ਓਮੈਕਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ’ਤੇ ਰੋਕ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 9 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਉਸ ਨੋਟੀਫਿਕੇਸ਼ਨ ’ਤੇ ਰੋਕ ਲਾ ਦਿੱਤੀ ਹੈ, ਜਿਸ ਤਹਿਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 23.2939 ਏਕੜ ਜ਼ਮੀਨ ‘ਮੈੱਸਰਜ਼ ਓਮੈਕਸ ਨਿਊ ਚੰਡੀਗੜ੍ਹ ਡਿਵੈਲਪਰਜ਼ ਪ੍ਰਾਈਵੇਟ ਲਿਮਿਟਡ’ ਲਈ ਐਕੁਆਇਰ ਕੀਤੀ ਜਾਣੀ ਸੀ।ਜਸਟਿਸ ਦੀਪਕ ਸਿੱਬਲ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਅੰਤਰਿਮ ਹੁਕਮ ਜਾਰੀ ਕਰਦਿਆਂ ਕਿਹਾ ਕਿ 9 ਜੁਲਾਈ ਦੇ ਨੋਟੀਫਿਕੇਸ਼ਨ ਦਾ ਅਮਲ ਰੁਕਿਆ ਰਹੇਗਾ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਨੂੰ ਤੈਅ ਕੀਤੀ ਹੈ ਅਤੇ ਮਾਮਲੇ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਸਤਨਾਮ ਸਿੰਘ ਅਤੇ ਹੋਰਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਆਏ ਹਨ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਸ਼ਵਨੀ ਕੁਮਾਰ ਚੋਪੜਾ ਅਤੇ ਵਕੀਲ ਅਕਸ਼ਿਤ ਚੌਧਰੀ ਨੇ ਬੈਂਚ ਅੱਗੇ ਦਲੀਲ ਦਿੱਤੀ ਕਿ ਇਸ ਨੋਟੀਫਿਕੇਸ਼ਨ ਰਾਹੀਂ ਪੰਜਾਬ ਸਰਕਾਰ ਜ਼ਿਲ੍ਹਾ ਐੱਸ ਏ ਐੱਸ ਨਗਰ (ਮੁਹਾਲੀ) ਦੇ ਵੱਖ-ਵੱਖ ਪਿੰਡਾਂ ਵਿੱਚ 23.2939 ਏਕੜ ਜ਼ਮੀਨ ਐਕੁਆਇਰ ਕਰਨਾ ਚਾਹੁੰਦੀ ਹੈ, ਜਿਸ ਵਿੱਚ ਪਟੀਸ਼ਨਰਾਂ ਦੀ ਜ਼ਮੀਨ ਵੀ ਸ਼ਾਮਲ ਹੈ। ਸੀਨੀਅਰ ਵਕੀਲ ਨੇ ਇਹ ਵੀ ਦਲੀਲ ਦਿੱਤੀ ਕਿ ਨੋਟੀਫਿਕੇਸ਼ਨ ਵਿੱਚ ਇਹ ਲਿਖਿਆ ਹੋਇਆ ਹੈ ਕਿ ਇਹ ਐਕੁਆਇਰਮੈਂਟ ‘ਮੈੱਸਰਜ਼ ਓਮੈਕਸ ਨਿਊ ਚੰਡੀਗੜ੍ਹ ਡਿਵੈਲਪਰਜ਼ ਪ੍ਰਾਈਵੇਟ ਲਿਮਿਟਡ’ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਇਹ ਜ਼ਮੀਨ ਯੋਜਨਾਬੱਧ ਵਿਕਾਸ ਲਈ ਇੱਕ ਪ੍ਰਾਜੈਕਟ ਵਾਸਤੇ ਐਕੁਆਇਰ ਕੀਤੀ ਜਾ ਰਹੀ ਹੈ। ਇਸ ਲਈ ਗ੍ਰਾਮ ਸਭਾ ਤੇ ਜ਼ਮੀਨ ਮਾਲਕਾਂ ਦੀ ਪਹਿਲਾਂ ਸਹਿਮਤੀ ਦੀ ਲੋੜ ਨਹੀਂ ਹੈ।
Share this content:


Post Comment