ਸਮੁੱਚੇ ਅਕਾਲੀ ਦਲ ਨੂੰ ਮੁੜ ਇਕੱਠਾ ਕਰਾਂਗਾ : ਮਜੀਠੀਆ
ਚੰਡੀਗੜ੍ਹ, 5 ਫਰਵਰੀ – ਸ਼੍ਰੋਮਣੀ ਅਕਾਲੀ ਦਲ ਨੂੰ ਕੁਝ ਸਮੇਂ ਤੋਂ ਪੈਦਾ ਹੋਏ ਟਕਰਾਅ ਕਰਕੇ ਢਾਹ ਲੱਗੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਪਾਰਟੀ ਤੋਂ ਵੀ ਵੱਖ ਹੋ ਗਏ ਹਨ ਪਰ ਹੁਣ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚੋਂ ਬਾਹਰ ਆਉਣ ਮਗਰੋਂ ਸਮੁੱਚੇ ਅਕਾਲੀ ਦਲ ਨੂੰ ਮੁੜ ਇਕੱਠਾ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਮਜੀਠੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਨਾਲ ਸਬੰਧਤ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨਗੇ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਆਪ’ ਵਿਰੁੱਧ ਬੋਲਣ ਵਾਲਿਆਂ ’ਤੇ ਝੂਠੇ ਪੁਲੀਸ ਕੇਸ ਦਰਜ ਕਰਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਦਬਣ ਵਾਲੇ ਨਹੀਂ ਹਨ। ‘ਆਪ’ ਚਾਹੇ ਉਸ ’ਤੇ ਹੋਰ 5-7 ਕੇਸ ਦਰਜ ਕਰ ਲਵੇ, ਪਰ ਉਹ ਪੰਜਾਬ ਅਤੇ ਪੰਜਾਬੀਆਂ ਦੀ ਗੱਲ ਕਰਦੇ ਰਹਿਣਗੇ। ਉਨ੍ਹਾਂ ਦੀ ਹਮਾਇਤ ਵਿੱਚ ਆਵਾਜ਼ ਚੁੱਕਣ ਵਾਲੇ ਹੋਰਨਾਂ ਸਿਆਸੀ ਆਗੂਆਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਤ ਆਗੂ ਵੀ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ। ਇਸ ਲਈ ਉਹ ਇਨਸਾਫ਼ਪਸੰਦ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ
ਮਜੀਠੀਆ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਅੱਜ ਸਾਰਾ ਦਿਨ ਪਾਰਟੀ ਵਰਕਰਾਂ ਦੀ ਭੀੜ ਲੱਗੀ ਰਹੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਧਾਮੀ ਵੱਲੋਂ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਮੁਲਾਕਾਤ ਕੀਤੀ।
Share this content:



Post Comment