ਸਾਬਕਾ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਤੇ ਕੱਸਿਆ ਤੰਜ
ਚੰਡੀਗੜ੍ਹ, 27 ਜੁਲਾਈ – ਸਾਬਕਾ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੂਬੇ ਦੇ ਕਿਸਾਨਾਂ ਦੀ ਵਿਗੜ ਰਹੀ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਵੇਲੇ ਕਿਸਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤਿਗਤ ਨਾਕਾਮੀਆਂ ਕਾਰਨ ਦੋਹਰੀ ਮਾਰ ਝੱਲਣ ਲਈ ਮਜਬੂਰ ਹਨ। ਇੱਕ ਪਾਸੇ ਪੰਜਾਬ ਸਰਕਾਰ ਆਪਣੇ ਆਪ ਨੂੰ ਬਿਜਲੀ ਸਰਪਲੱਸ ਸਟੇਟ ਦੱਸ ਕੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਨਹੀਂ ਕਰਵਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਲਾਪਰਵਾਹੀ ਦਾ ਸਭ ਤੋਂ ਵੱਡਾ ਨੁਕਸਾਨ ਦੇਸ਼ ਦੇ ਅੰਨਦਾਤਾ ਨੂੰ ਝੱਲਣਾ ਪੈ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਕਾਸ਼ਤ ਦੇ ਇਸ ਅਹਿਮ ਸਮੇਂ ਦੌਰਾਨ ਕਿਸਾਨਾਂ ਨੂੰ ਘੰਟਿਆਂ ਬਿਜਲੀ ਦੀ ਉਡੀਕ ਕਰਨੀ ਪੈ ਰਹੀ ਹੈ। ਅਨਿਯਮਿਤ ਬਿਜਲੀ ਸਪਲਾਈ ਕਾਰਨ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਫ਼ਸਲ ਦੇ ਉਤਪਾਦਨ ‘ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫ਼ਰਕ ਹੈ ਅਤੇ ਇਸ ਦਾ ਖ਼ਮਿਆਜ਼ਾ ਸਿੱਧੇ ਤੌਰ ‘ਤੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ।
ਉਨ੍ਹਾਂ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਯੂਰੀਆ ਅਤੇ ਹੋਰ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਕਈ ਥਾਵਾਂ ‘ਤੇ ਕਿਸਾਨਾਂ ਨੂੰ ਖਾਦ ਲਈ ਲੰਬੀਆਂ ਲਾਇਨਾਂ ਵਿੱਚ ਖੜ੍ਹਾ ਹੋਣਾ ਪੈ ਰਿਹਾ ਹੈ, ਜਦਕਿ ਕਈ ਥਾਵਾਂ ‘ਤੇ ਲੋੜ ਅਨੁਸਾਰ ਖਾਦ ਉਪਲਬਧ ਹੀ ਨਹੀਂ ਹੈ। ਇਸ ਕਾਰਨ ਕਿਸਾਨਾਂ ਵਿੱਚ ਭਾਰੀ ਚਿੰਤਾ ਅਤੇ ਨਾਰਾਜ਼ਗੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਨਿਰਵਿਘਨ ਅਤੇ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਜਦਕਿ ਕੇਂਦਰ ਸਰਕਾਰ ਤੋਂ ਤੁਰੰਤ ਯੂਰੀਆ ਅਤੇ ਹੋਰ ਲੋੜੀਂਦੀਆਂ ਖਾਦਾਂ ਉਪਲਬਧਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਦਾ ਸਿੱਧਾ ਅਸਰ ਝੋਨੇ ਦੇ ਉਤਪਾਦਨ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ‘ਤੇ ਪਵੇਗਾ। ਧਾਲੀਵਾਲ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਏਕੇ-47 ਰਾਈਫਲ ਤਾਣਣ ਅਤੇ ਪੈਲਟ ਗਨ ਚਲਾਉਣ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬਿਹਾਰ ਵਿੱਚ ਵਿਦਿਆਰਥੀਆਂ ‘ਤੇ ਏਕੇ-47 ਰਾਈਫਲ ਤਾਣੀ ਗਈ ਅਤੇ ਦਿੱਲੀ ਵਿੱਚ ਪੈਲਟ ਗਨ ਚਲਾਈ ਗਈ, ਜਿਸ ਕਾਰਨ ਕਈ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।
Share this content:



Post Comment