ਹੁਣ ਪੰਜਾਬ ‘ਚ ਜਨਮ ਤੋਂ ਤਿੰਨ ਸਾਲ ਤੱਕ ਦੇ ਬੱਚਿਆਂ ਦੇ ਵਿਕਾਸ ‘ਤੇ ਰੱਖੀ ਜਾਵੇਗੀ ਡਿਜੀਟਲ ਨਜ਼ਰ
ਚੰਡੀਗੜ੍ਹ, 26 ਜੂਨ – ਪੰਜਾਬ ਸਰਕਾਰ ਨੇ ਜਨਮ ਤੋਂ ਤਿੰਨ ਸਾਲ ਤੱਕ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ‘ਨਿੱਕੇ ਕਦਮ ਵੱਡਾ ਵਿਕਾਸ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਹੁਣ ਸੂਬੇ ਦੇ ਹਰ ਨਵਜੰਮੇ ਅਤੇ ਤਿੰਨ ਸਾਲ ਤੱਕ ਦੇ ਬੱਚੇ ਦਾ ਵਿਸਤ੍ਰਿਤ ਵਿਕਾਸ ਰਿਪੋਰਟ ਕਾਰਡ ਤਿਆਰ ਕੀਤਾ ਜਾਵੇਗਾ। ਇਸ ਵਿੱਚ ਬੱਚੇ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ, ਪੋਸ਼ਣ ਪੱਧਰ ਅਤੇ ਸਿਹਤ ਸਬੰਧੀ ਸਾਰੇ ਪਹਿਲੂਆਂ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇਗੀ। ਮੁਹਿੰਮ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਹੋਟਲ ਲਲਿਤ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। ਡਾ. ਕੌਰ ਨੇ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ ਕਰੀਬ ਡੇਢ ਲੱਖ ਬੱਚਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਹਰੇਕ ਬੱਚੇ ਦੇ ਵਿਕਾਸ ਸਬੰਧੀ ਜਾਣਕਾਰੀ ਆਂਗਣਵਾੜੀ ਵਰਕਰ ਨਿਯਮਿਤ ਰੂਪ ਵਿੱਚ ਦਰਜ ਕਰਨਗੀਆਂ। ਇਸ ਦੇ ਲਈ ਪਹਿਲਾਂ ਸਾਰੇ ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਬੱਚਿਆਂ ਦੇ ਵਿਕਾਸ ਦਾ ਵਿਗਿਆਨਕ ਤਰੀਕੇ ਨਾਲ ਮੁਲਾਂਕਣ ਕਰ ਸਕਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੀ ਸਮੇਂ ਸਿਰ ਪਛਾਣ ਕਰ ਸਕਣ।
ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਹਰੇਕ ਖੇਤਰ ਵਿੱਚ ਬੱਚਿਆਂ ਦੇ ਮਾਪਿਆਂ ਦੇ ਵ੍ਹਟਸਐਪ ਗਰੁੱਪ ਵੀ ਬਣਾਏ ਜਾਣਗੇ। ਇਨ੍ਹਾਂ ਗਰੁੱਪਾਂ ਦੇ ਮਾਧਿਅਮ ਰਾਹੀਂ ਮਾਤਾ-ਪਿਤਾ ਨੂੰ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਮਾਨਸਿਕ ਵਿਕਾਸ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਉਪਲਬਧ ਕਰਵਾਈਆਂ ਜਾਣਗੀਆਂ। ਮਾਪੇ ਕਿਸੇ ਵੀ ਸਮੇਂ ਆਪਣੇ ਬੱਚੇ ਦੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ ਅਤੇ ਲੋੜੀਂਦੀ ਸਲਾਹ ਵੀ ਲੈ ਸਕਣਗੇ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਸਭ ਤੋਂ ਵੱਡਾ ਉਦੇਸ਼ ਬੱਚਿਆਂ ਵਿੱਚ ਕੁਪੋਸ਼ਣ, ਮਾਨਸਿਕ ਵਿਕਾਸ ਵਿੱਚ ਦੇਰੀ, ਵਿਵਹਾਰ ਸਬੰਧੀ ਸਮੱਸਿਆਵਾਂ ਜਾਂ ਹੋਰ ਸਿਹਤ ਸਬੰਧੀ ਵਿਕਾਰਾਂ ਦੀ ਸ਼ੁਰੂਆਤੀ ਅਵਸਥਾ ਵਿੱਚ ਹੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਵੇਖਣਾਂ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਵਿਕਾਸ ਸਬੰਧੀ ਸਮੱਸਿਆਵਾਂ ਕੇਵਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਤੱਕ ਸੀਮਤ ਨਹੀਂ ਹਨ, ਬਲਕਿ ਅਮੀਰ (ਸੰਪੰਨ) ਪਰਿਵਾਰਾਂ ਦੇ ਬੱਚਿਆਂ ਵਿੱਚ ਵੀ ਅਜਿਹੇ ਮਾਮਲੇ ਦੇਖਣ ਨੂੰ ਮਿਲੇ ਹਨ। ਇਸ ਲਈ ਇਹ ਮੁਹਿੰਮ ਸਾਰੇ ਵਰਗਾਂ ਦੇ ਬੱਚਿਆਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਜਨਮ ਲੈਣ ਵਾਲੇ ਹਰੇਕ ਬੱਚੇ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਇਸੇ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਆਉਣ ਵਾਲੇ ਸਮੇਂ ਵਿੱਚ 6,000 ਨਵੇਂ ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਜਾਵੇਗੀ।
Share this content:



Post Comment