ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਰਾਜ ਕੁੰਦਰਾ ਨੂੰ ਫ਼ਿਲਮ ਸਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ : ਸਕੱਤਰੇਤ ਇੰਚਾਰਜ
ਅੰਮ੍ਰਿਤਸਰ, 20 ਨਵੰਬਰ – ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇਕ ਸਮਾਗਮ ਦੌਰਾਨ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸੰਬੰਧ ਵਿਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵਲੋਂ ਉਨ੍ਹਾਂ ਨੂੰ ਫ਼ਿਲਮ ਸੰਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਵਲੋਂ ਬਣਾਈ ਜਾ ਰਹੀ ਫ਼ਿਲਮ ਸੰਬੰਧੀ ਵਿਚਾਰ ਰੱਖੇ ਸਨ। ਉਨ੍ਹਾਂ ਕਿਹਾ ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮਾਂ ਸੰਬੰਧੀ ਮਿਤੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰ: ਅ:ਤ/242 ਦੀ ਕਾਪੀ ਦਿੱਤੀ ਗਈ ਸੀ, ਜਿਸ ਵਿਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ, ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ, ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ। ਰਾਜ ਕੁੰਦਰਾ ਨੂੰ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸੰਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸਨ ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿਚ ਰੱਖਣ। ਸ. ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਕੁਝ ਅਣ-ਅਧਿਕਾਰਤ ਖਾਤਿਆਂ ਤੋਂ ਇਹ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਫ਼ਿਲਮ ਸੰਬੰਧੀ ਪ੍ਰਵਾਨਗੀ ਦਿੱਤੀ ਹੈ, ਜੋ ਕਿ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
Share this content:



Post Comment