Loading Now

ਕੁੰਵਰ ਵਿਜੇ ਪ੍ਰਤਾਪ ਨੇ ਛੱਡੀ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕੁੰਵਰ ਵਿਜੇ ਪ੍ਰਤਾਪ ਨੇ ਛੱਡੀ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 2 ਨਵੰਬਰ – ਪੰਜਾਬ ਦੀ ਸਿਆਸਤ ‘ਚ ਇੱਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 1 ਨਵੰਬਰ ਨੂੰ ਆਪਣਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ। ਅਸਤੀਫ਼ੇ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਪੀਕਰ ਨੂੰ ਸੰਬੋਧਨ ਕਰਦਿਆਂ ਸਦਨ ‘ਚ ਆਪਣੀ ਸੀਟ ਛੱਡਣ ਦੀ ਗੱਲ ਕਹੀ ਹੈ। ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਨੇ ‘ਮਾਈ-ਬਾਪ ਕਲਚਰ’ ਖ਼ਤਮ ਕਰਨ ਦੀ ਗੱਲ ਵੀ ਕਹੀ ਹੈ।

ਅਸਤੀਫ਼ੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅੰਮ੍ਰਿਤਸਰ ਵਾਸੀਆਂ ਨੂੰ ਸੰਦੇਸ਼

ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਵੱਲੋਂ ਮਿਲੇ ਪਿਆਰ ਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਖ਼ਰੀ ਸਾਹ ਤੱਕ ਲੋਕਾਂ ਦੇ ਰਿਣੀ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਬਤੌਰ ਵਿਧਾਇਕ ਉਹ ਆਪਣਾ 90 ਫ਼ੀਸਦੀ ਟੀਚਾ ਪੂਰਾ ਕਰ ਚੁੱਕੇ ਹਨ। ਉਨ੍ਹਾਂ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ‘ਚੋਂ ‘ਮਾਈ-ਬਾਪ ਕਲਚਰ’ ਖ਼ਤਮ ਕਰਨਾ ਦੱਸਿਆ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ‘ਚ ਅੰਮ੍ਰਿਤਸਰ ਦੇ ਪਾਣੀ, ਸੀਵਰੇਜ, ਕੰਪਨੀ ਬਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਬਰਗਾੜੀ ਬੇਅਦਬੀ ਸਮੇਤ ਕਈ ਅਹਿਮ ਮੁੱਦੇ ਚੁੱਕੇ। ਉਨ੍ਹਾਂ ਕਿਹਾ ਕਿ ਅੱਗੇ ਵੀ ਲੋਕਾਂ ਨਾਲ ਮਿਲ ਕੇ ਸਾਫ਼-ਸੁਥਰੀ ਰਾਜਨੀਤੀ ਤੇ ਸਵੱਛ ਪ੍ਰਸ਼ਾਸਨ ਲਈ ਕੰਮ ਕਰਨਗੇ। ਉਨ੍ਹਾਂ ਦਾ ਇਕੋ-ਇਕ ਮਕਸਦ ‘ਪੰਜਾਬ ਫਸਟ’ ਹੈ।

AAP ਨੇ 5 ਸਾਲ ਲਈ ਕੀਤਾ ਸੀ ਮੁਅੱਤਲ

ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਿਚਾਲੇ ਪਿਛਲੇ ਸਮੇਂ ਤੋਂ ਮਤਭੇਦ ਸਾਹਮਣੇ ਆਉਂਦੇ ਰਹੇ ਹਨ। ਜੂਨ 2025 ‘ਚ ਪਾਰਟੀ ਨੇ ਉਨ੍ਹਾਂ ਨੂੰ 5 ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਹ ਕਾਰਵਾਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ‘ਤੇ ਸਵਾਲ ਚੁੱਕਣ ਤੋਂ ਬਾਅਦ ਕੀਤੀ ਗਈ ਸੀ। ਸਾਬਕਾ ਆਈਪੀਐੱਸ ਅਧਿਕਾਰੀ ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਵੀ ਆਪਣੀ ਹੀ ਸਰਕਾਰ ਅਤੇ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦੇ ਰਹੇ ਹਨ। ਇਸ ਤੋਂ ਪਹਿਲਾਂ ਉਹ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਵੀ ਚਰਚਾ ਵਿੱਚ ਰਹੇ ਹਨ। ਉਹ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਦਾ ਹਿੱਸਾ ਰਹਿ ਚੁੱਕੇ ਹਨ।

Share this content:

Post Comment