Loading Now

ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਜਲੰਧਰ, 2 ਸਤੰਬਰ – ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਬੁੱਧਵਾਰ ਨੂੰ ਰਸਮੀ ਤੌਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਦਿਨੇਸ਼ ਢੱਲ ਨੂੰ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਦਿਨੇਸ਼ ਢੱਲ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ, ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਦਿਨੇਸ਼ ਢੱਲ ਦੇ ਨਾਲ-ਨਾਲ ਉਨ੍ਹਾਂ ਦੇ ਭਰਾ ਤੇ ਐੱਮ.ਸੀ. ਕੌਂਸਲਰ ਅਮਿਤ ਢੱਲ ਸਮੇਤ ਇੱਕ ਦਰਜਨ ਤੋਂ ਵੱਧ ਸਮਰਥਕਾਂ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ ਹੈ। ਜਾਣਕਾਰੀ ਅਨੁਸਾਰ ਦਿਨੇਸ਼ ਢੱਲ 29 ਜੁਲਾਈ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਤੋਂ ਹੀ ਨਾਰਾਜ਼ ਚੱਲ ਰਹੇ ਸਨ। ‘ਆਪ’ ਹਾਈਕਮਾਂਡ ਨੇ ਉਨ੍ਹਾਂ ਦੀ ਥਾਂ ਮੇਅਰ ਵਨੀਤ ਧੀਰ ਨੂੰ ਜਲੰਧਰ ਉੱਤਰੀ ਦਾ ਹਲਕਾ ਇੰਚਾਰਜ ਬਣਾ ਦਿੱਤਾ ਸੀ।

ਢੱਲ ਅਤੇ ਉਨ੍ਹਾਂ ਦੀ ਟੀਮ ਇਸ ਫੈਸਲੇ ਤੋਂ ਕਾਫੀ ਦੁਖੀ ਸੀ, ਕਿਉਂਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੇ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਹਵਾਲਾ ਦੇ ਰਹੇ ਸਨ। ਜ਼ਿਕਰਯੋਗ ਹੈ ਕਿ ਦਿਨੇਸ਼ ਢੱਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਉੱਤਰੀ ਸੀਟ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜੀ ਸੀ, ਪਰ ਉਹ ਜਿੱਤ ਹਾਸਲ ਨਹੀਂ ਕਰ ਸਕੇ ਸਨ। ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਢੱਲ ਕਾਂਗਰਸ ਪਾਰਟੀ ਦੇ ਆਗੂ ਸਨ। ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਨਗਰ ਨਿਗਮ ਕੌਂਸਲਰ ਵਜੋਂ ਕੀਤੀ ਸੀ। ਸਾਬਕਾ ਮੰਤਰੀ ਅਵਤਾਰ ਹੈਨਰੀ ਨਾਲ ਮਤਭੇਦਾਂ ਕਾਰਨ ਉਨ੍ਹਾਂ ਨੇ 2012 ਵਿੱਚ ਕਾਂਗਰਸ ਤੋਂ ਬਾਗੀ ਹੋ ਕੇ ਵੀ ਚੋਣ ਲੜੀ ਸੀ।

Share this content:

Post Comment