ਅਕਾਲੀ ਦਲ ਨੂੰ ਵੱਡਾ ਝਟਕਾ, 2027 ਦੀਆਂ ਚੋਣਾਂ ਲਈ ਬੁਢਲਾਡਾ ਤੋਂ ਉਮੀਦਵਾਰ ਦਾ ਅਸਤੀਫ਼ਾ
ਮਾਨਸਾ, 18 ਸਤੰਬਰ – ਸ੍ਰੋਮਣੀ ਅਕਾਲੀ ਦਲ ਨੂੰ ਮਾਨਸਾ ਵਿੱਚ ਇੱਕ ਝਟਕਾ ਲੱਗਾ ਹੈ। ਬੁਢਲਾਡਾ ਵਿਧਾਨ ਸਭਾ ਹਲਕੇ ਤੋਂ 2027 ਦੀਆਂ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਡਾ. ਨਿਸ਼ਾਨ ਸਿੰਘ ਨੇ ਵੀਰਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਨਾਲ ਬੁਢਲਾਡਾ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਡਾ. ਨਿਸ਼ਾਨ ਸਿੰਘ ਨੇ ਆਪਣੇ ਇਸ ਫੈਸਲੇ ਲਈ ਸਿਹਤ ਅਤੇ ਵਿੱਤੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੂੰ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ 2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਸੀ।
ਸੁਖਬੀਰ ਬਾਦਲ ਨੂੰ ਅਸਤੀਫਾ ਭੇਜਿਆ
ਡਾ. ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਉਨ੍ਹਾਂ ਨੂੰ 2017 ਅਤੇ 2022 ਦੀਆਂ ਚੋਣਾਂ ਵਿੱਚ ਬੁਢਲਾਡਾ ਤੋਂ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਸੀ ਅਤੇ 2027 ਦੀਆਂ ਚੋਣਾਂ ਲਈ ਵੀ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਅਕਾਲੀ ਦਲ ਦਾ ਧੰਨਵਾਦ
ਡਾ. ਨਿਸ਼ਾਨ ਸਿੰਘ ਨੇ ਅਕਾਲੀ ਦਲ ਵੱਲੋਂ ਦਿੱਤੇ ਗਏ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਲਈ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਹ ਫਿਲਹਾਲ ਪਾਰਟੀ ਨੂੰ ਆਪਣਾ ਪੂਰਾ ਸਮਾਂ ਦੇਣ ਤੋਂ ਅਸਮਰੱਥ ਹਨ, ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।
ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਸਮੇਂ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੰਬੇ ਸਮੇਂ ਤੱਕ ਬੁਢਲਾਡਾ ਹਲਕੇ ਦੀ ਸੇਵਾ ਕੀਤੀ ਹੈ ਅਤੇ ਉਹ ਚੰਗੇ ਤੇ ਮਾੜੇ ਦੌਰ ਵਿੱਚ ਹਲਕੇ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਡਟ ਕੇ ਖੜ੍ਹੇ ਰਹਿਣਗੇ।
Share this content:



Post Comment