ਏ ਡੀ ਜੀ ਪੀ ਦਾ ਸਰਕਾਰੀ ਸਨਮਾਨ ਨਾਲ ਸਸਕਾਰ
ਹਰਿਆਣਾ, 16 ਅਕਤੂਬਰ – ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦਾ ਅੱਜ 9 ਦਿਨਾਂ ਮਗਰੋਂ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਏ ਡੀ ਜੀ ਪੀ ਦੀਆਂ ਦੋਵੇਂ ਧੀਆਂ ਆਦਿਤੀ ਅਤੇ ਅਮੁੱਲਿਆ ਨੇ ਚਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ, ਸ਼ਿਆਮ ਸਿੰਘ ਰਾਣਾ, ਹਰਿਆਣਾ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਸੁਮਿਤਾ ਮਿਸ਼ਰਾ, ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਹਰਿਆਣਾ ਦੇ ਨਵੇਂ ਡੀ ਜੀ ਪੀ ਓਮ ਪ੍ਰਕਾਸ਼ ਸਿੰਘ ਸਣੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਡੀ ਗਿਣਤੀ ਆਗੂ, ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀ ਮੌਜੂਦ ਸਨ।
ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਐੱਸ ਐੱਸ ਪੀ ਕੰਵਰਦੀਪ ਕੌਰ ਨੇ ਤੜਕੇ ਵਾਈ ਪੂਰਨ ਕੁਮਾਰ ਦੇ ਘਰ ਪਹੁੰਚ ਕੇ ਪਤਨੀ ਅਮਨੀਤ ਪੀ ਕੁਮਾਰ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ ਜਿਸ ਮਗਰੋਂ ਪਰਿਵਾਰ ਪੀ ਜੀ ਆਈ ਵਿੱਚ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋਇਆ। ਇਸ ਮਗਰੋਂ ਮੈਡੀਕਲ ਬੋਰਡ ਦੀ ਨਿਗਰਾਨੀ ਹੇਠ ਪੋਸਟਮਾਰਟਮ ਕੀਤਾ ਗਿਆ ਜਿਸ ਨੂੰ ਚਾਰ ਘੰਟੇ ਤੋਂ ਵੱਧ ਸਮਾਂ ਲੱਗਿਆ ਅਤੇ ਇਸ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਇਸ ਤੋਂ ਬਾਅਦ ਦੇਹ ਨੂੰ ਸੈਕਟਰ 24 ਸਥਿਤ ਘਰ ਵਿੱਚ ਲਿਆਂਦਾ ਗਿਆ, ਜਿੱਥੋਂ 3.30 ਵਜੇ ਦੇ ਕਰੀਬ ਅੰਤਿਮ ਯਾਤਰਾ ਸ਼ੁਰੂ ਹੋਈ। ਸ਼ਾਮ 4 ਵਜੇ ਦੇ ਕਰੀਬ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 11 ਸਥਿਤ ਕੋਠੀ ਵਿੱਚ ਖੁਦਕੁਸ਼ੀ ਕਰ ਲਈ ਸੀ। ਪੁਲੀਸ ਨੂੰ ਘਟਨਾ ਵਾਲੀ ਥਾਂ ਤੋਂ 9 ਪੰਨਿਆਂ ਦਾ ਖੁਦਕੁਸ਼ੀ ਪੱਤਰ ਮਿਲਿਆ ਸੀ ਜਿਸ ਵਿੱਚ ਹਰਿਆਣਾ ਦੇ ਡੀ ਜੀ ਪੀ ਸ਼ਤਰੂਜੀਤ ਕਪੂਰ, ਰੋਹਤਕ ਦੇ ਐੱਸ ਪੀ ਨਰੇਂਦਰ ਬਿਜਾਰਨੀਆ ਸਣੇ ਇਕ ਦਰਜਨ ਤੋਂ ਵੱਧ ਅਧਿਕਾਰੀਆਂ ’ਤੇ ਉਨ੍ਹਾਂ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਸਨ।
ਪਰਿਵਾਰ ਨੇ ਖੁਦਕੁਸ਼ੀ ਪੱਤਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਪਰਿਵਾਰ ਡੀ ਜੀ ਪੀ ਅਤੇ ਐੱਸ ਪੀ ਦੀ ਗ੍ਰਿਫ਼ਤਾਰੀ ਲਈ ਅੜਿਆ ਰਿਹਾ ਅਤੇ ਉਸ ਨੇ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹਰਿਆਣਾ ਸਰਕਾਰ ਨੇ ਬੀਤੇ ਦਿਨੀਂ ਡੀ ਜੀ ਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿੱਤਾ ਸੀ। ਚੰਡੀਗੜ੍ਹ ਪੁਲੀਸ ਨੇ ਪੋਸਟਮਾਰਟਮ ਲਈ ਜ਼ਿਲ੍ਹਾ ਅਦਾਲਤ ਦਾ ਵੀ ਰੁਖ਼ ਕੀਤਾ ਸੀ। ਰੋਹਤਕ ਵਿੱਚ ਏ ਐੱਸ ਆਈ ਸੰਦੀਪ ਕੁਮਾਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਮਗਰੋਂ ਬਣੇ ਹਾਲਾਤ ਦੇ ਮੱਦੇਨਜ਼ਰ ਪਰਿਵਾਰ ਨੇ ਪੋਸਟਮਾਰਟਮ ਲਈ ਸਹਿਮਤੀ ਜਤਾਈ ਹੈ।
Share this content:



Post Comment