Loading Now

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ, ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ, ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ,  16 ਨਵੰਬਰ- ਪੰਜਾਬ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਇਹ ਮੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਅੱਗੇ ਰੱਖੀ ਗਈ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ, ਤਾਂ ਜੋ ਸ਼ਰਧਾਲੂ ਗੁਰਧਾਮ ਦੇ ਦਰਸ਼ਨ ਕਰ ਸਕਣ।

ਆਪਣੀ ਪੋਸਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਅਰਦਾਸ ਕਰਦੀ ਹੈ ਕਿ ਉਨ੍ਹਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਬਖ਼ਸ਼ੇ ਜਾਣ। ਉਨ੍ਹਾਂ ਯਾਦ ਦਿਵਾਇਆ ਕਿ ਸੰਗਤਾਂ ਦੀ ਇਸੇ ਡੂੰਘੀ ਆਸ ਅਤੇ ਭਾਵਨਾ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਸਬੰਧੀ ਇੱਕ ਮਤਾ ਪਾਸ ਕੀਤਾ ਗਿਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਜਾਵੇਗਾ।

Share this content:

Post Comment