Loading Now

ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਮਗਰੋਂ ਮਨਰੇਗਾ ਕਾਮਿਆਂ ਨੇ ਹੜਤਾਲ ਵਾਪਸ ਲੈਣ ਦਾ ਕੀਤਾ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਮਗਰੋਂ ਮਨਰੇਗਾ ਕਾਮਿਆਂ ਨੇ ਹੜਤਾਲ ਵਾਪਸ ਲੈਣ ਦਾ ਕੀਤਾ ਫੈਸਲਾ

30, ਜੁਲਾਈ – ਲੰਮੇ ਸਮੇਂ ਤੋਂ ਚੱਲ ਰਹੀ ਮਨਰੇਗਾ ਕਾਮਿਆਂ ਨੇ ਹੜਤਾਲ ਵਾਪਸ ਲੈ ਲਈ। ਦੇਰ ਰਾਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਨਰੇਗਾ ਵਰਕਰਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਫੈਸਲਾ ਲਿਆ। ਨਰੇਗਾ ਕਾਮਿਆਂ ਨੇ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਚੀਮਾ ਨੇ ਦੱਸਿਆ ਕਿ ਨਰੇਗਾ ਕਾਮਿਆਂ ਦੀ ਕਾਫੀ ਮੰਗਾਂ ਉਤੇ ਸਹਿਮਤੀ ਬਣ ਗਈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਮਨਰੇਗਾ/VB GRAM G ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਕੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਗੱਲਬਾਤ ਅਤੇ ਆਪਸੀ ਸਹਿਮਤੀ ਨਾਲ ਹੱਲ ਕੱਢ ਲਿਆ। ਇਸ ਸਮਝੌਤੇ ਤੋਂ ਬਾਅਦ ਕਰੀਬ ਦੋ ਮਹੀਨਿਆਂ ਤੋਂ ਜਾਰੀ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ ਅਤੇ 30 ਜੁਲਾਈ ਤੋਂ ਸੂਬੇ ਭਰ ਵਿੱਚ VB GRAM G ਮੁਹਿੰਮ ਨੂੰ ਮੁੜ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ। ਇਹ ਸਮਝੌਤਾ ਪਿਛਲੇ ਕਈ ਹਫ਼ਤਿਆਂ ਤੋਂ ਸਰਕਾਰ ਅਤੇ ਯੂਨੀਅਨ ਵਿਚਾਲੇ ਚੱਲ ਰਹੀਆਂ ਗੱਲਬਾਤਾਂ ਦਾ ਨਤੀਜਾ ਹੈ। ਦੋਵਾਂ ਧਿਰਾਂ ਨੇ ਸਾਰੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਹਿਮਤੀ ਬਣਾਈ।

ਕਰਮਚਾਰੀਆਂ ਦੀਆਂ ਮੰਗਾਂ ਨੂੰ ਮਿਲੀ ਮਨਜ਼ੂਰੀ

ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਸੇਵਾ ਸ਼ਰਤਾਂ, ਠੇਕੇ ਦੀ ਮਿਆਦ, VB GRAM G ਦੇ ਢਾਂਚੇ ਵਿੱਚ ਤਬਦੀਲੀਆਂ, ਮਾਣ-ਭੱਤਾ ਅਤੇ ਹੋਰ ਪ੍ਰਸ਼ਾਸਕੀ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਭਰ ਦੇ ਲਗਭਗ 2,000 ਮਨਰੇਗਾ/VB GRAM G ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।

ਸਰਕਾਰ ਕਰਮਚਾਰੀਆਂ ਦੇ ਹਿੱਤਾਂ ਲਈ ਵਚਨਬੱਧ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਜਾਇਜ਼ ਮੰਗਾਂ ਦਾ ਹੱਲ ਗੱਲਬਾਤ, ਸਲਾਹ-ਮਸ਼ਵਰੇ ਅਤੇ ਆਪਸੀ ਸਹਿਮਤੀ ਨਾਲ ਹੀ ਸੰਭਵ ਹੈ। ਅੱਜ ਹੋਇਆ ਸਮਝੌਤਾ ਕਰਮਚਾਰੀਆਂ ਦੀ ਭਲਾਈ ਅਤੇ ਪੰਜਾਬ ਦੇ ਪੇਂਡੂ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਸਮਝੌਤੇ ਤੋਂ ਬਾਅਦ ਮਨਰੇਗਾ/VB GRAM G ਕਰਮਚਾਰੀ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਸਰਕਾਰ ਭਵਿੱਖ ਵਿੱਚ ਵੀ ਕਰਮਚਾਰੀਆਂ ਦੇ ਮਸਲਿਆਂ ਦਾ ਹੱਲ ਇਸੇ ਤਰ੍ਹਾਂ ਗੱਲਬਾਤ ਰਾਹੀਂ ਕਰੇਗੀ।

Share this content:

Post Comment