ਕੇਂਦਰ ਸਰਕਾਰ ਦੀ ਆਰਥਿਕ ਕਾਰਗੁਜ਼ਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਇਸੇ ਮਹੀਨੇ ਆਪਣੇ ਕਾਰਜਕਾਲ ਦੇ 12 ਸਾਲ ਪੂਰੇ ਕਰ ਲਏ ਹਨ। ਪਹਿਲੇ 10 ਸਾਲਾਂ ਦੌਰਾਨ ਭਾਜਪਾ ਦੀ ਇਕੱਲਿਆਂ ਦੀ ਸਰਕਾਰ ਸੀ ਪਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਚੰਗਾ ਪ੍ਰਦਰਸ਼ਨ ਨਾ ਹੋਣ ਕਾਰਨ ਭਾਜਪਾ ਨੂੰ ਕਈ ਖੇਤਰੀ ਪਾਰਟੀਆਂ ਦੇ ਸਹਿਯੋਗ ਨਾਲ ਰਲੀ-ਮਿਲੀ ਸਰਕਾਰ ਬਣਾਉਣ ਲਈ ਮਜਬੂਰ ਹੋਣਾ ਪਿਆ। ਹੁਣ ਪੱਛਮੀ ਬੰਗਾਲ ਵਿੱਚ ਟੀ ਐੱਮ ਸੀ ਦੀ ਹਾਰ ਤੋਂ ਟੀ ਐੱਮ ਸੀ ਦੇ ਬਾਗੀ ਸੰਸਦ ਮੈਂਬਰਾਂ ਵੱਲੋਂ ਸਮਰਥਨ ਦੇਣ ਤੋਂ ਬਾਅਦ ਸਰਕਾਰ ਹੋਰ ਮਜ਼ਬੂਤ ਹੋਈ ਹੈ। ਹੁਣ ਰਲੀ-ਮਿਲੀ ਸਰਕਾਰ ਨੇ ਵੀ ਦੋ ਸਾਲ ਪੂਰੇ ਕਰ ਲਏ ਹਨ। ਇਸ ਲੇਖ ਵਿੱਚ ਮੌਜੂਦਾ ਕੇਂਦਰ ਸਰਕਾਰ ਦੀ 12 ਸਾਲਾਂ ਦੀ ਆਰਥਿਕ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੌਜੂਦਾ ਸਰਕਾਰ ਨੇ ਪਿਛਲੀ ਸਰਕਾਰ ਤੋਂ ਵਿਰਸੇ ਵਿੱਚ ਵਿੱਤੀ ਸਾਲ 2014-15 ਦੌਰਾਨ ਚੰਗੀ ਆਰਥਿਕ ਹਾਲਤ ਵਿੱਚ ਅਰਥ-ਵਿਵਸਥਾ ਨੂੰ ਸੰਭਾਲਿਆ ਸੀ ਕਿਉਂਕਿ ਉਸ ਵਿੱਤੀ ਸਾਲ ਦੌਰਾਨ ਕੁੱਲ ਘਰੇਲੂ ਉਤਪਾਦ ਦੀ ਵਿਕਾਸ ਦਰ 7.4 ਪ੍ਰਤੀਸ਼ਤ ਅਤੇ ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧੇ ਦੀ ਦਰ 6.2 ਪ੍ਰਤੀਸ਼ਤ ਸੀ। ਸਰਕਾਰ ਦੇ ਸੱਤਾ ਸੰਭਾਲਣ ਦੇ ਤਿੰਨ ਮਹੀਨਿਆਂ ਬਾਅਦ ਅਗਸਤ 2014 ਵਿੱਚ ਦੁਨੀਆ ਭਰ ਵਿੱਚ ਕੱਚੇ ਤੇਲ ਅਤੇ ਹੋਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਜਿਸ ਨੇ ਪਹਿਲਾਂ ਤੋਂ ਹੀ ਚੰਗੀ ਆਰਥਿਕ ਤਰੱਕੀ ਕਰ ਰਹੀ ਭਾਰਤ ਦੀ ਅਰਥ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ। ਨਤੀਜੇ ਵਜੋਂ ਵਿੱਤੀ ਸਾਲ 2016-17 ਵਿੱਚ ਕੁੱਲ ਘਰੇਲੂ ਉਤਪਾਦ ਦੀ ਵਿਕਾਸ ਦਰ ਵਿੱਚ 8.3 ਪ੍ਰਤੀਸ਼ਤ ਅਤੇ ਪ੍ਰਤੀ ਵਿਅਕਤੀ ਆਮਦਨ ਦਰ ਵਿੱਚ 6.9 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਅਗਲੇ ਸਾਲਾਂ ਵਿੱਚ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ ਅਤੇ ਪ੍ਰਤੀ ਵਿਅਕਤੀ ਆਮਦਨ ਦੇ ਵਾਧੇ ਦੀ ਦਰ ਘਟ ਗਈ।
ਇਹ ਵੀ ਸੱਚ ਹੈ ਕਿ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 2014-15 ਤੋਂ ਹੁਣ ਤੱਕ ਦੁੱਗੁਣੀ ਹੋ ਗਈ ਹੈ। ਪ੍ਰਚੱਲਿਤ ਕੀਮਤਾਂ ’ਤੇ 2014-15 ਵਿੱਚ ਪ੍ਰਤੀ ਵਿਅਕਤੀ ਆਮਦਨ 86,647 ਰੁਪਏ ਸੀ ਜਿਹੜੀ ਕਿ 2025-26 ਵਿੱਚ ਦੁੱਗਣੀ ਤੋਂ ਵੀ ਜ਼ਿਆਦਾ ਵਧ ਕੇ 2,19,575 ਰੁਪਏ ਹੋ ਗਈ ਹੈ। ਇਥੇ ਸਪੱਸ਼ਟ ਕਰਨਾ ਬਣਦਾ ਹੈ ਕਿ ਜਦੋਂ ਕੁੱਲ ਘਰੇਲੂ ਪੈਦਾਵਾਰ ਅਤੇ ਪ੍ਰਤੀ ਵਿਅਕਤੀ ਆਮਦਨ ਦਾ ਮੁਕਾਬਲਤਨ ਅਧਿਐਨ ਪ੍ਰਚੱਲਿਤ ਕੀਮਤਾਂ ਅਨੁਸਾਰ ਕੀਤਾ ਜਾਂਦਾ ਹੈ ਤਾਂ ਇਹ ਸਹੀ ਤਸਵੀਰ ਪੇਸ਼ ਨਹੀਂ ਕਰਦੀ ਕਿਉਂਕਿ ਇਸ ਵਿੱਚ ਮਹਿੰਗਾਈ ਵੀ ਸ਼ਾਮਲ ਹੁੰਦੀ ਹੈ। ਇਸ ਲਈ ਅਸਲ ਸਥਿਤੀ ਉਦੋਂ ਹੀ ਸਾਹਮਣੇ ਆਉਂਦੀ ਹੈ ਜਦੋਂ ਇਨ੍ਹਾਂ ਦਾ ਮੁਕਾਬਲਤਨ ਅਧਿਐਨ ਸਥਿਰ ਕੀਮਤਾਂ ’ਤੇ ਕੀਤਾ ਜਾਵੇ। ਅਸਲ ਵਿੱਚ 2011-12 ਦੀਆਂ ਸਥਿਰ ਕੀਮਤਾਂ ਦੇ ਹਿਸਾਬ ਨਾਲ ਇਹ ਵਾਧਾ ਦੁੱਗਣਾ ਨਾ ਹੋ ਕੇ ਕੇਵਲ 54 ਪ੍ਰਤੀਸ਼ਤ ਦੇ ਨੇੜੇ ਹੀ ਰਿਹਾ ਕਿਉਂਕਿ 2014-15 ਵਿੱਚ ਸਥਿਰ ਕੀਮਤਾਂ ਅਨੁਸਾਰ ਪ੍ਰਤੀ ਵਿਅਕਤੀ ਆਮਦਨ 72,805 ਰੁਪਏ ਤੋਂ ਵਧ ਕੇ 2024-25 ਵਿੱਚ 1,33,488 ਰੁਪਏ ਹੋ ਗਈ ਹੈ। ਪਰ ਜੇਕਰ ਇਸ ਤੋਂ ਪਹਿਲਾਂ ਦੇ 10 ਸਾਲਾਂ ਵਿੱਚ ਪ੍ਰਤੀ ਵਿਅਕਤੀ ਆਮਦਨ ਦੇ ਵਾਧੇ ਨੂੰ ਦੇਖਿਆ ਜਾਵੇ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧੇ ਦੇ ਮਾਮਲੇ ਵਿੱਚ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਅੱਛੀ ਨਹੀਂ ਰਹੀ ਕਿਉਂਕਿ ਕਾਂਗਰਸ ਦੀ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਸਮੇਂ 10 ਸਾਲਾਂ ਵਿੱਚ ਇਹ ਵਾਧਾ ਪ੍ਰਚੱਲਿਤ ਕੀਮਤਾਂ ’ਤੇ 157 ਪ੍ਰਤੀਸ਼ਤ ਸੀ ਭਾਵ 2006-07 ਵਿੱਚ ਪ੍ਰਤੀ ਵਿਅਕਤੀ ਆਮਦਨ 33,717 ਰੁਪਏ ਤੋਂ ਵਧ ਕੇ 2014-15 ਵਿੱਚ 86,647 ਰੁਪਏ ਹੋ ਗਈ ਸੀ। ਇਸੇ ਸਮੇਂ ਦੌਰਾਨ ਸਥਿਰ ਕੀਮਤਾਂ ’ਤੇ ਪ੍ਰਤੀ ਵਿਅਕਤੀ ਆਮਦਨ 51,431 ਰੁਪਏ ਤੋਂ ਵਧ ਕੇ 72,805 ਰੁਪਏ ਹੋ ਗਈ ਭਾਵ ਇਹ ਵਾਧਾ 42 ਪ੍ਰਤੀਸ਼ਤ ਦੇ ਨੇੜੇ ਸੀ।
Share this content:



Post Comment