Loading Now

ਐਸਜੀਪੀਸੀ ਨੇ ਲਿਆ ਵੱਡਾ ਐਕਸ਼ਨ, ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਕੀਤਾ ਸਸਪੈਂਡ

ਐਸਜੀਪੀਸੀ ਨੇ ਲਿਆ ਵੱਡਾ ਐਕਸ਼ਨ, ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਕੀਤਾ ਸਸਪੈਂਡ

ਮੋਹਾਲੀ, 4 ਫਰਵਰੀ – ਮੋਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਅੰਬ ਸਾਹਿਬ ਨਾਲ ਸਬੰਧਤ ਪਿੰਡ ਸੈਣੀ ਮਾਜਰਾ ਵਿੱਚ 44 ਮਰਲੇ ਜ਼ਮੀਨ ਦੀ ਗੈਰਕਾਨੂੰਨੀ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਮੀਨ ਦੀ ਰਜਿਸਟਰੀ ਅਤੇ ਤਬਾਦਲਾ ਰੱਦ ਕਰਵਾਉਣ ਲਈ ਐਸਡੀਐਮ ਅਤੇ ਤਹਿਸੀਲਦਾਰ ਨਾਲ ਸੰਪਰਕ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਮਾਮਲਾ ਕੱਲ੍ਹ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਜਾਂਚ ਦੌਰਾਨ ਮੈਨੇਜਰ ਨੇ ਵੀ ਮਾਮਲੇ ਨੂੰ ਮੰਨ ਲਿਆ ਹੈ। ਜਾਣਕਾਰੀ ਅਨੁਸਾਰ ਇਹ ਜ਼ਮੀਨ ਚਾਰ ਲੋਕਾਂ ਨੂੰ ਵੇਚੀ ਗਈ ਸੀ।

ਕਾਬਿਲੇਗੌਰ ਹੈ ਕਿ ਇਸ ਮਾਮਲੇ ਸਬੰਧੀ ਸਖ਼ਤ ਰੁਖ਼ ਅਪਣਾਉਂਦੇ ਹੋਏ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਖੁੱਲ੍ਹੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਇਸ ਮਾਮਲੇ ਨੂੰ ਜਲਦੀ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਪੰਥਕ ਲਹਿਰ ਵੱਲੋਂ ਪੱਕਾ ਮੋਰਚਾ ਲਗਾਇਆ ਜਾਵੇਗਾ। ਗਿਆਨੀ ਰਣਜੀਤ ਸਿੰਘ ਨੇ ਸਵਾਲ ਚੁੱਕਿਆ ਕਿ ਰਜਿਸਟਰੀ ਕਰਵਾਉਣ ਲਈ ਕਿਸ ਨੇ ਪ੍ਰਵਾਨਗੀ ਦਿੱਤੀ ਅਤੇ ਜ਼ਮੀਨ ਦੀ ਵਿਕਰੀ ਤੋਂ ਮਿਲੇ ਪੈਸੇ ਕਿਸ ਖਾਤੇ ਵਿੱਚ ਜਮ੍ਹਾ ਕਰਵਾਏ ਗਏ। ਉਨ੍ਹਾਂ ਮੰਗ ਕੀਤੀ ਸੀ ਕਿ ਸਾਰੇ ਦਸਤਾਵੇਜ਼ ਜਨਤਕ ਕੀਤੇ ਜਾਣ ਤਾਂ ਜੋ ਸੱਚ ਸਾਹਮਣੇ ਆ ਸਕੇ। ਦੂਜੇ ਪਾਸੇ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਵੀ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਲਿਖਤੀ ਸ਼ਿਕਾਇਤ ਭੇਜੀ ਜਾ ਚੁੱਕੀ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

Share this content:

Post Comment