੀਤਾ ਗਿਆ।
Share this content:



Post Comment