‘ਆਪ’ ਸਰਕਾਰ ਦੇ ‘ਭ੍ਰਿਸ਼ਟਾਚਾਰ ਦਾ ਘੜਾ’ ਪੂਰੀ ਤਰ੍ਹਾਂ ਭਰਿਆ: ਕੇਵਲ ਢਿੱਲੋਂ
ਮੋਹਾਲੀ, 8 ਅਕਤੂਬਰ – ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਅਤੇ ਸੂਬੇ ਨੂੰ “ਬਰਬਾਦੀ” ਵੱਲ ਧੱਕਣ ਦਾ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਇਸ ਦਾ “ਅੰਤ ਨੇੜੇ ਹੈ”। ਢਿੱਲੋਂ ਦੀ ਇਹ ਟਿੱਪਣੀ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਤੇ ਹੋਰ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਨ ਅਤੇ ਮਾਨ ਦੇ ‘ਕੈਂਪ ਦਫ਼ਤਰ’ ਸਮੇਤ ਕਈ ਥਾਵਾਂ ‘ਤੇ ਛਾਪੇ ਮਾਰਨ ਤੋਂ ਇੱਕ ਦਿਨ ਬਾਅਦ ਆਈ ਹੈ।
ਢਿੱਲੋਂ ਨੇ ਕਿਹਾ, “ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ ਪੂਰੀ ਤਰ੍ਹਾਂ ਭਰ ਚੁੱਕਾ ਹੈ। ਜਨਤਾ ਦੇ ਪੈਸੇ ਦੀ ਕਥਿਤ ਲੁੱਟ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਹੁਣ ਸਾਹਮਣੇ ਆ ਰਹੇ ਹਨ। ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸੂਬੇ ਦੀ ਜਨਤਾ ਨੂੰ ਜਵਾਬ ਦੇਣਾ ਪਵੇਗਾ। ਇੱਥੇ ਮਾਨ ਸਰਕਾਰ ਖਿਲਾਫ ਭਾਜਪਾ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਢਿੱਲੋਂ ਨੇ ਭ੍ਰਿਸ਼ਟਾਚਾਰ ਦੇ ਪ੍ਰਤੀਕ ਵਜੋਂ ਇੱਕ ਘੜਾ ਭੰਨਿਆ। ਪ੍ਰਦਰਸ਼ਨ ਦੇ ਤਹਿਤ ਭਾਜਪਾ ਵਰਕਰਾਂ ਨੇ ਬਾਅਦ ਵਿੱਚ ‘ਆਪ’ ਸਰਕਾਰ ਦਾ ਪੁਤਲਾ ਵੀ ਫੂਕਿਆ।
ਢਿੱਲੋਂ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਖੁਦ ਨੂੰ “ਇਮਾਨਦਾਰ ਸਰਕਾਰ” ਵਜੋਂ ਪੇਸ਼ ਕਰਕੇ ਸੱਤਾ ਵਿੱਚ ਆਈ ਸੀ, ਪਰ ਹੁਣ ਭ੍ਰਿਸ਼ਟਾਚਾਰ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨਾਲ ਜੁੜੇ ਮਾਮਲੇ ਇੱਕ-ਇੱਕ ਕਰਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਸਾਰੇ ਘਟਨਾਕ੍ਰਮਾਂ ਨੂੰ ਧਿਆਨ ਨਾਲ ਦੇਖ ਰਹੇ ਹਨ ਅਤੇ ਸਹੀ ਸਮਾਂ ਆਉਣ ‘ਤੇ ਇਸ ਦਾ ਜਵਾਬ ਦੇਣਗੇ। ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਢਿੱਲੋਂ ਨੇ ਦੋਸ਼ ਲਗਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਪੁਲੀਸ ਨੂੰ ਕਈ ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਸੂਬਾ ਸਰਕਾਰ ਉਚਿਤ ਜਾਂਚ ਕਰਨ ਵਿੱਚ ਅਸਫਲ ਰਹੀ, ਜਿਸ ਕਾਰਨ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ।
Share this content:



Post Comment