Loading Now

ਸਫਾਈ ਸੇਵਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ

ਸਫਾਈ ਸੇਵਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ

*ਤਨਖਾਹਾਂ ਵਿੱਚ ਲਗਭਗ ਦੁੱਗਣਾ ਵਾਧਾ: ਵਿਧਾਇਕ ਮਨਜੀਤ ਸਿੰਘ ਬਿਲਾਸਪੁਰ
ਮੋਗਾ, 1 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਦਿਆਂ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਲਗਭਗ ਦੁੱਗਣਾ ਵਾਧਾ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ   ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਬਰਿੰਦਰ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਸ੍ਰੀ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ। ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਅਹਿਮ ਕਦਮ ਚੁੱਕ ਰਹੀ ਹੈ। ਤਨਖਾਹਾਂ ਵਿੱਚ ਕੀਤਾ ਗਿਆ ਇਹ ਵਾਧਾ ਕਰਮਚਾਰੀਆਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਪੱਧਰ ਵਿੱਚ ਵੀ ਗੁਣਾਤਮਕ ਸੁਧਾਰ ਲਿਆਵੇਗਾ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਅਤੇ ਸੀਵਰਮੈਨ ਸ਼ਹਿਰਾਂ ਅਤੇ ਪਿੰਡਾਂ ਦੀ ਸਫ਼ਾਈ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ, ਜਦਕਿ ਮੌਜੂਦਾ ਸਰਕਾਰ ਨੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ।
ਵਿਧਾਇਕ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਵੀ ਸਫਾਈ ਸੇਵਕ ਜਥੇਬੰਦੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਆਪਸੀ ਗੱਲਬਾਤ ਰਾਹੀਂ ਹਰ ਜਾਇਜ਼ ਮੰਗ ਦਾ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸੇ ਸਕਾਰਾਤਮਕ ਪਹੁੰਚ ਦੇ ਨਤੀਜੇ ਵਜੋਂ ਕਰਮਚਾਰੀਆਂ ਦੀਆਂ ਕਈ ਅਹਿਮ ਮੰਗਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਤਨਖਾਹ ਵਾਧੇ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਕਾਰਜ ਮਾਹੌਲ, ਸਮਾਜਿਕ ਸੁਰੱਖਿਆ ਅਤੇ ਸਨਮਾਨਯੋਗ ਜੀਵਨ ਪ੍ਰਾਪਤ ਹੋ ਸਕੇ।
ਸ੍ਰੀ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਉਪਰਾਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਦਾ ਵਿਸਥਾਰ, ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਹੋਰ ਭਲਾਈ ਯੋਜਨਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਅੰਤ ਵਿੱਚ ਵਿਧਾਇਕ ਨੇ ਸਫਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ ਅਤੇ ਸਾਫ਼-ਸੁਥਰੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੇ ਲੋਕ-ਹਿਤੈਸ਼ੀ ਫ਼ੈਸਲਿਆਂ ਨਾਲ ਸਫਾਈ ਕਰਮਚਾਰੀਆਂ ਦਾ ਮਨੋਬਲ ਹੋਰ ਮਜ਼ਬੂਤ ਹੋਵੇਗਾ ਅਤੇ ਉਹ ਹੋਰ ਵਧੇਰੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

Share this content:

Post Comment