Loading Now

ਲਾਲਾ ਲਾਜਪਤ ਰਾਏ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ: ਡਾ. ਗੁਰਪ੍ਰੀਤ ਕੌਰ

ਲਾਲਾ ਲਾਜਪਤ ਰਾਏ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ: ਡਾ. ਗੁਰਪ੍ਰੀਤ ਕੌਰ

ਅਜੀਤਵਾਲ, 18 ਨਵੰਬਰ-  ਪੰਜਾਬ ਕੇਸਰੀ ਵਜੋਂ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਅਤੇ ਕੌਮੀ ਨਾਇਕ ਲਾਲਾ ਲਾਜਪਤ ਰਾਏ ਦਾ ਬਲੀਦਾਨ ਦਿਵਸ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਸ਼ਰਧਾ, ਸਤਿਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼ਹੀਦ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ।

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਐੱਸ ਡੀ ਐੱਮ. ਸਤਵਿੰਦਰ ਪਾਲ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਦਾ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਬੇਹੱਦ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਦੇਸ਼ ਦੀ ਆਜ਼ਾਦੀ, ਸਵੈਮਾਣ ਅਤੇ ਸਵਦੇਸ਼ੀ ਲਹਿਰ ਨੂੰ ਸਮਰਪਿਤ ਕੀਤੀ। ਉਨ੍ਹਾਂ ਦਾ ਸੰਘਰਸ਼, ਦ੍ਰਿੜ੍ਹ ਇਰਾਦਾ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਹਰ ਭਾਰਤੀ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਉਨ੍ਹਾਂ ਪਿੰਡ ਢੁੱਡੀਕੇ ਦੇ ਵਿਕਾਸ ਸਬੰਧੀ ਗੱਲ ਕਰਦਿਆਂ ਭਰੋਸਾ ਦਿੱਤਾ ਕਿ ਪਿੰਡ ਦੀਆਂ ਲੋੜਾਂ ਅਤੇ ਵਿਕਾਸ ਕਾਰਜਾਂ ਲਈ ਜਿਹੜੇ ਵੀ ਫੰਡਾਂ ਦੀ ਜ਼ਰੂਰਤ ਹੋਵੇਗੀ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਮੌਕੇ ਡਾ. ਗੁਰਪ੍ਰੀਤ ਕੌਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਐੱਸ ਡੀ ਐੱਮ ਸਤਵਿੰਦਰ ਪਾਲ ਸਿੰਘ ਅਤੇ ਹੋਰਨਾਂ ਨੇ ਲਾਲਾ ਲਾਜਪਤ ਰਾਏ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਸਮੂਹ ਗਾਇਨ ਪੇਸ਼ ਕਰਕੇ ਸਮਾਗਮ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਸਮਾਗਮ ਵਿੱਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।

Share this content:

Previous post

ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਦਾ ਕਾਵਿ ਸੰਗ੍ਰਹਿ ‘ਅਹਿਸਾਸ’ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਰਿਲੀਜ਼ ਲੇਖਕ ਦੀ ਪੱਤਰਕਾਰੀ ਤੇ ਸ਼ਾਇਰੀ ‘ਤੇ ਹੋਈ ਭਖਵੀਂ ਚਰਚਾ

Next post

ਪੰਜਾਬ ਦੇ ਚਾਰ ਜ਼ਿਲ੍ਹਿਆਂ ’ਚ ਤਾਪਮਾਨ 10 ਡਿਗਰੀ ਤੋਂ ਹੇਠਾਂ, ਠੰਢ ਵਧੀ

Post Comment