Loading Now

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 23 ਨਵੰਬਰ – ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ। ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ‘ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ  ਨਗਰ ਕੀਰਤਨ ਖਲਾਸਾਈ ਜਾਹੋ ਜਲਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਅਰਦਾਸ ਉਪਰੰਤ ਆਰੰਭ ਹੋਇਆ। ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ, ਸਭਾ ਸੋਸਾਇਟੀਆਂ, ਸ਼ਬਦੀ ਜਥੇ, ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪਨ ਹੋਵੇਗਾ। ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਮਦਾਸ ਸਰਾਂ, ਸਰਾਂ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਜਾਰ, ਪਾਪੜਾਂ ਵਾਲਾ ਬਜਾਰ, ਲਸ਼ਮਣਸਰ ਚੌਂਕ ਆਦਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ‘ਚ ਪੈਂਦੇ ਬਜਾਰਾਂ ‘ਚੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਵੇਗਾ।

ਨਗਰ ਕੀਰਤਨ ਦਾ ਰਸਤੇ ਵਿਚ ਸ਼ਰਧਾਲੂਆ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਅਤੇ ਸਜਾਵਟੀ ਗੇਟ ਲਗਾ ਕੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਕਈ ਤਰਾਂ ਦੇ ਲੰਗਰ ਅਟੁੱਟ ਵਰਤਾਏ ਗਏ। ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਵਿਚ ਮਾਨਵਤਾ ਦੇ ਮਨਾਂ ਦੀਆਂ ਉਲਝਣਾਂ ਤੇ ਭਟਕਣਾ ਨੂੰ ਹੱਲ ਕਰਨ ਵਾਲਾ ਅਨਮੋਲ ਖਜਾਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿਚ ਸਮੁੱਚੇ ਬ੍ਰਹਿਮੰਡ ਦੀਆਂ ਮੁਸ਼ਕਿਲਾਂ ਦਾ ਹੱਲ ਹੈ, ਇਸ ਲਈ ਸੰਗਤਾਂ ਗੁਰੂ ਸਾਹਿਬ ਦੇ ਦੱਸੇ ਰਸਤੇ ‘ਤੇ ਚਲਦਿਆਂ ਆਪਣਾ ਜੀਵਨ ਸਫਲਾ ਕਰਨ। ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 24 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।

Share this content:

Post Comment