ਉਮੀਦਵਾਰਾਂ ਦੀ ਪਹਿਲੀ ਸੂਚੀ ਇਸੇ ਮਹੀਨੇ ਹੋਣ ਦਾ ਐਲਾਨ : ਪਰਗਟ ਸਿੰਘ
ਫਗਵਾੜਾ, 10 ਨਵੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਪਰਗਟ ਸਿੰਘ ਇਥੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਸੇਵਾਮੁਕਤ ਪੁਲੀਸ ਅਧਿਕਾਰੀ ਪਰਮਜੀਤ ਸਿੰਘ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਪਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧਿਆ ਹੈ ਤੇ ਸੂਬੇ ਦੀ ਵਿੱਤੀ ਹਾਲਤ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਾਅਦਿਆਂ ਦੇ ਬਾਵਜੂਦ ਭ੍ਰਿਸ਼ਟਾਚਾਰ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਉਨ੍ਹਾਂ ਨਸ਼ਿਆਂ ਦੇ ਵੱਧਦੇ ਕਾਰੋਬਾਰ ਤੇ ਕਾਨੂੰਨ ਵਿਵਸਥਾ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਦੋਵਾਂ ਆਗੂਆਂ ਨੇ ਸੰਕੇਤ ਦਿੱਤਾ ਕਿ ਕਾਂਗਰਸ ਚੋਣਾਂ ਦੌਰਾਨ ਖੱਬੇ ਪੱਖੀ ਪਾਰਟੀਆਂ ਨਾਲ ਸਮਝੌਤੇ ਦੀ ਸੰਭਾਵਨਾ ’ਤੇ ਵਿਚਾਰ ਕਰ ਸਕਦੀ ਹੈ।
ਇਥੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਜਾਣ ਤੋਂ ਪਹਿਲਾਂ ਦੋਵਾਂ ਆਗੂਆਂ ਨੇ ਕਿਹਾ ਕਿ ‘ਆਪ’, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਨੀਤੀਆਂ ਨੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਹੈ। ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਿਆ। ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ਿਆਂ ਦੀ ਸਮੱਸਿਆ, ਬੇਅਦਬੀ ਦੀਆਂ ਘਟਨਾਵਾਂ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਮੁੱਦੇ ਲਗਾਤਾਰ ਚਰਚਾ ’ਚ ਰਹੇ ਹਨ। ਕਿਸਾਨਾਂ, ਖੇਤੀਬਾੜੀ ਅਤੇ ਪੰਜਾਬ ਦੇ ਆਰਥਿਕ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਰਵੱਈਆ ਚਿੰਤਾਜਨਕ ਰਿਹਾ ਹੈ।
Share this content:



Post Comment