Loading Now

‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼

‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼

*ਮੋਗਾ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਵਿਧਾਇਕ, ਡਿਪਟੀ ਕਮਿਸ਼ਨਰ ਤੇ ਅਧਿਕਾਰੀ ਖੁਦ ਮੈਦਾਨ ਵਿੱਚ ਉਤਰੇ

*ਗੀਤਾ ਭਵਨ ਚੌਂਕ ਤੋਂ ਗੂੰਜਿਆ ਸਵੱਛਤਾ ਦਾ ਸੰਦੇਸ਼, 10 ਦਿਨਾਂ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

ਮੋਗਾ, 31 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਜ਼ਿਲ੍ਹੇ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਅੱਜ ਸਵੇਰੇ ਗੀਤਾ ਭਵਨ ਚੌਂਕ ਮੋਗਾ ਤੋਂ ਸ਼ੁਭ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ , ਨਗਰ ਨਿਗਮ ਦੇ ਮੇਅਰ ਵਿਨੈਪਾਲ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਪਿੰਦਰ ਸਿੰਘ , ਨਗਰ ਨਿਗਮ ਦੇ ਕਮਿਸ਼ਨਰ ਗੁਰਵਿੰਦਰ ਸਿੰਘ ਜੌਹਲ ਨੇ ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ।

ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ‘ਸਵੱਛ ਅਭਿਆਨ ਪੰਜਾਬ’ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ। ਵਿਧਾਇਕ ਨੇ ਕਿਹਾ ਕਿ ਸਫ਼ਾਈ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਤੀ ਜਾਗਰੂਕਤਾ ਅਤੇ ਸਹੀ ਕੂੜਾ ਪ੍ਰਬੰਧਨ ਨਾਲ ਕਈ ਮੌਸਮੀ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਵਿੱਚ ਮਦਦ ਮਿਲ ਸਕਦੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਵੱਛ ਅਭਿਆਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਆਪਣੇ ਘਰ, ਦੁਕਾਨ, ਵਪਾਰਕ ਅਦਾਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਦਾ ਸੰਕਲਪ ਲਵੇ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੂੜਾ-ਕਰਕਟ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ, ਬਲਕਿ ਨਿਰਧਾਰਤ ਸਥਾਨਾਂ ’ਤੇ ਹੀ ਪਾਇਆ ਜਾਵੇ। ਇਸ ਦੇ ਨਾਲ ਹੀ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜੇ ਦੀ ਸਹੀ ਸੰਭਾਲ ਨੂੰ ਆਪਣੀ ਰੋਜ਼ਾਨਾ ਆਦਤ ਦਾ ਹਿੱਸਾ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾਣਗੇ। ਇਹ ਮੁਹਿੰਮ ਨਗਰ ਨਿਗਮ ਮੋਗਾ, ਨਗਰ ਕੌਂਸਲ ਬਾਘਾਪੁਰਾਣਾ, ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ, ਕੋਟ ਈਸੇ ਖਾਂ ਅਤੇ ਫਤਿਹਗੜ੍ਹ ਪੰਜਤੂਰ ਵਿਖੇ ਵੀ ਚਲਾਈ ਗਈ। ਇਸ ਮੌਕੇ ਐਸ.ਡੀ.ਐਮ. ਮੋਗਾ ਸ੍ਰੀ ਸਤਵਿੰਦਰਪਾਲ ਸਿੰਘ ਰਣੀਕੇ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ , ਡਿਪਟੀ ਮੇਅਰ ਗੌਰਵ ਗਰਗ , ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਵੀ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ। ਫ਼ੋਟੋ- ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਮੇਅਰ ਵਿਨੈਪਾਲ ਕੌਰ, ਏ ਡੀ ਸੀ ਜਸਪਿੰਦਰ ਸਿੰਘ ਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਸਵੱਛ ਅਭਿਆਨ ਪੰਜਾਬ’ ਦੀ ਅਗਵਾਈ ਕਰਦੇ ਹੋਏ।

Share this content:

Post Comment